Pak Breaking: ਗੁਰਦੁਆਰੇ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ
ਮਰਦਾਨ (ਪਾਕਿਸਤਾਨ), 17 ਜੂਨ 2026–
ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦਿਲ-ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਗੁਰਦੁਆਰਾ ਸਾਹਿਬ ਦੇ ਅੰਦਰ ਵੜ ਕੇ ਅਣਪਛਾਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ, ਜਿਸ ਵਿੱਚ ਗੁਰਦੁਆਰਾ ਸਾਹਿਬ ਦੀ ਦੇਖਭਾਲ ਕਰਨ ਵਾਲੇ ਇੱਕ ਸਿੱਖ ਜੋੜੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਇਹ ਖ਼ੂਨੀ ਘਟਨਾ ਪਿਸ਼ਾਵਰ ਤੋਂ ਲਗਭਗ 60 ਕਿਲੋਮੀਟਰ ਦੂਰ, ਮਰਦਾਨ ਜ਼ਿਲ੍ਹੇ ਦੇ ਬਾਬੂ ਮੁਹੱਲਾ ਖੇਤਰ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਇਹ ਹਮਲਾ ਬੁੱਧਵਾਰ ਨੂੰ ਉਸ ਵੇਲੇ ਹੋਇਆ ਜਦੋਂ ਜੋੜਾ ਗੁਰਦੁਆਰਾ ਸਾਹਿਬ ਦੇ ਅੰਦਰ ਮੌਜੂਦ ਸੀ।
ਮ੍ਰਿਤਕਾਂ ਦੀ ਪਛਾਣ ਜਗਨਨਾਥ ਅਤੇ ਉਨ੍ਹਾਂ ਦੀ ਪਤਨੀ ਅਸਮਾ ਵਾਂਟੀ ਵਜੋਂ ਹੋਈ ਹੈ, ਜੋ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਦੀ ਸੇਵਾ-ਸੰਭਾਲ ਕਰ ਰਹੇ ਸਨ।
ਮਰਦਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ (DPO) ਮਸੂਦ ਅਹਿਮਦ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ, “ਹਮਲਾਵਰਾਂ ਨੇ ਗੁਰਦੁਆਰੇ ਦੇ ਅੰਦਰ ਦਾਖ਼ਲ ਹੋ ਕੇ ਸਿੱਧੀਆਂ ਗੋਲੀਆਂ ਚਲਾਈਆਂ, ਜਿਸ ਕਾਰਨ ਜਗਨਨਾਥ ਅਤੇ ਉਨ੍ਹਾਂ ਦੀ ਪਤਨੀ ਅਸਮਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।”
ਪੁਲਿਸ ਮੁਤਾਬਿਕ ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪਾਕਿਸਤਾਨ ਵਿੱਚ ਰਹਿ ਰਹੇ ਸਿੱਖ ਭਾਈਚਾਰੇ ਅਤੇ ਹੋਰ ਘੱਟਗਿਣਤੀਆਂ ਵਿੱਚ ਭਾਰੀ ਰੋਸ ਅਤੇ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਥਾਨਕ ਸੰਗਤਾਂ ਵੱਲੋਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।
















