ਮੰਡੀਕਰਨ ਸੁਧਾਰ ਆਰਡੀਨੈਂਸ-ਦਾਅਵੇ ਵੱਡੇ, ਅਮਲ ਛੋਟੇ/- ਗੁਰਮੀਤ ਸਿੰਘ ਪਲਾਹੀ ਦੀ ਕਲਮ ਤੋਂ

207

ਸਮੇਂ-ਸਮੇਂ ਤੇ ਕੇਂਦਰ ਸਰਕਾਰ ਵੱਲੋਂ ਖੇਤੀ ਨੀਤੀਆਂ ਇਹੋ ਜਿਹੀਆਂ ਤਿਆਰ ਕੀਤੀਆਂ ਗਈਆਂ ਜਿੰਨਾ ਨਾਲ ਕਿ ਹੌਲੀ-ਹੌਲੀ ਖੇਤੀ ਖੇਤਰ ‘ਚ ਖੜੋਤ ਆਉਂਦੀ ਗਈ। ਖੇਤੀ ਨੇ ਕਿਸਾਨਾਂ ਲਈ ਨਿੱਤ ਨਵੀਆਂ ਚੁਨੌਤੀਆਂ ਖੜੀਆਂ ਕੀਤੀਆਂ। ਬੇਸ਼ੱਕ ਦੇਸ਼ ਦੇ 90 ਫ਼ੀਸਦੀ ਤੋਂ ਵੱਧ ਕਿਸਾਨਾਂ ਦੀ ਮੁੱਖ ਸਮੱਸਿਆ ਮੰਡੀਕਰਨ ਹੈ। ਇਸ ਦਾ ਕਾਰਨ ਇਹ ਹੈ ਕਿ ਵਿਚੋਲੇ ਮੰਡੀਕਰਨ ਦਾ ਵਧੇਰੇ ਲਾਭ ਉਠਾਉਂਦੇ ਹਨ। ਇਸ ਵੇਲੇ ਕਿਸਾਨਾਂ ਨੂੰ ਕੁੱਝ ਰਾਹਤ ਦੇਣ ਲਈ ਮੰਡੀਕਰਨ ਦੇ ਪ੍ਰਬੰਧਾਂ ‘ਚ ਹੋਰ ਸੁਧਾਰ ਦੀ ਲੋੜ ਸੀ। ਕੇਂਦਰ ਸਰਕਾਰ ਨੇ ਇੱਕ ਦੇਸ਼ ਇੱਕ ਮੰਡੀ ਦੇ ਨਾਂ ‘ਤੇ ਮੰਡੀਕਰਨ ਸੁਧਾਰਾਂ ਬਾਰੇ ਤਿੰਨ ਆਰਡੀਨੈਂਸ ਜਾਰੀ ਕੀਤੇ ਹਨ। ਓਪਰੀ ਨਜ਼ਾਰੇ ਵੇਖਿਆਂ ਇਹ ਇੱਕ ਵੱਡਾ ਸੁਧਾਰ ਜਾਪਦਾ ਹੈ, ਪਰ ਇਹਨਾਂ ਆਰਡੀਨੈਂਸਾਂ ਨਾਲ ਮੰਡੀਆਂ ਵਿਚਲੇ ਖ਼ਰੀਦ ਪ੍ਰਬੰਧਾਂ ਦੀ ਥਾਂ ਖੇਤੀ ਉਪਜ ਦੇ ਖੇਤਰ ਵਿੱਚ ਵਿਚੋਲਿਆਂ ਦੀ ਇੱਕ ਨਵੀਂ ਜਮਾਤ ਪੈਦਾ ਹੋਏਗੀ। ਇਹ ਵਿਚੋਲਿਆਂ ਦੀ ਜਮਾਤ ਕਾਰਪੋਰੇਟ ਕੰਪਨੀਆਂ ਦੀ ਹੋਏਗੀ।

ਮੰਡੀਕਰਨ ਸੁਧਾਰ ਦੇ ਨਾਂ ਤੇ ਜਾਰੀ ਕੀਤੇ ਅਰਾਡੀਨੈਂਸ ਵਪਾਰੀਆਂ ਦੇ ਮੁਨਾਫ਼ੇ ‘ਚ ਵਾਧਾ ਕਰਨ ਲਈ ਵਧੇਰੇ ਪਰ ਕਿਸਾਨਾਂ ਦੇ ਪੱਖੀ ਘੱਟ ਹਨ। ਅਸਲ ਵਿੱਚ ਤਾਂ ਕੇਂਦਰ ਦੀ ਸਰਕਾਰ ਕਿਸਾਨਾਂ ਨੂੰ ਫ਼ਸਲਾਂ ਦੇ ਸਮਰਥਨ ਮੁੱਲ ਤੋਂ ਆਪਣਾ ਹੱਥ ਪਿੱਛੇ ਖਿੱਚਣਾ ਚਾਹੁੰਦੀ ਹੈ। ਕਿਉਂਕਿ ਦੇਸ਼ ਦੇ ਅਨਾਜ ਭੰਡਾਰ ਭਰੇ ਪਏ ਹਨ (ਭਾਵੇਂ ਕਿ ਅੱਧੀ ਤੋਂ ਵੱਧ ਆਬਾਦੀ ਨੂੰ ਰਜਵੀਂ ਰੋਟੀ ਨਸੀਬ ਨਹੀਂ ਹੁੰਦੀ) ਸਰਕਾਰ ਫ਼ਸਲਾਂ ਦੀ ਖ਼ਰੀਦ ਤੋਂ ਪਿੱਛੇ ਹਟਣਾ ਚਾਹੁੰਦੀ ਹੈ। ਜੇਕਰ ਸਰਕਾਰ ਨੇ ਫ਼ਸਲਾਂ ਦੀ ਖ਼ਰੀਦ ਹੀ ਨਾ ਕੀਤੀ ਤਾਂ ਕਿਸਾਨਾਂ ਨੂੰ ਮਜਬੂਰਨ ਆਪਣੀ ਫ਼ਸਲ ਪ੍ਰਾਈਵੇਟ ਵਪਾਰੀਆਂ ਹੱਥ ਵੇਚਣੀ ਪਵੇਗੀ, ਜੋ ਆਪਣੀ ਮਰਜ਼ੀ ਨਾਲ ਫ਼ਸਲ ਦਾ ਭਾਅ ਲਗਾਉਣਗੇ। ਛੋਟਾ ਕਿਸਾਨ ਜਿਹੜਾ ਸਥਾਨਕ ਮੰਡੀ ਤੱਕ ਆਪਣਾ ਅਨਾਜ ਬਹੁਤ ਮੁਸ਼ਕਲ ਨਾਲ ਲੈ ਕੇ ਜਾਂਦਾ ਹੈ, ਉਹ ਦੇਸ਼ ਦੇ ਹੋਰ ਸੂਬਿਆਂ ‘ਚ ਫ਼ਸਲ ਵੇਚਣ ਲਈ ਅਨਾਜ ਕਿਵੇਂ ਲੈ ਕੇ ਜਾਵੇਗਾ? ਇਹਨਾਂ ਆਰਡੀਨੈਂਸਾਂ ਦੀ ਪੰਜਾਬ ਦੀ ਕਿਰਸਾਨੀ ਨੂੰ ਵੱਡੀ ਮਾਰ ਪਵੇਗੀ।

ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਜਿੰਨਾ ਵਿੱਚ ਭਾਰਤੀ ਕਿਸਾਨ ਯੂਨੀਅਨ ( ਮਾਨ ਗਰੁੱਪ), ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪਿੱਦੀ ਗਰੁੱਪ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਡੱਕੋਂ ਦਾ), ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ), ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਜਮਹੂਰੀ ਕਿਸਾਨ ਸਭਾ ਅਤੇ ਆਲ ਇੰਡੀਆ ਕਿਸਾਨ ਸਭਾ (ਸੀ ਪੀ ਆਈ) ਦੇ ਮੁੱਖ ਅਹੁਦੇਦਾਰਾਂ ਨਾਲ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਅਚਨਚੇਤ ਜਾਰੀ ਕੀਤੇ ਕਿਸਾਨਾਂ ਸਬੰਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਤਾਵਤ ਸੋਧਾਂ ਸਬੰਧੀ ਵੀਡੀਓ ਕਾਨਫ਼ਰੰਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਸਿਧਾਂਤਕ ਸਹਿਮਤੀ ਪ੍ਰਗਟ ਕੀਤੀ।

ਇਸ ਮੀਟਿੰਗ ਵਿੱਚ ਭਾਜਪਾ ਨਾਲ ਸਬੰਧਿਤ ਕਿਸਾਨ ਜਥੇਬੰਦੀ ਸ਼ਾਮਲ ਨਹੀਂ ਹੋਈ। ਮੀਟਿੰਗ ‘ਚ ਸਰਬਸੰਮਤੀ ਨਾਲ ਕਿਸਾਨ ਜਥੇਬੰਦੀਆਂ ਨੇ ਫ਼ੈਸਲਾ ਲਿਆ ਕਿ ਇਹ ਆਰਡੀਨੈਂਸ ਅਤੇ ਤਜਵੀਜ਼ਸ਼ੁਦਾ ਸੋਧਾਂ ਮੁਲਕ ਦੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਹਨ ਜਿਸ ਕਰ ਕੇ ਇਹਨਾਂ ਨੂੰ ਵਾਪਸੀ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕੁੱਝ ਦਿਨ ਪਹਿਲਾਂ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਨਾਲ ਵੀ ਵੀ.ਡੀ.ਓ. ਕਾਨਫ਼ਰੰਸ ਕੀਤੀ ਸੀ ਅਤੇ ਉਸ ਮੀਟਿੰਗ ਵਿੱਚ ਵੀ ਰਾਏ ਬਣੀ ਸੀ ਕਿ ਇਹ ਆਰਡੀਨੈਂਸ ਵਾਪਸ ਲਏ ਜਾਣੇ ਚਾਹੀਦੇ ਹਨ, ਕਿਉਂਕਿ ਇਹ ਕਿਸਾਨ ਹਿਤਾਂ ਵਿੱਚ ਨਹੀਂ ਹਨ। ਹੈਰਾਨੀ ਵਾਲੀ ਗੱਲ ਹੈ ਕਿ ਛੋਟੇ ਜਿਹੇ ਸੂਬੇ ਪੰਜਾਬ ਵਿੱਚ ਦਰਜਨ ਭਰ ਕਿਸਾਨ ਜਥੇਬੰਦੀਆਂ ਹਨ, ਮੰਡੀਕਰਨ ਸੁਧਾਰਾਂ ਦੇ ਨਾਂ ਉੱਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧੱਕਾ ਕੀਤਾ ਹੈ, ਪਰ ਇਹ ਜਥੇਬੰਦੀਆਂ ਇਕੱਠੇ ਹੋਕੇ ਵੱਡਾ ਵਿਰੋਧ ਕਿਉਂ ਨਹੀਂ ਵਿਖਾ ਰਹੀਆਂ। ”ਪਗੜੀ ਸੰਭਾਲ ਜੱਟਾ, ਲੁੱਟ ਲਿਆ ਮਾਲ ਤੇਰਾ” ਜਾਣਦਿਆਂ ਵੀ ਸਿਰਫ਼ ਆਪਣੀ ਨੇਤਾਗਿਰੀ ਚਮਕਾਉਣ ਲਈ ਭਾਸ਼ਣ ਤੱਕ ਹੀ ਸੀਮਤ ਹੋਕੇ ਕਿਉਂ ਰਹਿ ਗਈਆਂ ਹਨ?

ਖੇਤੀਬਾੜੀ, ਖੇਤੀ ਉਤਪਾਦਕਾਂ ਅਤੇ ਖੇਤੀਬਾੜੀ ਮੰਡੀਕਰਨ ਦਾ ਵਿਸ਼ਾ ਰਾਜ ਸੂਚੀ ਵਿੱਚ ਸ਼ਾਮਲ ਹੈ। ਕੇਂਦਰ ਸਰਕਾਰ ਵੱਲੋਂ ਜਿਹੜੇ ਤਿੰਨ ਆਰਡੀਨੈਂਸ ਜਾਰੀ ਕੀਤੇ ਗਏ ਹਨ। ਇਹਨਾਂ ਵਿਚੋਂ ਪਹਿਲਾ ਆਰਡੀਨੈਂਸ ਕਿਸਾਨੀ ਉਤਪਾਦਨ, ਖਰੀਦੋ-ਫਰੋਖਤ ਅਤੇ ਤਜਾਰਤ ਸਬੰਦੀ ਹੈ, ਦੂਜਾ ਆਰਡੀਨੈਂਸ ਕਿਸਾਨਾਂ ਦੀ ( ਪੁੱਗਤ ਅਤੇ ਸੁਰੱਖਿਆ)ਕੀਮਤਾਂ ਦੀ ਜ਼ਾਮਨੀ ਤੇ ਖੇਤੀ ਸੇਵਾਵਾਂ ਦੇ ਇਕਰਾਰਨਾਮਿਆਂ ਬਾਬਤ ਆਰਡੀਨੈਂਸ ਹੈ। ਤੀਜਾ ਆਰਡੀਨੈਂਸ ਜ਼ਰੂਰੀ ਵਸਤਾਂ ਸਬੰਧੀ ਕਾਨੂੰਨ (ਤਰਮੀਮ) ਆਰਡੀਨੈਂਸ ਹੈ। ਇਹਨਾਂ ਤਿੰਨਾਂ ਆਰਡੀਨੈਂਸਾਂ ਨੇ ਭਾਰਤ ਦੇ ਸੰਘੀ ਢਾਂਚੇ ਦੀ ਸੰਘੀ ਘੁੱਟ ਦਿੱਤੀ ਹੈ। ਕੋਰੋਨਾ ਕਾਲ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਪੰਗੂ ਬਣਾਉਣ ਲਈ ਆਫ਼ਤ ਦੇ ਨਾਮ ਅਤੇ ਸਾਰੇ ਅਧਿਕਾਰ ਆਪਣੇ ਹੱਥ ਵਿੱਚ ਲਏ ਹੋਏ ਹਨ ਅਤੇ ਹੈਰਾਨੀ ਦੀ ਗੱਲ ਤਾਂ ਇਹ ਵੀ ਹੈ ਕਿ ਕਿਸਾਨਾਂ ਨਾਲ ਸਬੰਧਿਤ ਇਹ ਤਿੰਨੇ ਆਰਡੀਨੈਂਸ, ਪਹਿਲਾਂ ਪਾਰਲੀਮੈਂਟ ਵਿੱਚ ਬਹਿਸ ਕਰ ਕੇ ਪਾਸ ਕਰਨ ਦੀ ਥਾਂ, ਰਾਤੋ-ਰਾਤ ਓਵੇਂ ਲਾਗੂ ਕੀਤੇ ਜਾ ਰਹੇ ਹਨ, ਜਿਵੇਂ ਨੋਟਬੰਦੀ, ਜੀਐਸਟੀ, 370 ਧਾਰਾ ਦਾ ਕਸ਼ਮੀਰ ਵਿਚੋਂ ਖ਼ਾਤਮਾ ਆਦਿ ਦੇ ਆਰਡੀਨੈਂਸ ਲਿਆ ਕੇ ਲੋਕਾਂ ਸਿਰ ਦੁੱਖਾਂ-ਦਰਦਾਂ ਦੇ ਪਹਾੜ ਲੱਦ ਦਿੱਤੇ ਗਏ ਸਨ।

ਇਹ ਤਿੰਨੇ ਆਰਡੀਨੈਂਸ ਖ਼ਾਸ ਕਰ ਕੇ ਪੰਜਾਬ ਲਈ ਅਤਿ ਦੇ ਘਾਤਕ ਹਨ। ਅਸਲ ਵਿੱਚ ਕੇਂਦਰ ਨੇ ਨਾ ਕੇਵਲ ਰਾਜਾਂ ਦੇ ਹੱਕਾਂ ਉੱਤੇ ਡਾਕਾ ਮਾਰਿਆ ਹੈ ਸਗੋਂ ਪੰਜਾਬ ਦੀ ਕਿਸਾਨੀ ਅਤੇ ਖੇਤ ਮਜ਼ਦੂਰਾਂ ਦੀ ਬਰਬਾਦੀ ਦਾ ਰਾਹ ਖੋਲ ਦਿੱਤਾ ਹੈ। ਜਿਨਸਾਂ ਦੀ ਵੇਚ-ਵੱਟਤ ਕਾਰਨ ਮਿਲੇ ਵੰਨ-ਸੁਵੰਨੇ ਰੁਜ਼ਗਾਰ ਦੇ ਹਜ਼ਾਰਾਂ ਮੌਕਿਆਂ ਦਾ ਘਾਣ ਕਰ ਦਿੱਤਾ ਹੈ। ਮੰਡੀ ਦੇ ਸਥਾਪਤ ਢਾਂਚੇ ਅਤੇ ਭੰਡਾਰਨ ਦੀ ਸਮਰੱਥਾ ਉੱਤੇ ਵੱਡੀ ਸੱਟ ਮਾਰੀ ਗਈ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਪੰਜਾਬ ਦੀ ਖੇਤੀਬਾੜੀ ਕਾਰਪੋਰੇਟ ਸੈਕਟਰ ਕੰਪਨੀਆਂ ਦੇ ਹੱਥ ਚਲੇ ਜਾਏਗੀ। ਮੰਡੀਕਰਨ ਤੋਂ ਜੋ ਆਮਦਨ ਮੰਡੀਆਂ ਦੇ ਵਿਕਾਸ ਵਾਸਤੇ ਅਤੇ ਪੇਂਡੂ ਵਿਕਾਸ ਵਾਸਤੇ ਮਿਲਦੀ ਸੀ, ਉਹ ਖ਼ਤਮ ਹੋਏਗੀ। ਜਖੀਰੇਦਾਰੀ ਨਾਲ ਅਨਾਜ ਤੇ ਭੋਜਨ ਵਸਤਾਂ ਦੀ ਥੁੜ ਤਾਂ ਹੋਵੇਗੀ ਹੀ, ਪਰ ਨਾਲ ਕੰਪਨੀਆਂ ਦੇ ਹੱਥਾਂ ਵਿੱਚ ਖ਼ਰੀਦੋ-ਫ਼ਰੋਖ਼ਤ ਜਾਣ ਨਾਲ ਕੀਮਤਾਂ ਅਸਮਾਨੀ ਚੜ੍ਹ ਜਾਣਗੀਆਂ।

ਪੇਂਡੂ ਸੜਕਾਂ ਦਾ ਵਿਕਾਸ ਅਤੇ ਰੱਖ-ਰਖਾਅ, ਸ਼ੈਲਰ ਉਦਯੋਗ ਬੁਰੀ ਤਰਾਂ ਪ੍ਰਭਾਵਤ ਹੋਏਗਾ। ਕਣਕ ਅਤੇ ਝੋਨੇ ਦੀ ਖ਼ਰੀਦ ਦੀ ਗਰੰਟੀ ਨਹੀਂ ਰਹੇਗੀ। ਅੱਜ ਸਰਕਾਰ ਵੱਲੋਂ ਹਰ ਵਰ੍ਹੇ ਘੱਟੋ-ਘੱਟ ਖ਼ਰੀਦ ਮੁੱਲ ਉੱਤੇ ਫ਼ਸਲਾਂ ਖ਼ਰੀਦੀਆਂ ਜਾਂਦੀਆਂ ਹਨ। ਮੱਕੀ ਅਤੇ ਹੋਰ ਕੁੱਝ ਦਾਲਾਂ ਲਈ ਸਮਰਥਨ ਮੁੱਲ ਨੀਅਤ ਹੈ। ਪਰ ਮੱਕੀ ਦਾ ਘੱਟੋ ਘੱਟ ਸਮਰਥਨ ਮੁੱਲ 1850 ਰੁਪਏ ਕਵਿੰਟਲ ਹੈ, ਪਰ ਪ੍ਰਾਈਵੇਟ ਕੰਪਨੀਆਂ ਕਿਸਾਨਾਂ ਤੋਂ 1000 ਰੁਪਏ ਤੋਂ ਵੀ ਘੱਟ ਮੁੱਲ ‘ਤੇ ਖ਼ਰੀਦ ਰਹੀਆਂ ਹਨ। ਇਹ ਕਿਸਾਨ ਆਰਡੀਨੈਂਸ ਕਣਕ ਤੇ ਝੋਨੇ ਦੀ ਖ਼ਰੀਦ ਲਈ ਕਾਰਪੋਰੇਟ ਸੈਕਟਰ ਕੰਪਨੀਆਂ ਨੂੰ ਖ਼ਰੀਦ ਦੀ ਇਜਾਜ਼ਤ ਦਿੰਦਾ ਹੈ ਅਤੇ ਉਸ ਦੇ ਖੇਤਾਂ ਵਿਚੋਂ ਫ਼ਸਲ, ਕਿਸਾਨਾਂ ਦੀ ਸੁਵਿਧਾ ਅਨੁਸਾਰ ਚੁੱਕਣ ਦੀ ਗੱਲ ਕਰਦਾ ਹੈ। ਸੰਭਵ ਤੌਰ ‘ਤੇ ਇਸ ਨਾਲ ਇੱਕ-ਦੋ ਸਾਲ ਕਿਸਾਨਾਂ ਨੂੰ ਚੰਗਾ ਭਾਅ ਕੰਪਨੀਆਂ ਦੇ ਦੇਣ, ਪਰ ਬਾਅਦ ਵਿੱਚ ਛੋਟੇ ਸੀਮਤ ਕਿਸਾਨ ਇਸ ਤੋਂ ਬੁਰੀ ਤਰਾਂ ਪ੍ਰਭਾਵਤ ਹੋਣਗੇ ਅਤੇ ਕੰਪਨੀਆਂ ਦੇ ਰਹਿਮੋ-ਕਰਮ ਤੇ ਹੋ ਜਾਣਗੇ।

ਇਸ ਸਬੰਧ ਵਿੱਚ ਸਰਕਾਰ ਵੱਲੋਂ ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਘੱਟੋ ਘੱਟ ਕੀਮਤ ਲਾਗੂ ਰੱਖੀ ਜਾਏਗੀ ਅਤੇ ਕਿਸਾਨ ਹਿਤਾਂ ਦੀ ਪੂਰੀ ਤਰਾਂ ਰੱਖਿਆ ਕੀਤੀ ਜਾਏਗੀ। ਪਰ ਸੂਬੇ ਬਿਹਾਰ ਵਿਚ ਹੁਣ ਘੱਟੋ ਘੱਟ ਕੀਮਤ ਲਾਗੂ ਰੱਖ ਕੇ ਉੱਥੋਂ ਦੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨੂੰ ਫ਼ਸਲਾਂ ਖ਼ਰੀਦਣ ਦੀ ਖੁੱਲ ਦਿੱਤੀ। ਬਿਹਾਰ ਵਿੱਚ ਹਾਲਾਤ ਇਹ ਹਨ ਕਿ ਉੱਥੋਂ ਦੇ ਕਿਸਾਨ ਕੰਪਨੀਆਂ ਦੀ ਲੁੱਟ-ਖਸੁੱਟ ਦਾ ਸ਼ਿਕਾਰ ਹੋ ਗਏ ਹਨ ਅਤੇ ਘੱਟੋ ਘੱਟ ਫ਼ਸਲ ਕੀਮਤ ਦਾ ਉੱਥੇ ਕੋਈ ਅਰਥ ਹੀ ਨਹੀਂ ਰਿਹਾ। ਲੋੜ ਤਾਂ ਕਿਸਾਨਾਂ ਤੇ ਆਏ ਸੰਕਟ ਸਮੇਂ ਇਹ ਸੀ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਂਦਾ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲਦੀ, ਪਰ ਇਸ ਦੇ ਉਲਟ ਸਰਕਾਰ ਨੇ ਕਾਰਪੋਰੇਟ ਸੈਕਟਰ ਦੀ ਝੋਲੀ ਚੁੱਕਦਿਆਂ, ਸਭੋ ਕੁੱਝ ਉਨ੍ਹਾਂ ਦੇ ਪੱਲੇ ਪਾ ਦਿੱਤਾ ਹੈ ਅਤੇ ਕਿਸਾਨਾਂ ਦੇ ਹਿਤਾਂ ਦੀ ਬੋਲੀ ਲਗਾ ਦਿੱਤੀ ਹੈ। ਸੰਭਵ ਹੈ ਕਿ ਇਹਨਾਂ ਆਰਡੀਨੈਂਸਾਂ ਨੂੰ ਲਾਗੂ ਕਰਨ ਨਾਲ ਖੇਤੀਬਾੜੀ ਨੂੰ ਹੁਲਾਰਾ ਮਿਲੇ, ਪਰ ਕਿਸਾਨਾਂ ਦੀ ਇਸ ਨਾਲ ਕੋਈ ਮਦਦ ਨਹੀਂ ਹੋਵੇਗੀ।

ਖੇਤੀ ਮਾਰਕੀਟਿੰਗ ਦਾ ਇਹ ਕਾਨੂੰਨ, ਜੋ ਕਰੋਨਾਵਾਇਰਸ ਜਾਂ ਲੌਕਡਾਊਨ ਦੇ ਸਮੇਂ ਲਾਗੂ ਕਰਨਾ, ਜਦੋਂ ਕਿ ਪਾਰਲੀਮੈਂਟ ਆਪਣੇ ਬੂਹੇ-ਬਾਰੀਆਂ ਬੰਦ ਕਰੀ ਬੈਠੀ ਹੈ, ਕੀ ਜਾਇਜ਼ ਹੈ? ਸਵਾਲ ਉੱਠ ਰਹੇ ਹਨ ਕਿ ਆਰਡੀਨੈਂਸ ਨੂੰ ਲਾਗੂ ਕਰਨ ਦੀ ਕੀ ਕਾਹਲੀ ਸੀ? ਅੱਜ ਜਦੋਂ ਪੂਰੇ ਭਾਰਤ ਵਿਚ ਕਿਸਾਨ ਜਥੇਬੰਦੀਆਂ ਸਿਵਾਏ ਭਾਰਤੀ ਕਿਸਾਨ ਸੰਘ (ਭਾਰਤੀ ਜਨਤਾ ਪਾਰਟੀ ਦਾ ਅੰਗ) ਦੇ ਇਸ ਕਾਨੂੰਨ ਵਿਰੁੱਧ ਲਾਮਬੰਦ ਹੋ ਰਹੀਆਂ ਹਨ ਅਤੇ ਮੋਦੀ ਸਰਕਾਰ ਦੇ ਇਸ ‘ਇਤਿਹਾਸਕ’ ਆਰਡੀਨੈਂਸ ਦੇ ਵਿਰੋਧ ਵਿਚ ਖੜੀਆਂ ਹਨ ਓਵੇਂ ਹੀ ਪੰਜਾਬ ਸਮੇਤ ਅੱਠ ਸੂਬਿਆਂ ਨੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਇਹ ਕਹਿ ਕੇ ਝੰਡਾ ਚੁੱਕਿਆ ਹੈ ਤੇ ਕਿਹਾ ਹੈ ਕਿ ਕੇਂਦਰੀ ਬਿੱਲ ਫੈਡਰਲ ਢਾਂਚੇ ਲਈ ਮਾਰੂ ਹੈ ਕਿਉਂਕਿ ਕੇਂਦਰ ਕੰਟਰੈਕਟ ਐਨਫੋਰਸਮੈਂਟ ਅਥਾਰਿਟੀ ਦਾ ਗਠਨ ਰਾਜ ਸਰਕਾਰਾਂ ਦੇ ਅਧਿਕਾਰ ਵਿਚ ਸ਼ਾਮਲ ਹੈ।

ਕਰੋਨਾ ਕਾਲ ਵਿੱਚ ਕਿਸਾਨਾਂ ਦੇ ਕਥਿਤ ਤੌਰ ‘ਤੇ ਭਲੇ ਲਈ ਜਾਰੀ ਆਰਡੀਨੈਂਸ ਨੂੰ ਸਮਝਣ ਦੀ ਲੋੜ ਹੈ, ਜਿਸ ਨੂੰ ਕਿਸਾਨਾਂ ਲਈ ਕੋਵਿਡ-ਰਲੀਫ਼ ਦਾ ਨਾਮ ਦਿੱਤਾ ਗਿਆ। ਅਸਲ ਵਿਚ ਆਪਣੀ ਕੇਂਦਰੀ ਹੈਂਕੜ ਵਿਖਾਉਣ ਅਤੇ ਰਾਜਾਂ ਦੇ ਪਰ ਕੱਟਣ ਲਈ ਅਤੇ ਕਾਰਪੋਰੇਟ ਸੈਕਟਰ ਦੀਆਂ ਝੋਲੀਆਂ ਭਰਨ ਲਈ ਕੁਵੇਲੇ ਵੇਲੇ ਕਵੱਲੀ ਸੱਟ ਕਿਸਾਨਾਂ ਨੂੰ ਮਾਰੀ ਗਈ ਹੈ। ਬਿਹਾਰ ਅਤੇ ਹੋਰ ਰਾਜਾਂ ਦੀਆਂ ਚੋਣਾਂ ਲਈ ਕਾਰਪੋਰੇਟ ਸੈਕਟਰ ਤੋਂ ਫ਼ੰਡ ਇਕੱਠੇ ਕਰਨਾ ਲੁਕਵਾਂ ਅਜੰਡਾ ਹੋ ਸਕਦਾ ਹੈ। ਸੰਵਿਧਾਨਕ ਤੌਰ ਤੇ ਠੇਕਾ ਖੇਤੀ ਸੰਬੰਧੀ ਕੇਂਦਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੀ ਕੋਈ ਨਹੀਂ ਹੈ। ਅਸਲ ਵਿਚ ਮੋਦੀ ਸਰਕਾਰ ਅਵੱਲੇ ਢੰਗ ਤਰੀਕਿਆਂ ਨਾਲ ਲੋਕਾਂ ਨੂੰ ਹਨੇਰੇ ਵਿੱਚ ਰੱਖ ਕੇ ਅਤੇ ਪਾਰਲੀਮਾਨੀ ਸਿਸਟਮ ਨੂੰ ਛਿੱਕੇ ਟੰਗ ਕੇ, ਪਿਛਲੇ ਦਰਵਾਜ਼ੇ ਰਾਹੀਂ, ਉਸ ਸਮੇਂ ਜਦੋਂ ਦੇਸ਼ ਸਿਹਤ ਸੰਕਟਕਾਲੀਨ ਅਵਸਥਾ ਵਿਚੋਂ ਗੁੱਜਰ ਰਿਹਾ ਹੈ, ਇਹ ਖੇਤੀਬਾੜੀ ਕਾਨੂੰਨ ਲਾਗੂ ਕਰਨ ਦਾ ਕੋਝਾ ਯਤਨ ਕਰ ਰਹੀ ਹੈ।

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਮੌਜੂਦਾ ਕਿਸਾਨੀ ਫ਼ਸਲਾਂ ਦੀ ਮੰਡੀਕਰਨ ਉੱਤੇ ਵਧੇਰੇ ਟੈਕਸ ਹਨ। ਪ੍ਰਾਈਵੇਟ ਸੈਕਟਰ ਦੇ ਮੰਡੀਕਰਨ ਨਾਲ ਕਿਸਾਨਾਂ ਉੱਤੇ ਜ਼ੀਰੋ ਟੈਕਸ ਹੋ ਜਾਣਗੇ। ਉਸ ਨੂੰ ਮੰਡੀ ਟੈਕਸ ਆੜ੍ਹਤੀ ਟੈਕਸ ਆਦਿ ਨਹੀਂ ਦੇਣੇ ਪੈਣਗੇ ਪਰ ਸਵਾਲ ਉੱਠਦਾ ਹੈ ਕਿ ਕਾਰਪੋਰੇਟ ਸੈਕਟਰ ਵਾਲੇ ਲੋਕ ਕਿਸਾਨਾਂ ਦੀ ਫ਼ਸਲਾਂ ਦਾ ਢੁਕਵਾਂ ਮੁੱਲ ਦੇਣਗੇ ਅਤੇ ਕਦੋਂ ਤੱਕ ਦੇਣਗੇ, ਜਦਕਿ ਪ੍ਰਾਈਵੇਟ ਖ਼ਰੀਦਦਾਰਾਂ ਦੇ ਸਾਹਮਣੇ ਤਾਂ ਇੱਕੋ ਇੱਕ ਮਨਸ਼ਾ ਮੁਨਾਫ਼ੇ ਦਾ ਹੁੰਦਾ ਹੈ? ਕੀ ਸਾਧਾਰਨ ਕਿਸਾਨ, ਇਹਨਾਂ ਮੁਨਾਫ਼ਾਖੋਰਾਂ ਨਾਲ ਮੁੱਲ ਦਾ ਵਾਧਾ-ਘਾਟਾ ਕਰਨ ਦੀ ਸਮਰੱਥਾ ਰੱਖਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਕਰਜ਼ ਜਾਲ ਵਿਚ ਫਸਿਆ ਹੁੰਦਾ ਹੈ? ਅਤੇ ਬਹੁਤੀਆਂ ਹਾਲਤਾਂ ਵਿੱਚ ਇਹ ਛੋਟਾਂ/ਸੀਮਾਂਤ ਕਿਸਾਨ ਵੱਡੇ ਠੇਕੇ ਅਤੇ ਵਟਾਈ ਉੱਤੇ ਵਹਾਈ ਕਰਨ ਲਈ ਮਜਬੂਰ ਹੋਇਆ ਹੁੰਦਾ ਹੈ ਅਤੇ ਸਿੰਚਾਈ, ਸੋਕੇ, ਭਾਰੀ ਮੀਂਹ ਜਾਂ ਕਿਸੇ ਹੋਰ ਆਫ਼ਤ ਦਾ ਸ਼ਿਕਾਰ ਆਰਥਿਕ ਮੰਦੀ ਨਾਲ ਗ੍ਰਸਿਆ ਪਿਆ ਹੁੰਦਾ ਹੈ। ਅੱਜ ਜਦੋਂ ਕਿ ਕਿਸਾਨ ਕੋਲ ਇੱਕ ਸਥਾਨਕ ਮੰਡੀ ਹੈ।

ਉਸ ਮੰਡੀ ਵਿਚ ਉਸ ਨੂੰ ਘੱਟੋ ਘੱਟ ਕੀਮਤ ਮਿਲਦੀ ਹੈ। ਆਫ਼ਤ ਦੇ ਸਮੇਂ ਸਰਕਾਰੀ ਸਬਸਿਡੀ ਵੀ ਉਸ ਦੇ ਪੱਲੇ ਪੈਂਦੀ ਹੈ। ਉਸ ਹਾਲਤ ਵਿਚ ਉਸ ਪੱਲੇ ਕੀ ਪਏਗਾ ਜਦੋਂ ਠੇਕੇ ਦੀ ਖੇਤੀ ਵਿੱਚ ਪ੍ਰਾਈਵੇਟ ਕੰਪਨੀਆਂ ਇਸ ਸਭ ਵਾਧੇ-ਘਾਟੇ ਨੂੰ ਆਪਣੇ ਵੱਟੇ-ਖਾਤੇ ਪਾ ਲੈਣਗੀਆਂ। ਬਿਨਾਂ ਸ਼ੱਕ ਕੰਪਨੀਆਂ ਦੀ ਠੇਕਾ ਖੇਤੀ ਖੇਤੀਬਾੜੀ ਦੀ ਪੈਦਾਵਾਰ ਵਿੱਚ ਵਾਧਾ ਕਰ ਲਏਗੀ, ਪਰ ਕੀ ਇਹ ਸਾਧਾਰਨ ਕਿਸਾਨ ਦੀ ਮਦਦ ਕਰੇਗੀ? ਠੇਕਾ ਖੇਤੀ ਰਾਹੀਂ ਕੰਪਨੀਆਂ ਨੂੰ ਜੋ ਅਧਿਕਾਰ ਮਿਲਣਗੇ, ਉਸ ਨਾਲ ਖੇਤਾਂ ਦੇ ਮਾਲਕ ਜੋ ਪਹਿਲਾਂ ਛੋਟੇ ਕਿਸਾਨਾਂ, ਹੱਲ ਵਾਹਕਾਂ ਤੋਂ ਖੇਤੀ ਕਰਵਾਉਂਦੇ ਹਨ, ਆਪਣੀ ਜ਼ਮੀਨ ਕੰਪਨੀਆਂ ਨੂੰ ਠੇਕੇ ਤੇ ਦੇਣਗੇ ਜਿਸ ਨਾਲ ਸਾਧਾਰਨ ਕਿਸਾਨੀ ਪੀੜਤ ਹੋਏਗੀ। ਕੇਂਦਰੀ ਸਰਕਾਰ ਦਾ ਇਹ ਨਵਾਂ ਕਾਨੂੰਨ ਇਸ ਸਬੰਧੀ ਚੁੱਪ ਹੈ ਕਿ ਲੱਖਾਂ ਕਿਸਾਨ ਜੋ ਇਸ ਕਾਨੂੰਨ ਤਹਿਤ ਪੀੜਤ ਹੋਣਗੇ, ਉਨ੍ਹਾਂ ਦੇ ਰੁਜ਼ਗਾਰ, ਰੋਟੀ ਦਾ ਕੀ ਬਣੇਗਾ?

ਅਸਲ ਵਿਚ ਤਾਂ ਕਿਸਾਨਾਂ ਦੇ ਭਲੇ ਸਬੰਧੀ ਜਾਰੀ ਕੀਤੇ ਤਿੰਨੇ ਆਰਡੀਨੈਂਸ ਵੱਡੀ ਖੇਤੀਬਾੜੀ ਕਾਰੋਬਾਰੀਆਂ, ਵਪਾਰੀਆਂ ਅਤੇ ਕਾਰਪੋਰੇਟ ਕੰਪਨੀਆਂ ਦੀਆਂ ਝੋਲੀਆਂ ਭਰਨਗੇ ਤੇ ਸਾਧਾਰਨ ਕਿਸਾਨਾਂ ਦੇ ਮੂੰਹੋਂ ਅੰਨ-ਅਨਾਜ ਖੋਹ ਲੈਣਗੇ। ਜ਼ਰੂਰੀ ਵਸਤਾਂ ਐਕਟ ਅਧੀਨ ਸਰਕਾਰ ਨੇ ਜੋ ਆਰਡੀਨੈਂਸ ਜਾਰੀ ਕੀਤਾ ਹੈ ਉਸ ਅਧੀਨ ਦਾਲਾਂ, ਤੇਲ, ਪਿਆਜ਼, ਆਲੂ ਆਦਿ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ। ਪਰ ਇਹ ਚੀਜ਼ਾਂ ਸਾਧਾਰਨ ਆਦਮੀ ਲਈ ਅਤਿਅੰਤ ਜ਼ਰੂਰੀ ਹਨ, ਕੀ ਇਹਨਾਂ ਚੀਜ਼ਾਂ ਨੂੰ ਕਾਰਪੋਰੇਟ, ਵਪਾਰੀ ਸਟੋਰ ਕਰ ਕੇ, ਚੀਜ਼ਾਂ ਦੀ ਘਾਟ ਮੰਡੀ ਵਿੱਚ ਪੈਦਾ ਕਰ ਕੇ ਬਾਅਦ ਵਿੱਚ ਮਹਿੰਗੇ ਭਾਅ ਨਹੀਂ ਵੇਚਣਗੇ? ਕੀ ਇਹ ਜ਼ਖ਼ੀਰੇਬਾਜ਼ੀ ਨੂੰ ਉਤਸ਼ਾਹਿਤ ਨਹੀਂ ਕਰੇਗਾ?

ਇਹ ਗੱਲ ਸਮਝਣ ਵਾਲੀ ਹੈ ਕਿ ਭਾਰਤ ਵਰਗੇ ਦੇਸ਼ ਵਿਚ ਅਜੇ ਵੀ ਖੇਤੀਬਾੜੀ ਅੱਧੀ ਆਬਾਦੀ ਨੂੰ ਰੁਜ਼ਗਾਰ ਦੇ ਰਹੀ ਹੈ। ਪਰ ਮੌਜੂਦਾ ਸਰਕਾਰ ਕਾਰਪੋਰੇਟ ਸੈਕਟਰ ਦੇ ਹੱਥੇ ਚੜ ਕੇ ਖੇਤੀਬਾੜੀ ਨੂੰ ਉਨ੍ਹਾਂ ਹੱਥ ਸੌਂਪ ਕੇ ਆਮ ਕਿਸਾਨਾਂ ਦਾ ਜਿਊਣਾ ਦੁੱਭਰ ਕਰਨ ਦੇ ਰਾਹ ਤੁਰੀ ਹੋਈ ਹੈ। ਲੋੜ ਤਾਂ ਇਸ ਗੱਲ ਦੀ ਹੈ ਕਿ ਖੇਤੀ ਖੇਤਰ ਨਾਲ ਜੁੜੇ ਕਿਸਾਨ, ਖੇਤ ਮਜ਼ਦੂਰ ਅਤੇ ਛੋਟੇ ਕਾਰੀਗਰ ਪਰਿਵਾਰਾਂ ਲਈ ਘੱਟੋ-ਘੱਟ ਆਮਦਨ ਦੀ ਗਰੰਟੀ ਦਾ ਅਸੂਲ ਲਾਗੂ ਕੀਤਾ ਜਾਵੇ ਨਾ ਕਿ ਉਦਯੋਗਪਤੀ ਅਤੇ ਕਾਰਪੋਰੇਟ ਸੈਕਟਰ ਦੇ ਲੋਕਾਂ ਨੂੰ ਖੁੱਲ੍ਹਾਂ ਦਿੱਤੀਆਂ ਜਾਣ ਜੋ ਬੈਂਕਾਂ ਦੇ ਖਰਬਾਂ ਰੁਪਏ ਡਕਾਰ ਕੇ ਵਿਦੇਸ਼ੀ ਜਾ ਡੇਰੇ ਲਾਉਂਦੇ ਹਨ।

 

-ਗੁਰਮੀਤ ਸਿੰਘ ਪਲਾਹੀ
-9815802070
-(ਪੰਜਾਬੀ ਫ਼ੀਚਰ ਸਿੰਡੀਕੇਟ ਵੱਲੋਂ ਜਾਰੀ)