Bus Accident: ਪੰਜਾਬ ‘ਚ ਵਾਪਰਿਆ ਵੱਡਾ ਹਾਦਸਾ! ਬੱਸ ਦੀ ਟਰੱਕ ਨਾਲ ਹੋਈ ਟੱਕਰ; ਡਰਾਈਵਰ ਦੀ ਮੌਤ- 15 ਸਵਾਰੀਆਂ ਗੰਭੀਰ ਜ਼ਖ਼ਮੀ
ਫ਼ਤਿਹਗੜ੍ਹ ਸਾਹਿਬ ਨੇੜੇ ਭਿਆਨਕ ਸੜਕ ਹਾਦਸਾ: ਦਿੱਲੀ ਤੋਂ ਕਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਟਰਾਲੇ ਨਾਲ ਟਕਰਾਈ; ਡਰਾਈਵਰ ਦੀ ਮੌਤ, 15 ਸਵਾਰੀਆਂ ਜ਼ਖ਼ਮੀ
ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ ਬੱਸ ਵਿੱਚ ਸਵਾਰ ਸ਼ਰਧਾਲੂ
ਤੇਜ਼ ਰਫ਼ਤਾਰ ਬੱਸ ਦੀ ਟਰਾਲੇ ਨਾਲ ਹੋਈ ਜ਼ਬਰਦਸਤ ਟੱਕਰ; ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਹੋਇਆ ਢਹਿ-ਢੇਰੀ
ਫ਼ਤਿਹਗੜ੍ਹ ਸਾਹਿਬ, 28 ਮਈ 2026-
Bus Accident: ਫ਼ਤਿਹਗੜ੍ਹ ਸਾਹਿਬ ਦੇ ਨਜ਼ਦੀਕ ਇੱਕ ਬੇਹੱਦ ਭਿਆਨਕ ਅਤੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦਿੱਲੀ ਤੋਂ ਜੰਮੂ-ਕਟੜਾ ਵੱਲ ਜਾ ਰਹੀ ਬੱਸ ਸੜਕ ‘ਤੇ ਜਾ ਰਹੇ ਇੱਕ ਟਰਾਲੇ ਨਾਲ ਜ਼ਬਰਦਸਤ ਤਰੀਕੇ ਨਾਲ ਟਕਰਾ ਗਈ।
ਇਹ ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਵਿੱਚ ਬੱਸ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਬੱਸ ਵਿੱਚ ਸਵਾਰ ਕਰੀਬ 15 ਸ਼ਰਧਾਲੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰ ਸਾਰੇ ਸ਼ਰਧਾਲੂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਕਟੜਾ ਜਾ ਰਹੇ ਸਨ। ਜਦੋਂ ਬੱਸ ਫ਼ਤਿਹਗੜ੍ਹ ਸਾਹਿਬ ਦੇ ਇਲਾਕੇ ਨੇੜੇ ਪਹੁੰਚੀ, ਤਾਂ ਅਚਾਨਕ ਅੱਗੇ ਜਾ ਰਹੇ ਟਰਾਲੇ ਨਾਲ ਇਸ ਦੀ ਸਿੱਧੀ ਅਤੇ ਜ਼ੋਰਦਾਰ ਟੱਕਰ ਹੋ ਗਈ।
ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਿਆ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਘਟਨਾ ਸਥਾਨ ਤੋਂ ਸਾਹਮਣੇ ਆਈਆਂ ਤਸਵੀਰਾਂ ਖ਼ੁਦ ਹਾਦਸੇ ਦੀ ਭਿਆਨਕਤਾ ਨੂੰ ਬਿਆਨ ਕਰ ਰਹੀਆਂ ਹਨ। ਟੱਕਰ ਹੋਣ ਕਾਰਨ ਬੱਸ ਦਾ ਅਗਲਾ ਹਿੱਸਾ, ਖ਼ਾਸ ਕਰਕੇ ਡਰਾਈਵਰ ਸਾਈਡ ਬੁਰੀ ਤਰ੍ਹਾਂ ਕੁਚਲੀ ਗਈ।
ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਬੱਸ ਡਰਾਈਵਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਵਾਲਾ ਪਾਸਾ ਬੁਰੀ ਤਰ੍ਹਾਂ ਨੁਕਸਾਨੇ ਜਾਣ ਕਰਕੇ ਉਹ ਅੰਦਰ ਹੀ ਫਸ ਗਿਆ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖ਼ਮੀ ਸਵਾਰੀਆਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।






