PSPCL News! ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਇਕਲੌਤੇ ਪੁੱਤਰ ਦੀ ਮੌਤ; ਪਰਿਵਾਰ ਨੇ ਲਾਸ਼ ਟਰਾਲੀ ‘ਚ ਰੱਖ ਕੇ ਲਾਇਆ ਧਰਨਾ
ਸੁਲਤਾਨਪੁਰ ਲੋਧੀ, 13 ਜੂਨ 2026:
PSPCL News! ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਰਾਮਪੁਰ ਜਗੀਰ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਫ਼ਰਜ਼ ਨਿਭਾਉਂਦੇ ਸਮੇਂ ਇੱਕ ਨੌਜਵਾਨ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਓਂਕਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਹਾਦਸੇ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਪਿੰਡ ਫੱਤੂਵਾਲ ਲੋਹੀਆਂ ਵਿਖੇ ਲਾਸ਼ ਨੂੰ ਟਰਾਲੀ ਵਿੱਚ ਰੱਖ ਕੇ ਪਾਵਰਕਾਮ (PSPCL) ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਲਾ ਦਿੱਤਾ।
ਪਰਿਵਾਰਕ ਮੈਂਬਰਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ‘ਤੇ ਗੰਭੀਰ ਲਾਪਰਵਾਹੀ ਵਰਤਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਦੱਸਿਆ ਕਿ ਓਂਕਾਰ ਸਿੰਘ ਬਿਜਲੀ ਦੀ ਖ਼ਰਾਬੀ ਠੀਕ ਕਰਨ ਲਈ ਖੰਭੇ ‘ਤੇ ਚੜ੍ਹਿਆ ਹੋਇਆ ਸੀ। ਕੰਮ ਸ਼ੁਰੂ ਕਰਨ ਤੋਂ ਪਹਿਲਾਂ ਨਿਯਮਾਂ ਮੁਤਾਬਕ ਲਾਈਨ ਬੰਦ (ਪਰਮਿਟ) ਕਰਵਾਈ ਗਈ ਸੀ, ਪਰ ਇਸ ਦੇ ਬਾਵਜੂਦ ਕੰਮ ਦੌਰਾਨ ਅਚਾਨਕ ਪਿੱਛੋਂ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਗਈ। ਲਾਈਨ ਵਿੱਚ ਕਰੰਟ ਆਉਣ ਕਰਕੇ ਓਂਕਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਰਿਵਾਰ ਨੇ ਬਿਜਲੀ ਵਿਭਾਗ (PSPCL) ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਸਵਾਲ ਖੜ੍ਹੇ ਕੀਤੇ ਕਿ ਜਦੋਂ ਨੌਜਵਾਨ ਨੇ ਪਰਮਿਟ ਲਿਆ ਹੋਇਆ ਸੀ, ਤਾਂ ਲਾਈਨ ਵਿੱਚ ਕਰੰਟ ਕਿਵੇਂ ਛੱਡਿਆ ਗਿਆ? ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਫੀਲਡ ਵਿੱਚ ਕੰਮ ਕਰਨ ਵਾਲੇ ਬਿਜਲੀ ਮੁਲਾਜ਼ਮਾਂ ਨੂੰ ਵਿਭਾਗ ਵੱਲੋਂ ਕੋਈ ਸੇਫ਼ਟੀ ਕਿੱਟ (Safety Kit) ਮੁਹੱਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਧਰਨਾਕਾਰੀ ਪਰਿਵਾਰ ਨਾਲ ਗੱਲਬਾਤ ਕੀਤੀ। ਪੁਲਿਸ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਮੁਤਾਬਕ ਨੌਜਵਾਨ ਓਂਕਾਰ ਸਿੰਘ ਬੀਤੀ ਰਾਤ ਆਈ ਤੇਜ਼ ਹਨ੍ਹੇਰੀ ਕਾਰਨ ਖ਼ਰਾਬ ਹੋਈ ਬਿਜਲੀ ਲਾਈਨ ਨੂੰ ਠੀਕ ਕਰਨ ਗਿਆ ਸੀ, ਜਿੱਥੇ ਇਹ ਭਾਣਾ ਵਾਪਰ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਪਰਵਾਹੀ ਵਰਤਣ ਵਾਲੇ ਦੋਸ਼ੀਆਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


















