Crime News: ਪੰਜਾਬ ‘ਚ ਵੱਡੀ ਵਾਰਦਾਤ! ਨੌਜਵਾਨ ਨੂੰ ਤਲਵਾਰਾਂ ਨਾਲ ਵੱਢਿਆ
ਜਾਨ ਬਚਾਉਣ ਲਈ ਦੁਕਾਨ ‘ਚ ਲੁਕੇ ਨੌਜਵਾਨ ਨੂੰ ਹਮਲਾਵਰਾਂ ਨੇ ਜ਼ਬਰਦਸਤੀ ਬਾਹਰ ਖਿੱਚ ਕੇ ਕੀਤੇ ਤਾਬੜਤੋੜ ਵਾਰ- ਮ੍ਰਿਤਕ ਦੇ ਪਿਤਾ ਦੇ ਬਿਆਨਾਂ ‘ਤੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
ਪਟਿਆਲਾ, 23 ਮਈ 2026:
Crime News: ਪਟਿਆਲਾ ਸ਼ਹਿਰ ਦੇ 22 ਨੰਬਰ ਫਾਟਕ ਨੇੜੇ ਸ਼ੁੱਕਰਵਾਰ ਦੇਰ ਰਾਤ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਣ ਵਾਲੀ ਇੱਕ ਬੇਹੱਦ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਮਾਮੂਲੀ ਵਿਵਾਦ ਤੋਂ ਬਾਅਦ ਤਲਵਾਰਾਂ ਅਤੇ ਲਾਠੀਆਂ ਨਾਲ ਲੈਸ ਹੋ ਕੇ ਆਏ ਕੁਝ ਨੌਜਵਾਨਾਂ ਵੱਲੋਂ ਇੱਕ 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਦੀ ਪਛਾਣ ਮਯੰਕ (17) ਪੁੱਤਰ ਰਾਜੇਂਦਰ ਕੁਮਾਰ ਵਜੋਂ ਹੋਈ ਹੈ, ਜੋ ਕਿ ਨਰੂਗਪੁਰ, ਬਿਜਨੌਰ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ ਅਤੇ ਇੱਥੇ ਪਟਿਆਲਾ ਦੇ ਮਸ਼ਹੂਰ ‘ਜੱਗੀ ਸਵੀਟਸ’ ਵਿਖੇ ਆਪਣੇ ਭਰਾ ਗੋਲੂ ਨਾਲ ਕੰਮ ਕਰਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ, ਮੁੱਖ ਹਮਲਾਵਰ ਵੀ ਉੱਥੇ ਹੀ ਕੰਮ ਕਰਦਾ ਸੀ ਜਿੱਥੇ ਮਯੰਕ ਅਤੇ ਉਸ ਦਾ ਭਰਾ ਕੰਮ ਕਰਦੇ ਸਨ।

ਕਿਸੇ ਮਾਮੂਲੀ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸਬਾਜ਼ੀ ਹੋ ਗਈ ਸੀ। ਸ਼ੁੱਕਰਵਾਰ ਰਾਤ ਨੂੰ ਜਦੋਂ ਮਯੰਕ ਆਪਣੀ ਡਿਊਟੀ ਖ਼ਤਮ ਕਰਕੇ ਭਰਾ ਗੋਲੂ ਨਾਲ ਅਜੀਤ ਨਗਰ ਸਥਿਤ ਆਪਣੇ ਕਿਰਾਏ ਦੇ ਮਕਾਨ ਵੱਲ ਪੈਦਲ ਜਾ ਰਿਹਾ ਸੀ, ਤਾਂ ਰਸਤੇ ਵਿੱਚ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਉਨ੍ਹਾਂ ਨੂੰ ਘੇਰ ਲਿਆ।
ਹਮਲਾਵਰਾਂ ਦੇ ਹੱਥਾਂ ਵਿੱਚ ਤੇਜ਼ਧਾਰ ਤਲਵਾਰਾਂ ਅਤੇ ਲਾਠੀਆਂ ਦੇਖ ਕੇ ਮਯੰਕ ਆਪਣੀ ਜਾਨ ਬਚਾਉਣ ਲਈ ਭੱਜਿਆ ਅਤੇ ਨੇੜੇ ਦੀ ਇੱਕ ਦੁਕਾਨ ਦੇ ਅੰਦਰ ਜਾ ਕੇ ਲੁਕ ਗਿਆ। ਪਰ ਬੇਖ਼ੌਫ਼ ਹੋ ਚੁੱਕੇ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਉਸ ਨੂੰ ਜ਼ਬਰਦਸਤੀ ਬਾਹਰ ਖਿੱਚ ਲਿਆ ਅਤੇ ਸੜਕ ‘ਤੇ ਹੀ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ।
ਹਮਲਾ ਇੰਨਾ ਭਿਆਨਕ ਸੀ ਕਿ ਮਯੰਕ ਖ਼ੂਨ ਨਾਲ ਲੱਥਪੱਥ ਹੋ ਕੇ ਸੜਕ ‘ਤੇ ਡਿੱਗ ਪਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂ ਉਸ ਦੇ ਭਰਾ ਗੋਲੂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਹਮਲਾਵਰਾਂ ਨੇ ਉਸ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਪੁਲਿਸ ਨੇ ਮ੍ਰਿਤਕ ਦੇ ਪਿਤਾ ਰਾਜੇਂਦਰ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ 9 ਲੋਕਾਂ (ਜਿਨ੍ਹਾਂ ਵਿੱਚ ਕੁਝ ਅਣਪਛਾਤੇ ਵੀ ਸ਼ਾਮਲ ਹਨ) ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਹੈ।
ਪੁਲਿਸ ਮੁਤਾਬਕ ਇਹ ਪੂਰੀ ਖ਼ੂਨੀ ਵਾਰਦਾਤ ਆਸ-ਪਾਸ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਕੁਝ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਬਾਕੀ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਜਲਦ ਹੀ ਸਾਰੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਦੇ ਪਿੱਛੇ ਧੱਕਿਆ ਜਾਵੇਗਾ।
















