ਜੀਆਈਐਮਟੀ ਕਾਲਜ ਬੁਢਲਾਡਾ ਵਿਖੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਵਿਸ਼ਵ ਸੰਗੀਤ ਦਿਵਸ
ਬੁਢਲਾਡਾ, 21 ਜੂਨ 2026: ਜੀਆਈਐਮਟੀ ਕਾਲਜ, ਬੁਢਲਾਡਾ ਵਿਖੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਅਤੇ ਵਿਸ਼ਵ ਸੰਗੀਤ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਯੋਗਾ ਅਤੇ ਪ੍ਰਾਣਾਯਾਮ ਦੀਆਂ ਵੱਖ-ਵੱਖ ਕਿਰਿਆਵਾਂ ਕਰਕੇ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਯੋਗਾ ਭਾਰਤ ਦੀ ਪ੍ਰਾਚੀਨ ਅਤੇ ਅਨਮੋਲ ਵਿਰਾਸਤ ਹੈ, ਜੋ ਸਰੀਰ, ਮਨ ਅਤੇ ਆਤਮਾ ਵਿਚਕਾਰ ਸੰਤੁਲਨ ਸਥਾਪਿਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ ਵਿੱਚ ਯੋਗਾ ਅਤੇ ਪ੍ਰਾਣਾਯਾਮ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਗੀਤ ਵਰਗੀਆਂ ਰਚਨਾਤਮਕ ਗਤੀਵਿਧੀਆਂ ਨਾਲ ਜੁੜ ਕੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰੇਖਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਯੋਗਾ ਅਤੇ ਪ੍ਰਾਣਾਯਾਮ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਨਿਯਮਿਤ ਯੋਗ ਅਭਿਆਸ ਵਿਅਕਤੀ ਨੂੰ ਸਰੀਰਕ ਤੌਰ ‘ਤੇ ਤੰਦਰੁਸਤ, ਮਾਨਸਿਕ ਤੌਰ ‘ਤੇ ਮਜ਼ਬੂਤ ਅਤੇ ਆਤਮਿਕ ਤੌਰ ‘ਤੇ ਸ਼ਾਂਤ ਬਣਾਉਂਦਾ ਹੈ।
ਵਿਸ਼ਵ ਸੰਗੀਤ ਦਿਵਸ ਦੇ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਗਾਇਨ ਅਤੇ ਸੰਗੀਤ ਨਾਲ ਸਬੰਧਿਤ ਵੱਖ-ਵੱਖ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਨੂੰ ਹਾਜ਼ਰ ਸਰੋਤਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਮਿਲੀ। ਸਮਾਗਮ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸੰਗੀਤ ਵਰਗੀਆਂ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
















