ਮੋਦੀ ਸਰਕਾਰ ਦੇ ਤੁਗਲਕੀ ਫ਼ੈਸਲਿਆਂ ਖਿਲਾਫ਼ ਕਿਸਾਨ ਮਜ਼ਦੂਰ ਕਰਨਗੇ 21 ਜੁਲਾਈ ਨੂੰ ਪ੍ਰਦਰਸ਼ਨ

231

ਪੰਜਾਬ ਨੈਟਵਰਕ, ਫਿਰੋਜ਼ਪੁਰ:-

ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਤੇ ਬੀਬੀਆਂ ਵੱਲੋਂ ਮੋਦੀ ਸਰਕਾਰ ਦੁਆਰਾ ਕੀਤੇ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਖਿਲਾਫ਼ 21 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਅੱਗੇ ਡੇਰੇ ਲਾਉਣ ਦਾ ਐਲਾਨ, ਇਸ ਦੀ ਤਿਆਰੀ ਸਬੰਧੀ ਅੱਜ ਪਿੰਡ ਆਸਲ ਵਿਖੇ ਜ਼ਿਲ੍ਹਾ ਕਮੇਟੀ ਮੈਂਬਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਕਰਕੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕ ਜਾਗਰੁਕਤਾ ਮੁਹਿੰਮ ਤਹਿਤ ਪੈਂਫਲਿਟ ਵੰਡਣ, ਮੀਟਿੰਗਾਂ ਕਰਨ, ਜਥੇ ਮਾਰਚ, ਪ੍ਰਭਾਤ ਫੇਰੀਆਂ ਕੱਢਣ ਆਦਿ ਕਿਸਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਸਬੀਰ ਸਿੰਘ ਪਿੱਦੀ, ਰਣਬੀਰ ਸਿੰਘ ਠੱਠਾ ਨੇ ਕਿਹਾ ਕਿ 21 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਘਰ ਅੱਗੇ ਡੇਰੇ ਲਾਉਣ ਲਈ ਹਜ਼ਾਰਾਂ ਕਿਸਾਨ ਮਜ਼ਦੂਰ ਬੀਬੀਆਂ ਪਿੰਡ ਬਾਦਲ ਪਹੁੰਚਣਗੇ ਤੇ ਮੋਦੀ ਸਰਕਾਰ ਵੱਲੋਂ ਕੀਤੇ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਦੇ ਖਰੜੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਨਗੇ। ਕਿਸਾਨ ਆਗੂਆਂ ਨੇ ਅੱਗੇ ਗੱਲ ਕਰਦੇ ਕਿਹਾ ਕਿ ਮੋਦੀ ਸਰਕਾਰ ਨੇ ਪਿਛਲੇ 6 ਸਾਲਾਂ ਵਿੱਚ ਨੋਟਬੰਦੀ, ਇੱਕ ਦੇਸ਼ ਇੱਕ ਟੈਕਸ, ਇੱਕ ਦੇਸ਼ ਇੱਕ ਰਾਸ਼ਨ ਕਾਰਡ, ਜਨਤਕ ਅਦਾਰਿਆਂ ਦਾ ਨਿੱਜੀਕਰਨ, ਇੱਕ ਦੇਸ਼ ਇੱਕ ਮੰਡੀ, ਨਾਗਰਿਕਤਾ ਸੋਧ ਬਿੱਲ, ਨਾਗਰਿਕਤਾ ਰਜਿਸਟਰਡ ਵਰਗੇ ਦੇਸ਼ ਨੂੰ ਹਰ ਪੱਖੋਂ ਬਰਬਾਦ ਕਰਨ ਵਾਲੇ ਫ਼ੈਸਲੇ ਕੀਤੇ ਹਨ।

ਦੇਸ਼ ਦੀ ਜਨਤਾ ਵਿੱਚ ਧਾਰਮਿਕ, ਰਾਜਨੀਤਕ,ਆਰਥਿਕ, ਸਮਾਜਿਕ ਆਦਿ ਵਿਸ਼ਿਆਂ ਉੱਤੇ ਬੇਚੈਨੀ ਫੈਲੀ ਹੋਈ ਅਤੇ ਅਫਰਾ- ਤਫਰੀ ਦਾ ਮਾਹੌਲ ਬਣ ਚੁੱਕਾ ਹੈ। ਦੇਸ਼ ਦੀਆਂ 7000 ਤੇ ਪੰਜਾਬ ਦੀਆਂ 1873 ਦਾਣਾ ਮੰਡੀਆਂ ਦੇ ਬਣੇ ਢਾਂਚੇ ਨੂੰ ਤੋੜ ਕੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਕੀਤੇ ਤਿੰਨ ਆਰਡੀਨੈਂਸ ਤੇ ਬਿਜਲੀ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਲਈ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਸਾਨ ਆਗੂਆਂ ਨੇ ਸਿਰ ਧੜ ਦੀ ਬਾਜ਼ੀ ਲਾਉਣ ਦਾ ਐਲਾਨ ਕਰਦਿਆਂ ਜ਼ੋਰਦਾਰ ਮੰਗ ਕੀਤੀ ਕਿ ਉਕਤ ਚਾਰੇ ਲੋਕ ਵਿਰੋਧੀ ਆਰਡੀਨੈਂਸ ਤੇ ਬਿੱਲ ਰੱਦ ਕੀਤੇ ਜਾਣ, ਦੇਸ਼ ਵਿੱਚ ਮੰਡੀਕਰਨ ਦਾ ਢਾਂਚਾ ਮਜ਼ਬੂਤ ਕਰਨ ਲਈ 42 ਹਜ਼ਾਰ ਦਾਣਾ ਮੰਡੀਆਂ ਬਣਾਈਆਂ ਜਾਣ, 23 ਫ਼ਸਲਾਂ ਦੇ ਭਾਅ 2-c ਧਾਰਾ ਮੁਤਾਬਿਕ ਐਲਾਨ ਕੇ ਸਰਕਾਰੀ ਖਰੀਦ ਦੀ ਗਾਰੰਟੀ ਕੀਤੀ ਜਾਵੇ।

ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ ਤੇ ਧੁੱਸੀ ਬੰਨ੍ਹ ਮਜ਼ਬੂਤ ਕੀਤੇ ਜਾਣ, ਕਿਸਾਨਾਂ ਉੱਤੇ ਰੇਲਵੇ ਪੁਲਿਸ ਤੇ ਪੰਜਾਬ ਪੁਲਿਸ ਵੱਲੋਂ ਕੀਤੇ ਕੇਸ ਤੁਰੰਤ ਰੱਦ ਕੀਤੇ ਜਾਣ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਤਾਰ ਪਾਰਲੀਆਂ ਜ਼ਮੀਨਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਮੁੱਖ ਮੰਤਰੀ ਵੱਲੋਂ ਮੀਟਿੰਗ ਵਿਚ ਮੰਨੀਆਂ ਹੋਈਆਂ 14 ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਇਸ ਮੌਕੇ ਸਾਹਿਬ ਸਿੰਘ ਦੀਨੇਕੇ, ਰਣਜੀਤ ਸਿੰਘ ਖੱਚਰਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਸੁਖਵੰਤ ਸਿੰਘ ਲੋਹੁਕਾ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਗੁਰਨਾਮ ਸਿੰਘ ਅਲੀਕੇ, ਅਮਨਦੀਪ ਸਿੰਘ ਕੱਚਰਭੰਨ, ਸੁਰਿੰਦਰ ਸਿੰਘ ਘੁੱਦੂਵਾਲਾ, ਅੰਗਰੇਜ਼ ਸਿੰਘ ਬੂਟੇ ਵਾਲਾ, ਗੁਰਮੇਲ ਸਿੰਘ ਫੱਤੇਵਾਲਾ, ਗੁਰਬਖਸ਼ ਸਿੰਘ ਪੰਜ ਗਰਾਈਂ, ਸੁਰਿੰਦਰ ਸਿੰਘ ਫ਼ਾਜ਼ਿਲਕਾ ਆਦਿ ਆਗੂਆਂ ਨੇ ਵੀ ਮੀਟਿੰਗ ਵਿੱਚ ਸੰਬੋਧਨ ਕੀਤਾ।