Punjab News: ਮੰਦਿਰ ਦੇ ਪੰਡਿਤ ਵੱਲੋਂ ਔਰਤ ਨਾਲ ਛੇੜਛਾੜ, ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ
ਗੁਰਦਾਸਪੁਰ: ਰੇਲਵੇ ਸਟੇਸ਼ਨ ਨੇੜੇ ਔਰਤ ਨਾਲ ਬਦਸਲੂਕੀ ਕਰਨ ਦੇ ਦੋਸ਼ ‘ਚ ਪੰਡਿਤ ਕਾਬੂ, ਐਸ.ਐਚ.ਓ. ਸੁਰਿੰਦਰ ਪਾਲ ਸਿੰਘ ਨੇ ਕੀਤੀ ਪੁਸ਼ਟੀ
ਗੁਰਦਾਸਪੁਰ/ਦੀਨਾਨਗਰ, 10 ਜੁਲਾਈ 2026- ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਦੀਨਾਨਗਰ ਵਿਖੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਇੱਕ ਔਰਤ ਨਾਲ ਛੇੜਛਾੜ ਅਤੇ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਦੀਨਾਨਗਰ ਥਾਣੇ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਪੇਸ਼ੇ ਤੋਂ ਪੰਡਿਤ ਦੱਸਿਆ ਜਾ ਰਿਹਾ ਹੈ।
ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੀਨਾਨਗਰ ਥਾਣੇ ਦੇ ਐਸ.ਐਚ.ਓ. (SHO) ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੀੜਤ ਔਰਤ ਵੱਲੋਂ ਪੁਲਿਸ ਕੋਲ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੀੜਤਾ ਨੇ ਦੱਸਿਆ ਕਿ ਜਦੋਂ ਉਹ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਆਪਣੇ ਘਰ ਵੱਲ ਜਾ ਰਹੀ ਸੀ, ਤਾਂ ਰਸਤੇ ਵਿੱਚ ਉਕਤ ਵਿਅਕਤੀ ਨੇ ਉਸ ਨੂੰ ਜਬਰਦਸਤੀ ਰੋਕ ਲਿਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਤੇ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ।
ਐਸ.ਐਚ.ਓ. ਸੁਰਿੰਦਰ ਪਾਲ ਸਿੰਘ ਨੇ ਖ਼ੁਲਾਸਾ ਕੀਤਾ ਕਿ ਫੜੇ ਗਏ ਮੁਲਜ਼ਮ ਦਾ ਪੁਰਾਣਾ ਰਿਕਾਰਡ ਵੀ ਖ਼ਰਾਬ ਹੈ। ਇਸ ਵਿਅਕਤੀ ਖ਼ਿਲਾਫ਼ ਪਹਿਲਾਂ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਹੈ ਅਤੇ ਹੁਣ ਇਸ ਨੇ ਔਰਤ ਨਾਲ ਬਦਸਲੂਕੀ ਕਰਨ ਦੀ ਘਿਨਾਉਣੀ ਹਰਕਤ ਕੀਤੀ ਹੈ।
ਪੁਲਿਸ ਨੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਨੂੰ ਸਲਾਖਾਂ ਪਿੱਛੇ ਧੱਕ ਦਿੱਤਾ। ਪੁਲਿਸ ਵੱਲੋਂ ਮੁਲਜ਼ਮ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਨਯੋਗ ਅਦਾਲਤ ਨੇ ਆਦੇਸ਼ ਜਾਰੀ ਕਰਦਿਆਂ ਮੁਲਜ਼ਮ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।


















