ਅੰਮ੍ਰਿਤਸਰ 28 ਮਈ, (ਪੀ ਬੀ ਐਨ)
ਪੰਜਾਬ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਵਿਸਥਾਰਤ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਇੱਕ ਸਿਸਟਮਿਕ ਬਿਮਾਰੀ ਹੈ, ਜੋ ਜ਼ਿਆਦਾਤਰ ਮੌਕਿਆਂ ‘ਤੇ ਛਿੱਕ ਤੇ ਖੰਘ ਸਮੇਂ ਥੁੱਕ ਦੇ ਕਣਾਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਸੰਕ੍ਰਮਿਤ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਢਿੱਲੋਂ ਨੇ ਦੱਸਿਆ ਕਿ ਹਾਲਾਂਕਿ ਇਹ ਵਾਇਰਸ ਵੱਖ-ਵੱਖ ਚੀਜ਼ਾਂ ਦੀ ਸਤਹਿ ਉੱਪਰ ਵੱਖ-ਵੱਖ ਸਮੇਂ ਤੱਕ ਜਿਊਂਦਾ ਰਹਿੰਦਾ ਹੈ, ਪਰ ਕੈਮੀਕਲ ਰੋਗਾਣੂ ਨਾਸ਼ਕ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ। ਇਸ ਲਈ ਜੇਕਰ ਸਹੀ ਅਤੇ ਸਮੇਂ ਸਿਰ ਜਾਣਕਾਰੀ ਹੋਵੇ ਤਾਂ ਕਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ।