CM ਭਗਵੰਤ ਮਾਨ ‘ਪੰਥ ਵਿਰੋਧੀ’ ਕਰਾਰ! ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸਿਕ ਫ਼ੈਸਲਾ; ਕਿਹਾ- ਸਿੱਖ ਸੰਗਤ ਮੁੱਖ ਮੰਤਰੀ ਨੂੰ ਲਾਵੇ
ਪੰਜ ਸਿੰਘ ਸਾਹਿਬਾਨ ਦਾ ਖ਼ਾਲਸਾ ਪੰਥ ਨੂੰ ਆਦੇਸ਼- ‘ਮੁੱਖ ਮੰਤਰੀ ਮਾਨ ਨੂੰ ਮੂੰਹ ਨਾ ਲਗਾਇਆ ਜਾਵੇ’

ਤਸਵੀਰਾਂ ਦੀ ਬੇਅਦਬੀ ਮਾਮਲੇ ‘ਚ ਮੁੱਖ ਮੰਤਰੀ ਦੋਸ਼ੀ ਕਰਾਰ; ‘ਸਤਿਕਾਰ ਸੋਧ ਐਕਟ’ ‘ਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਘਿਰੀ।
ਵਿਦੇਸ਼ੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮਾਮਲਿਆਂ ‘ਤੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਹਿਮ ਆਦੇਸ਼ ਜਾਰੀ।
ਅੰਮ੍ਰਿਤਸਰ, 15 ਜੂਨ 2026:
ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇੱਕ ਅਹਿਮ ਇਕੱਤਰਤਾ ਦੌਰਾਨ ਪੰਜਾਬ ਦੀ ਸਿਆਸਤ ਅਤੇ ਸਿੱਖ ਜਗਤ ਨਾਲ ਜੁੜੇ ਕਈ ਬੇਹੱਦ ਸਖ਼ਤ ਅਤੇ ਵੱਡੇ ਫੈਸਲੇ ਲਏ ਗਏ ਹਨ। ਪੰਜ ਸਿੰਘ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਦੋਸ਼ੀ ਮੰਨਦਿਆਂ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦੇ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਇਹ ਆਦੇਸ਼ ਅਤੇ ਹੁਕਮਨਾਮੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਗਏ ਹਨ। ਇਸ ਹੁਕਮਨਾਮੇ ਰਾਹੀਂ ਦੇਸ਼-ਵਿਦੇਸ਼ ਦੀਆਂ ਸਮੁੱਚੀਆਂ ਸੰਗਤਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਖ਼ਾਲਸਾ ਪੰਥ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੂੰਹ ਨਾ ਲਗਾਵੇ ਅਤੇ ਉਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ।
ਪੰਜਾਬ ਕੈਬਨਿਟ ਅਤੇ ਸਿੱਖ ਵਿਧਾਇਕ 29 ਜੂਨ ਨੂੰ ਤਲਬ
ਇਸ ਦੇ ਨਾਲ ਹੀ, ਹਾਲ ਹੀ ਵਿੱਚ ਵਿਵਾਦਾਂ ਵਿੱਚ ਘਿਰੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਨੂੰ ਪਾਸ ਕਰਨ ਦੇ ਮਾਮਲੇ ਵਿੱਚ ਵੀ ਪੰਜ ਸਿੰਘ ਸਾਹਿਬਾਨ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸ ਐਕਟ ਨੂੰ ਮਨਜ਼ੂਰੀ ਦੇਣ ਵਾਲੀ ਪੰਜਾਬ ਦੀ ਸਮੁੱਚੀ ਕੈਬਿਨਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਸਿਆਸੀ ਪਾਰਟੀਆਂ (ਸੱਤਾਧਾਰੀ ਅਤੇ ਵਿਰੋਧੀ ਧਿਰਾਂ) ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਨੂੰ ਵਿਸ਼ੇਸ਼ ਹੁਕਮਨਾਮਾ ਜਾਰੀ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
ਪੰਜ ਸਿੰਘ ਸਾਹਿਬਾਨ ਦੀ ਇਸ ਉੱਚ-ਪੱਧਰੀ ਇਕੱਤਰਤਾ ਦੌਰਾਨ ਨਾ ਸਿਰਫ਼ ਪੰਜਾਬ, ਬਲਕਿ ਵਿਦੇਸ਼ਾਂ ਵਿੱਚ ਬੈਠੇ ਸਿੱਖ ਪ੍ਰਬੰਧਾਂ ਅਤੇ ਉੱਥੋਂ ਦੇ ਮਾਮਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਚੱਲ ਰਹੇ ਆਪਸੀ ਵਿਵਾਦਾਂ ਅਤੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ, ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਬਾਰੇ ਵੀ ਅਹਿਮ ਅਤੇ ਵਿਸ਼ੇਸ਼ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਸਿੱਖ ਮਰਿਆਦਾ ਨੂੰ ਕਾਇਮ ਰੱਖਿਆ ਜਾ ਸਕੇ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਇਨ੍ਹਾਂ ਸਖ਼ਤ ਫੈਸਲਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡਾ ਭੁਚਾਲ ਆਉਣਾ ਤੈਅ ਮੰਨਿਆ ਜਾ ਰਿਹਾ ਹੈ।
















