ਬਦਲਾਅ ਦਾ ਬਦਲਾ? ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ!

On: ਜੂਨ 27, 2026 9:03 ਪੂਃ ਦੁਃ

 

ਬਦਲਾਅ ਦਾ ਬਦਲਾ? ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀ ਤਨਖਾਹ!

ਪਟਿਆਲਾ, 27 ਜੂਨ 2026

ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ ਅਤੇ ਜਨਰਲ ਸਕੱਤਰ ਹਰਵਿੰਦਰ ਪਾਲ ਨੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਦੀਆਂ ਤਨਖਾਹਾਂ ਲੰਬੇ ਸਮੇਂ ਤੋਂ ਜਾਰੀ ਨਾ ਹੋਣ ਕਾਰਨ ਰੋਸ ਵਧਦਾ ਜਾ ਰਿਹਾ ਹੈ।

ਏਡਿਡ ਸਕੂਲ ਕਰਮਚਾਰੀ ਯੂਨੀਅਨ ਨੇ ਦੋਸ਼ ਲਗਾਇਆ ਹੈ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪਿਛਲੇ ਦਿਨੀਂ 4 ਜੂਨ ਨੂੰ ਕੈਬਨਿਟ ਸਬ ਕਮੇਟੀ ਨਾਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਵਿੱਚ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਜ਼ਿਲ੍ਹੇ ਦੇ ਅਧਿਆਪਕਾਂ ਦੀ ਤਨਖਾਹ ਜਾਰੀ ਨਹੀਂ ਕੀਤੀ ਗਈ।

ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਮੁਹਾਲੀ ਵਿਖੇ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੁੱਖ ਦਫ਼ਤਰ ਵੱਲੋਂ ਕਿਸੇ ਵੀ ਜ਼ਿਲ੍ਹੇ ਦੀ ਤਨਖਾਹ ਗ੍ਰਾਂਟ ਜਾਰੀ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਹੋਰ ਕਰਮਚਾਰੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦੌਰਾਨ ਤਨਖਾਹਾਂ ਜਲਦ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਪਰ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਅਨੁਸਾਰ ਮਿਨਟਸ ਆਫ ਮੀਟਿੰਗ ਦੇ ਬਿਨਾਂ ਗ੍ਰਾਂਟ ਜਾਰੀ ਨਹੀਂ ਕੀਤੀ ਜਾ ਰਹੀ ਜਦੋਂ ਕਿ ਸਾਰੇ ਲੋੜੀਂਦੇ ਦਸਤਾਵੇਜ਼ ਕਈ ਮਹੀਨੇ ਪਹਿਲਾਂ ਹੀ ਜਮ੍ਹਾਂ ਹੋ ਚੁੱਕੇ ਹਨ।

ਏਡਿਡ ਸਕੂਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕਾਂ ਦੇ ਢਾਈ-ਢਾਈ ਸਾਲ ਤੋਂ ਪੀ.ਪੀ.ਓ. ਆਰਡਰ ਪੈਂਡਿੰਗ ਹਨ। ਸਿਫ਼ਾਰਸ਼ਾਂ ਤੇ ਮਿਲ ਕੇ ਜਾਣ ਵਾਲਿਆਂ ਦੇ ਕੇਸ ਲਾਈਨ ਤੋੜ ਕੇ ਤਰਜੀਹ ਤੇ ਕੀਤੇ ਗਏ ਹਨ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਤਨਖਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਵੱਲੋਂ ਜਲਦ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਡੀ.ਪੀ.ਆਈ. ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ ਅਤੇ ਕੌਮ ਦੇ ਨਿਰਮਾਤਾ ਏਡਿਡ ਸਟਾਫ਼ ਨੂੰ ਭੁੱਖੇ ਮਾਰਨ ਦੀ ਕਗਾਰ ‘ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਕੇ ਉਨ੍ਹਾਂ ਨੂੰ ਆ ਰਹੀਆਂ ਆਰਥਿਕ ਮੁਸ਼ਕਲਾਂ ਤੋਂ ਰਾਹਤ ਦਿੱਤੀ ਜਾਵੇ। ਇਸ ਮੌਕੇ ਮਹੇਸ਼ ਗੌਤਮ, ਗੁਰਦੀਪ ਸਿੰਘ, ਬਲਵੰਤ ਕੌਰ ਤੇ ਹੋਰ ਵੀ ਹਾਜ਼ਰ ਸਨ।

Join WhatsApp

Join Now

Leave a Comment