Punjab News: ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਧਰਨਾ ਜਾਰੀ; ਆਊਟਸੋਰਸ਼ਡ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਵਿੱਚ ਮਰਜ਼ ਕਰੇ ਮੈਨੇਜ਼ਮੈਂਟ
ਲਹਿਰਾ ਮੁਹੱਬਤ, 11 ਜੂਨ 2026 – ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੇ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਦੂਜੇ ਦਿਨ ਵੀ ਜਾਰੀ ਰੱਖਿਆ।

ਇਸ ਸਮੇਂ ਹਾਜ਼ਿਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਲਛਮਣ ਸਿੰਘ ਰਾਮਪੁਰਾ,ਗੁਰਸ਼ਰਨ ਕੋਟੜਾ,ਜਗਤਾਰ ਸੰਧੂ,ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।
ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਬਾਅ ਸਦਕਾ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ 24 ਮਈ ਨੂੰ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੇ ਹਫ਼ਤੇ ਵਿਭਾਗ ਵਿੱਚ ਮਰਜ਼ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋ 09 ਜੂਨ ਤੋਂ ਪਲਾਂਟ ਦੇ ਮੁੱਖ ਗੇਟ ਅੱਗੇ ਪਰਿਵਾਰਾਂ ਸਮੇਤ ਸੁਰੂ ਕੀਤਾ ਧਰਨਾ ਤੀਜੇ ਦਿਨ ਵੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ।














