ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਪਾਣੀ ਨਾ ਇਕੱਠਾ ਹੋਣ ਦਿਓ

619

ਨੈਸ਼ਨਲ ਡੇਂਗੂ ਦਿਵਸ ਮੌਕੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਡੇਂਗੂ ਦੀ ਰੋਕਥਾਮ, ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਡੇਂਗੂ ਬੁਖ਼ਾਰ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਅਤੇ ਅੱਜ ਦੇ ਦਿਨਾਂ ਵਿੱਚ ਵਾਤਾਵਰਨ ਅਤੇ ਤਾਪਮਾਨ ਡੇਂਗੂ ਦੇ ਵਾਇਰਸ ਅਤੇ ਇਸ ਨੂੰ ਫੈਲਾਉਣ ਵਾਲੇ ਮੱਛਰਾਂ ਲਈ ਬਹੁਤ ਢੁਕਵਾਂ ਹੈ, ਇਸ ਲਈ ਡੇਂਗੂ ਦੇ ਲੱਛਣਾਂ ਅਤੇ ਡੇਂਗੂ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਹੋਣਾ ਜ਼ਰੂਰੀ ਹੈ । ਉਨ੍ਹਾਂ ਦੱਸਿਆ ਕਿ ਇੱਕ ਦਮ ਤੇਜ਼ ਬੁਖ਼ਾਰ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪੱਠਿਆ ਵਿੱਚ ਦਰਦ, ਜੀ ਕੱਚਾ ਹੋਣਾ, ਉਲਟਿਆਂ ਆਉਣਾ, ਨੱਕ, ਮੂੰਹ, ਜਬਾੜ੍ਹਿਆਂ ਵਿਚੋਂ ਖ਼ੂਨ ਆਉਣਾ ਤੇ ਚਮੜੀ ਤੇ ਨੀਲ ਪੈਣਾ ਡੇਂਗੂ ਬੁਖ਼ਾਰ ਦੇ ਲੱਛਣ ਹਨ।
ਉਨ੍ਹਾਂ ਦੱਸਿਆ ਕਿ ਡੇਂਗੂ ਜਿਹੀ ਭਿਆਨਕ ਬਿਮਾਰੀ ਤੋ ਬਚਣ ਲਈ ਸਾਨੂੰ ਘਰਾਂ ਦੇ ਆਲ਼ੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨਾ ਵੀ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਸਿਹਤ ਵਿਭਾਗ ਵੱਲੋਂ ਡਰਾਈ-ਡੇ, ਡਰਾਈ-ਡੇ ਦਾ ਨਾਰਾ ਦਿੱਤਾ ਗਿਆ ਹੈ। ਜਿਸ ਤੋਂ ਭਾਵ ਹੈ ਕਿ ਸਮੂਹ ਘਰਾਂ ਅਤੇ ਸੰਸਥਾਵਾਂ ਵਿਖੇ ਲੱਗੇ ਕੂਲਰਾਂ ਦਾ ਪਾਣੀ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸੁਕਾਇਆ ਜਾਵੇ ਕਿਉਂਕਿ ਕੂਲਰਾਂ ਵਿੱਚ ਖੜ੍ਹਾ ਪਾਣੀ ਡੇਂਗੂ ਦੇ ਲਾਰਵੇ ਦੇ ਪਨਪਣ ਦਾ ਵੱਡਾ ਸਬੱਬ ਬਣਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਟੇਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਖੇ ਮੁਫ਼ਤ ਉਪਲਬਧ ਹਨ।