ਵੱਡੀ ਖ਼ਬਰ: AAP ਪੰਜਾਬ ਵੱਲੋਂ ਤਿੰਨ ਹਲਕਾ ਇੰਚਾਰਜਾਂ ਦਾ ਐਲਾਨ
ਚੰਡੀਗੜ੍ਹ, 30 ਜੂਨ 2026

ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ‘ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਅੱਜ ਤਿੰਨ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ।
ਪਾਰਟੀ ਦੀ ਹਾਈਕਮਾਂਡ ਵੱਲੋਂ ਸੂਬੇ ਦੇ ਸਰਹੱਦੀ ਅਤੇ ਅਹਿਮ ਖੇਤਰਾਂ ਵਿੱਚ ਨਵੀਆਂ ਨਿਯੁਕਤੀਆਂ ਕਰਦਿਆਂ ਤਿੰਨ ਆਗੂਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਾਰਟੀ ਵੱਲੋਂ ਜਾਰੀ ਅਧਿਕਾਰਤ ਸੂਚੀ ਅਨੁਸਾਰ, ਕਾਦੀਆਂ ਹਲਕੇ ਦੀ ਕਮਾਨ ਸੀਨੀਅਰ ਆਗੂ ਗੁਰਇਕਬਾਲ ਸਿੰਘ ਮਾਹਲ ਨੂੰ ਸੌਂਪੀ ਗਈ ਹੈ, ਜੋ ਹੁਣ ਖੇਤਰ ਵਿੱਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੰਭਾਲਣਗੇ।
ਸਿਆਸਤ ਦੇ ਮੰਝੇ ਹੋਏ ਆਗੂ ਸਵਰਨ ਸਿੰਘ ਸਲਾਰੀਆ ਨੂੰ ਸੁਜਾਨਪੁਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਆਉਣ ਨਾਲ ਇਸ ਸਰਹੱਦੀ ਖੇਤਰ ਵਿੱਚ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਇਸੇ ਤਰਾਂ ਪਠਾਨਕੋਟ ਦੀ ਜ਼ਿੰਮੇਵਾਰੀ ਰੋਹਿਤ ਸਿਆਲ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਹਲਕਾ ਇੰਚਾਰਜ ਵਜੋਂ ਤਾਇਨਾਤ ਕੀਤਾ ਗਿਆ ਹੈ।

ਰਾਜਨੀਤਿਕ ਮਾਹਰਾਂ ਮੁਤਾਬਕ, ‘ਆਪ’ ਵੱਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਆਉਣ ਵਾਲੀਆਂ ਚੋਣਾਂ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਨਜ਼ਰੀਏ ਤੋਂ ਬੇਹੱਦ ਅਹਿਮ ਮੰਨੀਆਂ ਜਾ ਰਹੀਆਂ ਹਨ।
ਨਵ-ਨਿਯੁਕਤ ਆਗੂਆਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।















