CM ਮਾਨ ਦੀ ਵੀਡੀਓ ਦਾ ਮਾਮਲਾ! ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ, ਕਿਹਾ- ਭਾਜਪਾ ਸਰਕਾਰ ਰਚ ਰਹੀ ਹੈ ਸਾਜ਼ਿਸ਼, ਨਿਰਪੱਖ ਜਾਂਚ ਲਈ ਹੀ ਪੰਜਾਬ ਤੋਂ ਬਾਹਰੋਂ ਕਰਵਾਈ ਸੀ ਜਾਂਚ”

ਗੁਰੂਗ੍ਰਾਮ/ਚੰਡੀਗੜ੍ਹ, 24 ਜੂਨ 2026: ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਫ਼ੋਰੈਂਸਿਕ ਲੈਬ ਰਿਪੋਰਟ ਦੇ ਵਿਵਾਦ ਵਿੱਚ ਉਸ ਵੇਲੇ ਵੱਡਾ ਮੋੜ ਆਇਆ, ਜਦੋਂ ਗੁਰੂਗ੍ਰਾਮ ਪੁਲਿਸ ਨੇ ਇੱਕ ਲੈਬ ਦੀ ਕਥਿਤ ਜਾਅਲੀ ਰਿਪੋਰਟ ਤਿਆਰ ਕਰਨ ਦੇ ਸਿਲਸਿਲੇ ਵਿੱਚ ਐਫ.ਆਈ.ਆਰ. (FIR) ਦਰਜ ਕਰ ਲਈ। ਹਿਸਾਰ ਦੇ ਸਾਈਬਰ ਮਾਹਰ ਜਸਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਅੰਕਿਤ ਅਤੇ ਅਰੁਣ ਵਜੋਂ ਹੋਈ ਹੈ।
ਹੁਣ ਇਸ ਮਾਮਲੇ ਨੂੰ ‘ਆਪ’ (AAP) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰਿਆਣਾ ਪੁਲਿਸ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਬੀਜੇਪੀ ਸਰਕਾਰ ਆਪਣੀ ਮਰਜ਼ੀ ਮੁਤਾਬਕ ਕੁਝ ਵੀ ਕਰ ਸਕਦੀ ਹੈ ਅਤੇ ਇਹ ਸਾਰੀ ਕਾਰਵਾਈ ਇੱਕ ਸਿਆਸੀ ਸਾਜ਼ਿਸ਼ ਹੈ।
ਮੁੱਖ ਮੰਤਰੀ ਭਗਵੰਤ ਮਾਨ ਬਾਰੇ ਵਾਇਰਲ ਹੋਈ ਵੀਡੀਓ ਦਾ ਜ਼ਿਕਰ ਕਰਦਿਆਂ ਅਮਨ ਅਰੋੜਾ ਨੇ ਕਿਹਾ, “ਵੀਡੀਓ ਦੀ ਜਾਂਚ ਪੰਜਾਬ ਸਰਕਾਰ ਆਪਣੀ ਕਿਸੇ ਲੈਬ ਤੋਂ ਵੀ ਕਰਵਾ ਸਕਦੀ ਸੀ, ਪਰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਹੀ ਇਸ ਨੂੰ ਬਾਹਰੋਂ ਟੈਸਟ ਕਰਵਾਇਆ ਗਿਆ ਸੀ।”
ਗੁਰੂਗ੍ਰਾਮ ਪੁਲਿਸ ਦੇ ਏ.ਸੀ.ਪੀ. (ਕ੍ਰਾਈਮ) ਨਵੀਨ ਸ਼ਰਮਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਪੰਜਾਬ ਦੇ ਵੀ ਕੁਝ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਿਕਾਇਤ ਵਿੱਚ ਜਿਹੜੀ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਦਾਅਵਾ ਕੀਤਾ ਗਿਆ ਹੈ, ਪੁਲਿਸ ਉਸ ਪਹਿਲੂ ਨੂੰ ਵੀ ਖੰਗਾਲ ਰਹੀ ਹੈ।
ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਮਾਮਲੇ ਨੂੰ ਬੇਹੱਦ ਗੰਭੀਰ ਕਰਾਰ ਦਿੱਤਾ ਗਿਆ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਹਰਿਆਣਾ ਪੁਲਿਸ ਨੂੰ ਇਸ ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਿਹਾ ਗਿਆ ਹੈ। ਬਿਆਨ ਵਿੱਚ ਸਖ਼ਤ ਲਹਿਜੇ ‘ਚ ਕਿਹਾ ਗਿਆ ਕਿ ਜਿਹੜਾ ਵੀ ਅਕਾਲ ਤਖ਼ਤ ਨਾਲ ਮੱਥਾ ਲਾਉਂਦਾ ਹੈ, ਉਸ ਦਾ ਹਸ਼ਰ ਹਮੇਸ਼ਾ ਮਾੜਾ ਹੁੰਦਾ ਹੈ।
ਦੂਜੇ ਪਾਸੇ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰੋਧੀ ਧਿਰ ਦੇ ਹੋਰਨਾਂ ਪ੍ਰਮੁੱਖ ਆਗੂਆਂ ਨੇ ਵੀ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਇਸ ਮਾਮਲੇ ‘ਚ ਤੁਰੰਤ FIR ਦਰਜ ਕਰਨ ਲਈ ਧੰਨਵਾਦ ਕੀਤਾ ਅਤੇ ਅਪੀਲ ਕੀਤੀ ਕਿ ਪੂਰੀ ਤਫ਼ਤੀਸ਼ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
















