ਪੰਜਾਬ ਦੇ 75% ਸਰਕਾਰੀ ਸਕੂਲ ਹੋਏ ਖ਼ਾਲੀ! ਪੜ੍ਹਾਈ ਛੱਡ ਕੇ ਮਰਦਮਸ਼ੁਮਾਰੀ ਅਤੇ ਡਰੱਗ ਸਰਵੇ ‘ਚ ਉਲਝੇ ਅਧਿਆਪਕ

 

ਪੰਜਾਬ ਦੇ 75% ਸਰਕਾਰੀ ਸਕੂਲ ਹੋਏ ਖ਼ਾਲੀ; ਪੜ੍ਹਾਈ ਛੱਡ ਕੇ ਮਰਦਮਸ਼ੁਮਾਰੀ ਅਤੇ ਡਰੱਗ ਸਰਵੇ ‘ਚ ਉਲਝੇ ਅਧਿਆਪਕ

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ: ਗ਼ੈਰ-ਵਿੱਦਿਅਕ ਡਿਊਟੀਆਂ ਤੋਂ ਤੰਗ ਅਧਿਆਪਕਾਂ ਨੇ ਗੰਭੀਰਪੁਰ ‘ਚ ਖੋਲ੍ਹਿਆ ਮੋਰਚਾ

ਸ੍ਰੀ ਆਨੰਦਪੁਰ ਸਾਹਿਬ/ਗੰਭੀਰਪੁਰ, 28 ਅਪ੍ਰੈਲ 2026: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਜੱਦੀ ਪਿੰਡ ਗੰਭੀਰਪੁਰ ਵਿੱਚ ਉਸ ਸਮੇਂ ਹੰਗਾਮੀ ਸਥਿਤੀ ਬਣ ਗਈ ਜਦੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਸੈਂਕੜੇ ਅਧਿਆਪਕਾਂ ਨੇ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ।

ਅਧਿਆਪਕਾਂ ਨੇ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਗ਼ੈਰ-ਵਿੱਦਿਅਕ ਡਿਊਟੀਆਂ ਅਤੇ ਮੰਗਾਂ ਵੱਲ ਧਿਆਨ ਨਾ ਦੇਣ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਮੋਰਚੇ ਦੇ ਆਗੂਆਂ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ, ਜਨਗਣਨਾ (ਮਰਦਮਸ਼ੁਮਾਰੀ) ਦੇ ਕੰਮ ਵਿੱਚ ਲਗਭਗ 75 ਫ਼ੀਸਦੀ ਅਧਿਆਪਕਾਂ ਨੂੰ ਲਗਾ ਦਿੱਤਾ ਗਿਆ ਹੈ, ਜਿਸ ਕਾਰਨ ਸਕੂਲਾਂ ਵਿੱਚ ਪੜ੍ਹਾਈ ਅਤੇ ਨਵੇਂ ਦਾਖ਼ਲੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ।

ਅਧਿਆਪਕਾਂ ਨੂੰ ਹੁਣ ਜ਼ਬਰਦਸਤੀ ‘ਡਰੱਗ ਸਰਵੇ’ ਵਿੱਚ ਵੀ ਜੋੜਿਆ ਜਾ ਰਿਹਾ ਹੈ, ਜਦਕਿ ਉਹ ਪਹਿਲਾਂ ਹੀ ਬੀ.ਐੱਲ.ਓ. (BLO) ਅਤੇ ਐੱਸ.ਆਈ.ਆਰ. ਵਰਗੇ ਕੰਮਾਂ ਵਿੱਚ ਰੁੱਝੇ ਹੋਏ ਹਨ।

‘ਮਿਸ਼ਨ ਸਮਰੱਥ’ ਦੇ ਨਾਂ ‘ਤੇ ਰੋਜ਼ਾਨਾ ਗੂਗਲ ਫਾਰਮ ਭਰਵਾਉਣ ਅਤੇ ਪੜ੍ਹਾਈ ਦੇ ਸਮੇਂ ਸੈਮੀਨਾਰ ਕਰਵਾ ਕੇ ਅਧਿਆਪਕਾਂ ਦਾ ਸਮਾਂ ਬਰਬਾਦ ਕੀਤਾ ਜਾ ਰਿਹਾ ਹੈ।

ਕਨਵੀਨਰ ਸੁਖਵਿੰਦਰ ਸਿੰਘ ਚਾਹਲ, ਸਰਿੰਦਰ ਪੁਆਰੀ ਅਤੇ ਸੁਰਿੰਦਰ ਕੰਬੋਜ ਨੇ ਕਿਹਾ ਕਿ ਸਰਕਾਰ ਸਿਰਫ਼ ਇਸ਼ਤਿਹਾਰਾਂ ਵਿੱਚ ਸਿੱਖਿਆ ਕ੍ਰਾਂਤੀ ਦੇ ਦਾਅਵੇ ਕਰ ਰਹੀ ਹੈ, ਜਦਕਿ ਹਕੀਕਤ ਇਹ ਹੈ ਕਿ, ਸਕੂਲਾਂ ਵਿੱਚ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ।

ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ 18 ਫ਼ੀਸਦੀ ਮਹਿੰਗਾਈ ਭੱਤਾ (DA) ਅਜੇ ਤੱਕ ਨਹੀਂ ਦਿੱਤਾ ਗਿਆ। ਨਵੀਆਂ ਭਰਤੀਆਂ ਕਰਨ ਦੀ ਬਜਾਏ ਮੌਜੂਦਾ ਸਟਾਫ਼ ‘ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ।

4 ਮਈ ਦੀ ਮੀਟਿੰਗ ਦੇ ਭਰੋਸੇ ਮਗਰੋਂ ਧਰਨਾ ਸਮਾਪਤ

ਪ੍ਰਦਰਸ਼ਨ ਦੀ ਸੂਚਨਾ ਮਿਲਦੇ ਹੀ ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਅਤੇ ਐੱਸ.ਐੱਚ.ਓ. ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਅਧਿਕਾਰੀਆਂ ਨੇ ਅਧਿਆਪਕ ਆਗੂਆਂ ਨਾਲ ਲੰਬੀ ਗੱਲਬਾਤ ਕੀਤੀ।

ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ 4 ਮਈ ਨੂੰ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਮਿਲਣ ਤੋਂ ਬਾਅਦ ਅਧਿਆਪਕਾਂ ਨੇ ਆਪਣਾ ਧਰਨਾ ਸਮਾਪਤ ਕੀਤਾ। ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੀਟਿੰਗ ਵਿੱਚ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।