ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ; ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ ਹਦਾਇਤਾਂ ਜਾਰੀ- ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਸਕੀਮ ਤਹਿਤ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
3 ਤੋਂ 6 ਸਾਲ ਦੇ ਬੱਚਿਆਂ ਲਈ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਨੂੰ ਵਿਭਾਗ ਤੋਂ ਪ੍ਰਵਾਨਗੀ ਲੈਣੀ ਹੋਵੇਗੀ ਲਾਜ਼ਮੀ
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੂਰ ਨੇ ਨਿਰਧਾਰਿਤ ਪਤੇ, ਫ਼ੋਨ ਨੰਬਰ ਅਤੇ ਈਮੇਲ ਆਈਡੀ ਸਾਂਝੇ ਕਰਕੇ ਬਿਨਾਂ ਦੇਰੀ ਅਪਲਾਈ ਕਰਨ ਦੀ ਕੀਤੀ ਅਪੀਲ
ਜਲੰਧਰ, 25 ਜੂਨ 2026- ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ (ECCE) ਸਕੀਮ ਅਧੀਨ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਨ੍ਹਾਂ ਹਦਾਇਤਾਂ ਤਹਿਤ ਹੁਣ ਪੰਜਾਬ ਦੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ‘ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ’ ਵੱਲੋਂ ਰਜਿਸਟ੍ਰੇਸ਼ਨ ਪ੍ਰਮਾਣ-ਪੱਤਰ ਲੈਣਾ ਪੂਰੀ ਤਰ੍ਹਾਂ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲੰਧਰ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (DPO) ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ 3 ਤੋਂ 6 ਸਾਲ ਤੱਕ ਦੇ ਮਾਸੂਮ ਬੱਚਿਆਂ ਲਈ, ਜੋ ਵੀ ਸੰਸਥਾਵਾਂ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਉਨ੍ਹਾਂ ਸਾਰੀਆਂ ਦੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਨੂੰ ਸਹੀ ਮਾਹੌਲ ਦੇਣ ਲਈ ਇਨ੍ਹਾਂ ਸਕੂਲਾਂ ਦਾ ਸਰਕਾਰ ਕੋਲ ਰਜਿਸਟਰਡ ਹੋਣਾ ਬੇਹੱਦ ਜ਼ਰੂਰੀ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਜਲੰਧਰ ਜ਼ਿਲ੍ਹੇ ਦੀਆਂ ਸਾਰੀਆਂ ਪ੍ਰਾਈਵੇਟ ਸੰਸਥਾਵਾਂ ਅਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੇ ਪਲੇਅ-ਵੇਅ ਸਕੂਲਾਂ ਦੀ ਬਿਨਾਂ ਕਿਸੇ ਦੇਰੀ ਤੋਂ ਸਰਕਾਰ ਕੋਲੋਂ ਰਜਿਸਟ੍ਰੇਸ਼ਨ ਕਰਵਾਉਣ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਜਾਂ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਉਮੀਦਵਾਰ/ਸੰਸਥਾਵਾਂ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ, ਨੇੜੇ ਸਰਸਵਤੀ ਵਿਹਾਰ, ਜਲੰਧਰ– ਫ਼ੋਨ ਨੰਬਰ: 0181-5126498– ਈਮੇਲ ਆਈਡੀ (Email IDs): dpojalandhar@rsdiffmail.com ਅਤੇ dcpojal2016@gmail.com ‘ਤੇ ਸੰਪਰਕ ਕਰ ਸਕਦੇ ਹਨ।















