ਪੰਜਾਬ ਰੋਡਵੇਜ਼ ਦੀ ਬੱਸ ਅਤੇ ਪ੍ਰਾਈਵੇਟ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਈ ਯਾਤਰੀਆਂ ਨੂੰ ਆਈਆਂ ਮਾਮੂਲੀ ਸੱਟਾਂ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਗੁਰਦਾਸਪੁਰ, 28 ਜੂਨ 2026

ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਬੀਤੀ ਦੇਰ ਰਾਤ ਪਿੰਡ ਬਿਧੀਪੁਰ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਇੱਥੇ ਪੰਜਾਬ ਰੋਡਵੇਜ਼ ਦੀ ਇੱਕ ਬੱਸ ਅਤੇ ਇੱਕ ਪ੍ਰਾਈਵੇਟ ਬੱਸ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਅਚਾਨਕ ਸੀ ਕਿ ਬੱਸਾਂ ਵਿੱਚ ਸਵਾਰ ਯਾਤਰੀਆਂ ਵਿੱਚ ਚੀਕ-ਚਿਹਾੜਾ ਤੇ ਹਫ਼ੜਾ ਦਫ਼ੜੀ ਗਈ।
ਇਸ ਹਾਦਸੇ ਵਿੱਚ ਦੋਵਾਂ ਬੱਸਾਂ ਵਿੱਚ ਸਵਾਰ ਕਈ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਤੁਰੰਤ ਬਾਅਦ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ। ਪੁਲਿਸ ਮੁਲਾਜ਼ਮਾਂ ਨੇ ਸਭ ਤੋਂ ਪਹਿਲਾਂ ਦੋਵਾਂ ਹਾਦਸਾਗ੍ਰਸਤ ਬੱਸਾਂ ਨੂੰ ਸੜਕ ਤੋਂ ਪਾਸੇ ਕਰਵਾਇਆ ਤਾਂ ਜੋ ਹਾਈਵੇ ‘ਤੇ ਜਾਮ ਨਾ ਲੱਗੇ ਅਤੇ ਟ੍ਰੈਫਿਕ ਨੂੰ ਮੁੜ ਸੁਚਾਰੂ ਰੂਪ ਵਿੱਚ ਚਾਲੂ ਕੀਤਾ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ੁਰੂਆਤੀ ਪੜਤਾਲ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।















