ਪੰਜਾਬ ਦੀਆਂ ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ; CM ਮਾਨ ਨੇ ਬਟਨ ਦੱਬ ਕੇ ਖਾਤਿਆਂ ‘ਚ ਭੇਜੀ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ!
SC ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲੇਗਾ
ਸਰਕਾਰ ਨੇ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੇ ਪੈਸੇ ਇਕੱਠੇ ਕੀਤੇ ਜਾਰੀ; ਅੱਜ ਤੋਂ ਹੀ ਖਾਤਿਆਂ ‘ਚ ਆਉਣੀ ਸ਼ੁਰੂ ਹੋਵੇਗੀ ਰਾਸ਼ੀ
“ਹੁਣ ਇਹ ਯੋਜਨਾ ਕਦੇ ਬੰਦ ਨਹੀਂ ਹੋਵੇਗੀ, ਜਨਤਾ ਦਾ ਪੈਸਾ ਸਿੱਧਾ ਜਨਤਾ ਤੱਕ ਪਹੁੰਚਣਾ ਸ਼ੁਰੂ ਹੋਇਆ” – ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 1 ਜੁਲਾਈ 2026: ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਇੱਕ ਬਹੁਤ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਇਆ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਬੀਬੀਆਂ ਨੂੰ ਦਿੱਤੀ ਜਾਣ ਵਾਲੀ ਮਾਸਿਕ ‘ਸਨਮਾਨ ਰਾਸ਼ੀ’ ਦਾ ਲੰਬਾ ਇੰਤਜ਼ਾਰ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ‘ਡਾਇਰੈਕਟ ਬੈਨੀਫਿਟ ਟਰਾਂਸਫਰ’ (Direct Benefit Transfer – DBT) ਰਾਹੀਂ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਸਿੱਧੀ ਟਰਾਂਸਫਰ ਕਰ ਦਿੱਤੀ ਹੈ।
ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਅਹਿਮ ਯੋਜਨਾ ਤਹਿਤ ਵੱਖ-ਵੱਖ ਵਰਗਾਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਕੀਤੀ ਗਈ ਰਾਸ਼ੀ ਭੇਜੀ ਗਈ ਹੈ। ਜਿਸ ਦੇ ਮੁਤਾਬਕ, ਐਸ.ਸੀ. (SC) ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ। ਜਨਰਲ (General) ਅਤੇ ਹੋਰ ਵਰਗਾਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਇਸ ਵਾਰ ਦੀ ਸਭ ਤੋਂ ਵਿਸ਼ੇਸ਼ ਗੱਲ ਇਹ ਹੈ ਕਿ ਸਰਕਾਰ ਵੱਲੋਂ ਇਕੱਠੇ ਤਿੰਨ ਮਹੀਨਿਆਂ ਯਾਨੀ ਜੁਲਾਈ, ਅਗਸਤ ਅਤੇ ਸਤੰਬਰ ਦੀ ਰਾਸ਼ੀ ਮਹਿਲਾਵਾਂ ਦੇ ਖਾਤਿਆਂ ਵਿੱਚ ਇੱਕਠੀ ਪਾ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ (1 ਜੁਲਾਈ) ਤੋਂ ਹੀ ਇਹ ਸਨਮਾਨ ਰਾਸ਼ੀ ਬੀਬੀਆਂ ਦੇ ਬੈਂਕ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ।
ਇਸ ਇਤਿਹਾਸਕ ਮੌਕੇ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਔਰਤਾਂ ਨੂੰ ਵੱਡਾ ਭਰੋਸਾ ਦਿੰਦਿਆਂ ਐਲਾਨ ਕੀਤਾ, “ਹੁਣ ਇਹ ਯੋਜਨਾ ਕਦੇ ਵੀ ਬੰਦ ਨਹੀਂ ਹੋਵੇਗੀ। ਅਸੀਂ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਅਤੇ ਧੀਆਂ-ਭੈਣਾਂ ਨਾਲ ਕੀਤਾ ਸੀ, ਉਸ ਨੂੰ ਅੱਜ ਪੂਰੀ ਤਰ੍ਹਾਂ ਨਿਭਾ ਕੇ ਪੂਰਾ ਕਰ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਸਤਿਕਾਰ ਵਧਾਇਆ ਹੈ, ਕਿਉਂਕਿ ਪੰਜਾਬ ਦੀਆਂ ਧੀਆਂ-ਭੈਣਾਂ ਕਿਸੇ ਵੀ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਇਮਾਨਦਾਰ ਸਰਕਾਰ ਆਈ ਹੈ, ਜਿਸ ਦੇ ਰਾਜ ਵਿੱਚ ਹੁਣ ‘ਜਨਤਾ ਦਾ ਪੈਸਾ ਸਿੱਧਾ ਜਨਤਾ ਦੇ ਖਾਤਿਆਂ ਤੱਕ’ ਜਾਣਾ ਸ਼ੁਰੂ ਹੋਇਆ ਹੈ ਅਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਗਈ ਹੈ।


















