ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੇ ਹੱਕ ਵਿੱਚ ਨਿੱਤਰੀ ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ- ਕਿਹਾ ਕਿ, “ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਦੀ ਬੇਰਹਿਮੀ ਨਾਲ ਕੁੱਟਮਾਰ ਸਰਕਾਰ ਦੇ ਨੰਗੇਪੁਣੇ ਦੀ ਜਿਉਂਦੀ ਜਾਗਦੀ ਤਸਵੀਰ”
ਚੰਡੀਗੜ੍ਹ, 5 ਜੂਨ 2026:
ਪਟਿਆਲਾ ਵਿਖੇ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਕਥਿਤ ਲਾਠੀਚਾਰਜ ਅਤੇ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ ਦਾ ਮਾਮਲਾ ਹੁਣ ਭਖਦਾ ਜਾ ਰਿਹਾ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸੂਬੇ ਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ ਵਿੱਚ ਵੀ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ‘ਜੋਆਇੰਟ ਐਕਸ਼ਨ ਕਮੇਟੀ ਸਰਵ ਸਿੱਖਿਆ ਅਭਿਆਨ (SSA) ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ‘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ।
ਜੋਆਇੰਟ ਐਕਸ਼ਨ ਕਮੇਟੀ ਅਤੇ ਯੂਨੀਅਨ ਦੇ ਪ੍ਰਮੁੱਖ ਆਗੂ ਰਜਿੰਦਰ ਸਿੰਘ ਸੰਧਾ ਅਤੇ ਹੋਰਨਾਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਪਣੇ ਹੱਕੀ ਰੁਜ਼ਗਾਰ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੇਰਹਿਮੀ ਨਾਲ ਕੁੱਟਿਆ ਜਾਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਬਦਲਾਅ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਦੇ ਨੰਗੇਪੁਣੇ ਦੀ ਜਿਉਂਦੀ ਜਾਗਦੀ ਤਸਵੀਰ ਹੈ, ਜੋ ਰੁਜ਼ਗਾਰ ਮੰਗਣ ਵਾਲੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਲਾਠੀਆਂ ਨਾਲ ਨਿਵਾਜ ਰਹੀ ਹੈ।
ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਉੱਚ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਬੇਰੁਜ਼ਗਾਰਾਂ ਉੱਪਰ ਅੰਨ੍ਹਾ ਤਸ਼ੱਦਦ ਢਾਹ ਰਹੀ ਪੁਲਿਸ ਦੇ ਉਨ੍ਹਾਂ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਪਰਚਾ (FIR) ਦਰਜ ਕੀਤਾ ਜਾਵੇ ਜਿਨ੍ਹਾਂ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਨੌਜਵਾਨਾਂ ‘ਤੇ ਲਾਠੀਆਂ ਵਰ੍ਹਾਈਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀ ਮੁਲਾਜ਼ਮਾਂ ‘ਤੇ ਸਖ਼ਤ ਕਾਰਵਾਈ ਨਾ ਕੀਤੀ ਗਈ ਅਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।













