ਪੰਜਾਬ ਦੇ ਸਰਕਾਰੀ ਕਾਲਜਾਂ ‘ਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਹੋਵੇਗੀ ਭਰਤੀ

 

ਪੰਜਾਬ ਦੇ ਸਰਕਾਰੀ ਕਾਲਜਾਂ ‘ਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਹੋਵੇਗੀ ਭਰਤੀ

ਚੰਡੀਗੜ੍ਹ, 8 ਮਾਰਚ 2026- ਸੂਬੇ ਵਿੱਚ ਉਚੇਰੀ ਸਿੱਖਿਆ, ਉਦਯੋਗਿਕ ਵਿਕਾਸ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਉਤਸ਼ਾਹਤ ਕਰਨ ਦੇ ਮਨੋਰਥ ਨਾਲ ਅਹਿਮ ਫੈਸਲੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ਭਰ ਦੇ ਸਰਕਾਰੀ ਕਾਲਜਾਂ ਵਿੱਚ 1,158 ਅਸਾਮੀਆਂ ਲਈ ਨਵੀਂ ਭਰਤੀ ਪ੍ਰਕਿਰਿਆ ਸੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਜਿਸ ਵਿੱਚ 1,091 ਸਹਾਇਕ ਪ੍ਰੋਫੈਸਰ ਅਤੇ 67 ਲਾਇਬ੍ਰੇਰੀਅਨ ਸਾਮਲ ਹਨ। ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸਨ (ਪੀ.ਪੀ.ਐਸ.ਸੀ.) ਰਾਹੀਂ ਯੂ.ਜੀ.ਸੀ. ਨਿਯਮ-2018 ਦੇ ਅਨੁਸਾਰ ਸਖਤੀ ਨਾਲ ਕੀਤੀ ਜਾਵੇਗੀ।

ਸਰਕਾਰ ਪੀ.ਪੀ.ਐਸ.ਸੀ. ਕੋਲ ਲੰਬਿਤ ਸਹਾਇਕ ਪ੍ਰੋਫੈਸਰ ਦੀਆਂ 612 ਅਸਾਮੀਆਂ ਦੀ ਪਹਿਲਾਂ ਦੀ ਮੰਗ ਨੂੰ ਵਾਪਸ ਲਵੇਗੀ ਅਤੇ ਸਾਰੀਆਂ ਅਸਾਮੀਆਂ ਲਈ ਨਵੀਂ ਸੰਯੁਕਤ ਮੰਗ ਜਮ੍ਹਾਂ ਕਰਵਾਏਗੀ।

ਸਾਰੇ ਉਮੀਦਵਾਰਾਂ ਨੂੰ ਨਿਰਪੱਖ ਮੌਕਾ ਪ੍ਰਦਾਨ ਕਰਨ ਲਈ, ਜਿਨ੍ਹਾਂ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਨ੍ਹਾਂ ਨੇ 19 ਅਕਤੂਬਰ, 2021 ਦੇ ਇਸਤਿਹਾਰ ਤਹਿਤ ਅਰਜੀ ਦਿੱਤੀ ਸੀ, ਨੂੰ ਉਪਰਲੀ ਉਮਰ ਸੀਮਾ ਵਿੱਚ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਰਾਖਵੇਂ ਵਰਗ ਦੇ ਉਮੀਦਵਾਰਾਂ ਨੂੰ ਮੌਜੂਦਾ ਸਰਕਾਰੀ ਨੀਤੀ ਅਨੁਸਾਰ ਵਾਧੂ ਉਮਰ ਦੀ ਛੋਟ ਮਿਲੇਗੀ।

ਇਕ ਹੋਰ ਵੱਡੇ ਫੈਸਲੇ ਵਿੱਚ ਮੰਤਰੀ ਮੰਡਲ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਦਫਤਰ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਲਈ ਖਰੜਾ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਸਿਰ ਕਰਨ ਲਈ ਸਾਰੇ ਲੋੜੀਂਦੇ ਫੈਸਲੇ ਲੈਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ।