Teacher News: ਆਰਟ ਐਂਡ ਕਰਾਫਟ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਸਕੱਤਰ ਅਤੇ ਸਬ-ਕਮੇਟੀ ਨਾਲ ਅਹਿਮ ਮੀਟਿੰਗ; ਜਲਦ ਹੱਲ ਦਾ ਮਿਲਿਆ ਭਰੋਸਾ
Teacher News: ਬੇਰੁਜ਼ਗਾਰ ਪੀ-ਟੈੱਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਵਫਦ ਦੀ ਸਬ-ਕਮੇਟੀ ਅਤੇ ਸਿੱਖਿਆ ਸਕੱਤਰ ਨਾਲ ਅਹਿਮ ਪੈਨਲ ਮੀਟਿੰਗ, ਜਲਦ ਹੱਲ ਦਾ ਦਿੱਤਾ ਭਰੋਸਾ
ਚੰਡੀਗੜ੍ਹ, 9 ਜੂਨ 2026:
Teacher News: ਬੇਰੁਜ਼ਗਾਰ ਪੀ-ਟੈੱਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਵਫਦ ਦੀ ਕੱਲ ਸਬ-ਕਮੇਟੀ ਅਤੇ ਸਿੱਖਿਆ ਸਕੱਤਰ ਨਾਲ ਅਹਿਮ ਪੈਨਲ ਮੀਟਿੰਗ ਹੋਈ। ਮੀਟਿੰਗ ਦੌਰਾਨ ਆਰਟ ਐਂਡ ਕਰਾਫਟ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਭਰਤੀ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਬੇਰੁਜ਼ਗਾਰ ਪੀ-ਟੈੱਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਬੇਰੁਜਗਾਰ ਅਧਿਆਪਕ ਪਿਛਲੇ ਕਈ ਸਾਲਾਂ ਤੋਂ ਭਰਤੀ ਦੀ ਉਡੀਕ ਕਰ ਰਹੇ ਹਨ ਅਤੇ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਮੀਟਿੰਗਾਂ, ਧਰਨਿਆਂ ਅਤੇ ਪ੍ਰਦਰਸ਼ਨਾਂ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।
ਸਿੱਖਿਆ ਸਕੱਤਰ ਨੇ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਜਲਦ ਹੀ ਇਸ ਦਾ ਨਿਬੇੜਾ ਕਰਨ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਫ਼ਦ ਨੂੰ ਕੁਝ ਹੋਰ ਸਮਾਂ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ।
ਮੀਟਿੰਗ ਤੋਂ ਬਾਅਦ ਸਿੱਖਿਆ ਸਕੱਤਰ ਨੇ ਯੂਨੀਅਨ ਆਗੂਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਵੀ ਦੁਹਰਾਇਆ ਕਿ ਸਰਕਾਰ ਅਤੇ ਵਿਭਾਗ ਬੇਰੁਜ਼ਗਾਰ ਪੀ-ਟੈੱਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਬੇਰੁਜਗਾਰ ਅਧਿਆਪਕਾਂ ਦੇ ਮਸਲੇ ਦੇ ਹੱਲ ਲਈ ਵਚਨਬੱਧ ਹਨ ਅਤੇ ਜਲਦ ਕੋਈ ਸਕਾਰਾਤਮਕ ਫ਼ੈਸਲਾ ਲਿਆ ਜਾਵੇਗਾ।
ਇਸ ਉਪਰੰਤ ਵਫ਼ਦ ਨੇ ਦੁਬਾਰਾ ਤੋਂ ਵੱਖਰੇ ਤੌਰ ਤੇ ਸਬ-ਕਮੇਟੀ ਦੇ ਚੇਅਰਮੈਨ ਚੀਮਾ ਸਾਹਿਬ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ‘ਤੇ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਜਲਦ ਹੀ ਵਿਭਾਗ ਵੱਲੋਂ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਬੇਰੁਜ਼ਗਾਰ ਪੀ-ਟੈੱਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਵਫਦ ਦੇ ਸੂਬਾ ਪ੍ਰਧਾਨ ਰਕੇਸ਼ ਮਾਨਸਾ ਨੇ ਕਿਹਾ ਕਿ ਜੇਕਰ ਜਲਦ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਸੰਘਰਸ਼ ਜਾਂ ਧਰਨੇ ਦਾ ਸੱਦਾ ਦਿੱਤਾ ਜਾਵੇ ਤਾਂ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਏਕਤਾ ਦਾ ਸਬੂਤ ਦਿੱਤਾ ਜਾਵੇ।

















