ਵੱਡੀ ਖ਼ਬਰ: ਪੰਜਾਬ ਦੇ ਤਿੰਨ ਵਿਧਾਇਕ ਹੋਏ ਭਾਜਪਾ ‘ਚ ਸ਼ਾਮਲ
ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਉਥਲ-ਪੁਥਲ: ਕੁੰਵਰ ਵਿਜੇ ਪ੍ਰਤਾਪ, ਪਠਾਨਮਾਜਰਾ ਤੇ ਜੌੜਾਮਾਜਰਾ ਨੇ ਫੜਿਆ ਭਾਜਪਾ ਦਾ ਪੱਲਾ- ਸੂਬਾ ਪ੍ਰਧਾਨ ਕੇਵਲ ਢਿੱਲੋਂ ਅਤੇ ਇੰਚਾਰਜ ਸਤੀਸ਼ ਪੂਨੀਆ ਦੀ ਅਗਵਾਈ ਹੇਠ 3 ਵਿਧਾਇਕ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 2 ਨਵੰਬਰ 2026: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਤਿੰਨ ਮੌਜੂਦਾ ਵਿਧਾਇਕਾਂ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ ਹੈ। ਇਸ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੋਂ ਆਗੂ ਦਿੱਲੀ ਸਥਿਤ ਭਾਰਤੀ ਜਨਤਾ ਪਾਰਟੀ ਦੇ ਕੇਂਦਰੀ ਦਫ਼ਤਰ ਵਿਖੇ ਪਹੁੰਚੇ, ਜਿੱਥੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਭਾਜਪਾ ਦੀ ਰਸਮੀ ਮੈਂਬਰਸ਼ਿਪ ਦੁਆਈ ਗਈ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਖ਼ਾਸ ਤੌਰ ‘ਤੇ ਮੌਜੂਦ ਸਨ। ਇਨ੍ਹਾਂ ਦੋਵਾਂ ਸ਼ਖ਼ਸੀਅਤਾਂ ਨੇ ਤਿੰਨਾਂ ਵਿਧਾਇਕਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਦਾ ਸਿਰੋਪਾਓ ਤੇ ਪਾਰਟੀ ਨਿਸ਼ਾਨ ਪਹਿਨਾ ਕੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ।
ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈ.ਪੀ.ਐਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਪਿਛਲੇ ਕੁੱਝ ਸਮੇਂ ਤੋਂ ਆਪਣੀ ਹੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਚੱਲ ਰਹੇ ਸਨ। ਇਨ੍ਹਾਂ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਧਾਰ ਨੂੰ ਵੱਡੀ ਤਾਕਤ ਮਿਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਜਨਤਾ ਦਾ BJP ‘ਤੇ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਤਜਰਬੇਕਾਰ ਆਗੂਆਂ ਦੇ ਆਉਣ ਨਾਲ ਪੰਜਾਬ ਵਿੱਚ ਭਾਜਪਾ ਹੋਰ ਜ਼ਿਆਦਾ ਮਜ਼ਬੂਤ ਹੋਵੇਗੀ। ਦੂਜੇ ਪਾਸੇ, ਭਾਜਪਾ ਵਿੱਚ ਸ਼ਾਮਲ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਆਖਿਆ ਕਿ ਉਹ ਪੰਜਾਬ ਦੇ ਭਲੇ, ਸੁਰੱਖਿਆ ਅਤੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ।
ਇਸ ਵੱਡੇ ਰਾਜਨੀਤਿਕ ਉਥਲ-ਪੁਥਲ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਖੇਮੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ, ਜਦਕਿ ਭਾਜਪਾ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਆਉਂਦੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਹੋਰ ਵੀ ਕਈ ਨਵੇਂ ਮੋੜ ਦੇਖਣ ਨੂੰ ਮਿਲ ਸਕਦੇ ਹਨ।
















