ਪੰਜਾਬ ਦੇ ਸਰਕਾਰੀ ਸਕੂਲਾਂ ’ਚ ਲਾਇਬ੍ਰੇਰੀਅਨ ਦੀਆਂ 42% ਅਸਾਮੀਆਂ ਖਾਲੀ, ਇਸ਼ਤਿਹਾਰ ਦਾ ਵਾਅਦਾ ਵੀ ਅਧੂਰਾ
ਚੰਡੀਗੜ੍ਹ, 14 ਸਤੰਬਰ 2026- ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਸੁਧਾਰਾਂ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਸਰਕਾਰੀ ਸਕੂਲਾਂ ਵਿੱਚ ਵੱਡੀ ਗਿਣਤੀ ਅਸਾਮੀਆਂ ਖਾਲੀ ਹੋਣ ਕਾਰਨ ਇਨ੍ਹਾਂ ਦਾਅਵਿਆਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ।
ਸਕੂਲਾਂ ਤੋਂ ਇਲਾਵਾ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਅਸਾਮੀਆਂ ਖਾਲੀ ਪਈਆਂ ਹਨ। ਇਸੇ ਦੌਰਾਨ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਦੀਆਂ ਕਰੀਬ 42 ਫੀਸਦੀ ਅਸਾਮੀਆਂ ਖਾਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਨਸੂਨ ਸੈਸ਼ਨ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਦੀਆਂ ਕੁੱਲ 1860 ਅਸਾਮੀਆਂ ਮਨਜ਼ੂਰ ਹਨ।
ਇਨ੍ਹਾਂ ਵਿੱਚੋਂ 1075 ਅਸਾਮੀਆਂ ’ਤੇ ਨਿਯੁਕਤੀਆਂ ਹਨ, ਜਦਕਿ 785 ਅਸਾਮੀਆਂ ਖਾਲੀ ਪਈਆਂ ਹਨ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਸਤ 2026 ਦੇ ਅਖੀਰ ਤੱਕ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ।
ਹਾਲਾਂਕਿ ਅਗਸਤ ਮਹੀਨਾ ਬੀਤ ਚੁੱਕਾ ਹੈ ਅਤੇ ਸਤੰਬਰ ਵੀ ਅੱਧਾ ਲੰਘਣ ਵਾਲਾ ਹੈ, ਪਰ ਅਜੇ ਤੱਕ ਇਸ਼ਤਿਹਾਰ ਜਾਰੀ ਹੋਣ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਸਥਿਤੀ ਨੂੰ ਲੈ ਕੇ ਬੇਰੁਜ਼ਗਾਰ ਲਾਇਬ੍ਰੇਰੀਅਨ ਉਮੀਦਵਾਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਭਰਤੀ ਦੇ ਐਲਾਨ ਤਾਂ ਕੀਤੇ ਜਾਂਦੇ ਹਨ, ਪਰ ਅਮਲੀ ਤੌਰ ’ਤੇ ਪ੍ਰਕਿਰਿਆ ਅੱਗੇ ਨਹੀਂ ਵਧ ਰਹੀ।
ਉਮੀਦਵਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਖਾਲੀ ਅਸਾਮੀਆਂ ਸਬੰਧੀ ਤੁਰੰਤ ਇਸ਼ਤਿਹਾਰ ਜਾਰੀ ਕਰਕੇ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨਾਂ ਦੀ ਘਾਟ ਦਾ ਸਿੱਧਾ ਅਸਰ ਵਿਦਿਆਰਥੀਆਂ ਦੀ ਪੜ੍ਹਨ ਅਤੇ ਗਿਆਨ ਹਾਸਲ ਕਰਨ ਦੀਆਂ ਸਹੂਲਤਾਂ ’ਤੇ ਵੀ ਪੈ ਰਿਹਾ ਹੈ।
















