ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਕੋਵਿਡ-19 ਕੋਰੋਨਾ ਵਾਇਰਸ ਦੇ ਟੈਸਟ ਕੀਤੇ ਜਾਂਦੇ ਹਨ। ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਬਿਮਾਰੀ ਦੇ ਲੱਛਣ ਜਿਵੇਂ ਕਿ ਬੁਖਾਰ, ਸੁੱਕੀ ਖੰਘ, ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਪ੍ਰਤੀਤ ਹੁੰਦੇ ਹੋਣ ਤਾਂ ਉਹ ਸਿਵਲ ਹਸਪਤਾਲ ਬਟਾਲਾ ਵਿਖੇ ਸਥਾਪਿਤ ਕੀਤੇ ਗਏ ਫਲੂ ਕਾਰਨਰ ਵਿੱਚ ਜਾ ਕੇ ਕਰੋਨਾ ਵਾਇਰਸ ਦਾ ਟੈਸਟ ਕਰਵਾਏ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਲੱਛਣ ਹੋਣ ਤਾਂ ਉਹ ਤੁਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਸੰਪਰਕ ਕਰੇ।
ਡਾ. ਸੰਜੀਵ ਕੁਮਾਰ ਭੱਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਲਾਗ ਦੀ ਬਿਮਾਰੀ ਹੈ ਅਤੇ ਇਸਤੋਂ ਬਚਣ ਲਈ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮੂੰਹ ਉੱਪਰ ਮਾਸਕ ਪਾਉਣਾ ਚਾਹੀਦਾ ਹੈ ਅਤੇ ਬਾਰ-ਬਾਰ ਹੱਥਾਂ ਨੂੰ ਸਾਬਣ ਨਾਲ ਧੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਕਿਸੇ ਵੀ ਭੀੜ ਵਾਲੀ ਥਾਂ ’ਤੇ ਨਾ ਜਾਇਆ ਜਾਵੇ। ਡਾ. ਭੱਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਅਜੇ ਖਤਮ ਨਹੀਂ ਹੋਇਆ ਹੈ ਅਤੇ ਇਸਦੇ ਮਰੀਜ਼ ਬਟਾਲਾ ਸਿਵਲ ਹਸਪਤਾਲ ਵਿੱਚ ਵੀ ਦਾਖਲ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਦੱਸੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।