Punjab News: ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ; ਧਰਨੇ-ਰੈਲੀਆਂ ‘ਤੇ ਲਗਾਈ ਪਾਬੰਦੀ

On: ਜੂਨ 9, 2026 7:30 ਬਾਃ ਦੁਃ

 

Punjab News: ਪ੍ਰਸ਼ਾਸਨ ਵੱਲੋਂ ਧਾਰਾ 163 ਲਾਗੂ; 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ- ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਅਤੇ ਸੋਸ਼ਲ ਮੀਡੀਆ ‘ਤੇ ਭੜਕਾਊ ਸਮੱਗਰੀ ਪੋਸਟ ਕਰਨ ‘ਤੇ ਵੀ ਲੱਗੀ ਰੋਕ

ਪਟਿਆਲਾ, 9 ਜੂਨ 2026-

Punjab News: ਧਰਨੇ-ਰੈਲੀਆਂ ਅਤੇ ਪ੍ਰਦਰਸ਼ਨਾਂ ਦੇ ਸਿਰ ‘ਤੇ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਇੱਕ ਵੱਡਾ ਪ੍ਰਸ਼ਾਸਨਿਕ ਫੈਸਲਾ ਲਿਆ ਗਿਆ ਹੈ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪ੍ਰਸ਼ਾਸਨ ਨੇ ਪਟਿਆਲਾ ਦੀ ਹੱਦ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 163 ਲਾਗੂ ਕਰ ਦਿੱਤੀ ਹੈ।

ਇਸ ਦੇ ਤਹਿਤ ਹੁਣ ਜ਼ਿਲ੍ਹੇ ਵਿੱਚ ਧਰਨੇ-ਰੈਲੀਆਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਹੋਵੇਗੀ। ਇਹ ਹੁਕਮ ਪਟਿਆਲਾ ਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ADC) ਅਨੁਪ੍ਰਿਤਾ ਜੌਹਲ ਵੱਲੋਂ ਜਾਰੀ ਕੀਤੇ ਗਏ ਹਨ।

ਹਥਿਆਰਾਂ ਦੇ ਪ੍ਰਦਰਸ਼ਨ ਅਤੇ ਸੋਸ਼ਲ ਮੀਡੀਆ ਪੋਸਟਾਂ ‘ਤੇ ਵੀ ਪਾਬੰਦੀ

ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ, ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਵਿਆਹ-ਸਮਾਗਮਾਂ, ਜਲੂਸਾਂ ਜਾਂ ਹੋਰ ਜਨਤਕ ਥਾਵਾਂ ‘ਤੇ ਹਥਿਆਰ ਲੈ ਕੇ ਜਾਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਹਥਿਆਰਾਂ ਨਾਲ ਤਸਵੀਰਾਂ ਜਾਂ ਵੀਡੀਓਜ਼ ਪੋਸਟ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਊ ਸਮੱਗਰੀ ਫੈਲਾਉਣ ‘ਤੇ ਵੀ ਸਖ਼ਤ ਮਨਾਹੀ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀਆਂ 1 ਜੂਨ 2026 ਤੋਂ 31 ਜੁਲਾਈ 2026 ਤੱਕ ਲਾਗੂ ਰਹਿਣਗੀਆਂ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਟਿਆਲਾ ਸਥਿਤ ਪਾਵਰਕਾਮ (PSPCL) ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਅਪ੍ਰੈਂਟਿਸ ਲਾਈਨਮੈਨਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਮੁੱਦਾ ਇਸ ਵੇਲੇ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਪੁਲਿਸ ਦੇ ਇਸ ਵਤੀਰੇ ਅਤੇ ਬਲ ਪ੍ਰਯੋਗ ਨੂੰ ਲੈ ਕੇ ਵਿਰੋਧੀ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਘੇਰਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ, ‘ਪੰਜਾਬ ਹਿਊਮਨ ਰਾਈਟਸ’ (ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ) ਵੱਲੋਂ ਵੀ ਇਸ ਮਾਮਲੇ ‘ਚ ਸੂ-ਮੋਟੋ (ਖ਼ੁਦ ਨੋਟਿਸ) ਲੈਂਦਿਆਂ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਇਸੇ ਤਣਾਅਪੂਰਨ ਮਾਹੌਲ ਅਤੇ ਮੁੜ ਹੋਣ ਵਾਲੇ ਸੰਭਾਵਿਤ ਪ੍ਰਦਰਸ਼ਨਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ।

 

Join WhatsApp

Join Now

Leave a Comment