ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਕਮੇਟੀ ਕਰੇਗੀ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਬਾਰੇ ਫ਼ੈਸਲਾ; 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਜਾਂ ਨਹੀਂ!

On: ਜੂਨ 26, 2026 10:36 ਪੂਃ ਦੁਃ

 

ਵੱਡੀ ਖ਼ਬਰ: ਪੰਜਾਬ ਵਿਧਾਨ ਸਭਾ ਕਮੇਟੀ ਕਰੇਗੀ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਬਾਰੇ ਫ਼ੈਸਲਾ; 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਜਾਂ ਨਹੀਂ!

ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੇਰਾ ਸਿਰ ਹਮੇਸ਼ਾ ਝੁਕਿਆ ਹੈ ਅਤੇ ਰਹੇਗਾ, ਮੈਂ ਸਰਵਉੱਚਤਾ ਨੂੰ ਕਦੇ ਚੁਣੌਤੀ ਨਹੀਂ ਦੇ ਸਕਦਾ: ਮੁੱਖ ਮੰਤਰੀ

ਵਿਧਾਨ ਸਭਾ ਨਾਲ ਜੁੜੇ ਮਾਮਲੇ ਵਿੱਚ ਸੰਸਥਾਗਤ ਪ੍ਰਕਿਰਿਆ ਦੀ ਹੋਵੇਗੀ ਪਾਲਣਾ; ਕਮੇਟੀ ਦੇ ਨਿਰਦੇਸ਼ਾਂ ਮੁਤਾਬਕ ਹੋਵੇਗੀ ਅਗਲੀ ਕਾਰਵਾਈ

ਸਿਆਸੀ ਲਾਹਾ ਲੈਣ ਲਈ ਧਾਰਮਿਕ ਅਹੁਦਿਆਂ ‘ਤੇ ਬੈਠੇ ਲੋਕਾਂ ਕੋਲੋਂ ਜਾਰੀ ਕਰਵਾਏ ਜਾ ਰਹੇ ਨੇ ਆਦੇਸ਼ – CM ਮਾਨ ਦਾ ਵੱਡਾ ਦੋਸ਼

ਚੰਡੀਗੜ੍ਹ, 26 ਜੂਨ 2026-

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਦਿ ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ ਨੂੰ ਸਵੇਰੇ 11 ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੈਰ-ਸਿੱਖ ਵਿਧਾਇਕਾਂ ਕੋਲੋਂ ਲਿਖਤੀ ਸਪੱਸ਼ਟੀਕਰਨ ਅਤੇ ਗੈਰ-ਸਿੱਖ ਮੰਤਰੀਆਂ ਨੂੰ 29 ਜੂਨ ਤੋਂ ਪਹਿਲਾਂ ਆਪਣੀ ਰਾਏ ਲਿਖਤੀ ਰੂਪ ਵਿੱਚ ਦੇਣ ਲਈ ਕਿਹਾ ਗਿਆ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਇਸ ਸਬੰਧੀ ਵੱਖਰੇ ਤੌਰ ‘ਤੇ ਸੱਦਾ ਭੇਜਿਆ ਗਿਆ ਹੈ। ਸੂਤਰਾਂ ਮੁਤਾਬਕ ਇਸ ਬੁਲਾਵੇ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨਾਲ ਫ਼ੋਨ ‘ਤੇ ਵੀ ਸੰਪਰਕ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਭੇਜੀਆਂ ਗਈਆਂ ਸਰਕਾਰੀ ਚਿੱਠੀਆਂ ਦੀ ਜਾਣਕਾਰੀ ਦਿੱਤੀ ਜਾ ਸਕੇ।

ਮੈਂ ਇੱਕ ਨਿਮਾਣੇ ਸਿੱਖ ਵਜੋਂ ਹਮੇਸ਼ਾ ਹਾਜ਼ਰ ਹੋਇਆ ਹਾਂ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ, ਉਹ ਇੱਕ ਨਿਮਾਣੇ ਸਿੱਖ ਦੇ ਰੂਪ ਵਿੱਚ ਉੱਥੇ ਪਹੁੰਚੇ ਹਨ। ਭਵਿੱਖ ਵਿੱਚ ਵੀ ਬੁਲਾਵਾ ਆਉਣ ‘ਤੇ ਉਹ ਬਿਨਾਂ ਕਿਸੇ ਝਿਜਕ ਦੇ ਹਾਜ਼ਰ ਹੋਣਗੇ।

ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਕਦੇ ਵੀ ਚੁਣੌਤੀ ਨਹੀਂ ਦੇ ਸਕਦੇ। ਹਾਲਾਂਕਿ, ਉਨ੍ਹਾਂ ਇਹ ਵੀ ਸਾਫ਼ ਕੀਤਾ ਕਿ ਕਿਉਂਕਿ ਇਹ ਮਾਮਲਾ ਵਿਧਾਨ ਸਭਾ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਵਾਰ ਸੰਸਥਾਗਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਵੇਗੀ ਅਤੇ ਕਮੇਟੀ ਦੇ ਫੈਸਲੇ ਅਨੁਸਾਰ ਹੀ ਅਗਲਾ ਕਦਮ ਚੁੱਕਿਆ ਜਾਵੇਗਾ।

ਸਿਆਸੀ ਲਾਭ ਲਈ ਜਾਰੀ ਕਰਵਾਏ ਜਾ ਰਹੇ ਨੇ ਆਦੇਸ਼

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧਦਿਆਂ ਦੋਸ਼ ਲਗਾਇਆ ਕਿ ਕੁਝ ਸਿਆਸੀ ਤਾਕਤਾਂ ਆਪਣੇ ਨਿੱਜੀ ਅਤੇ ਰਾਜਨੀਤਿਕ ਹਿੱਤਾਂ ਲਈ ਧਾਰਮਿਕ ਸੰਸਥਾਵਾਂ ਦੀ ਵਰਤੋਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਨ ਅਤੇ ਸਿਆਸੀ ਲਾਹਾ ਲੈਣ ਦੇ ਮਕਸਦ ਨਾਲ ਉਨ੍ਹਾਂ ਦੇ ਖ਼ਿਲਾਫ਼ ਅਜਿਹੇ ਆਦੇਸ਼ ਜਾਰੀ ਕਰਵਾਏ ਜਾ ਰਹੇ ਹਨ। ਮਾਨ ਨੇ ਕਿਹਾ ਕਿ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਧਾਰਮਿਕ ਅਹੁਦਿਆਂ ‘ਤੇ ਬੈਠੇ ਲੋਕਾਂ ਕੋਲੋਂ ਐਲਾਨ ਕਰਵਾਏ ਜਾ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਰੋਜ਼ ਨਵੇਂ ਆਦੇਸ਼ ਜਾਰੀ ਕੀਤੇ ਜਾ ਰਹੇ ਹਨ।

 

Join WhatsApp

Join Now

Leave a Comment