SIR ਦੇ ਬੋਝ ਕਾਰਨ ਨਹਿਰ ‘ਚ ਛਾਲ ਮਾਰਨ ਵਾਲੇ ਅਧਿਆਪਕ ਗੁਰਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ; ਪਰਿਵਾਰ ਲਈ 1 ਕਰੋੜ ਅਤੇ ਨੌਕਰੀ ਦੀ ਮੰਗ
ਐਸ.ਆਈ.ਆਰ. (SIR) ਦੇ ਮਾਨਸਿਕ ਬੋਝ ਕਾਰਨ ਨਹਿਰ ਵਿੱਚ ਛਾਲ ਮਾਰਨ ਵਾਲੇ ਅਧਿਆਪਕ ਦਾ ਪਿੰਡ ਸੱਲੋਪੁਰ ਵਿਖੇ ਅੰਤਿਮ ਸੰਸਕਾਰ; ਅਧਿਆਪਕ ਜਥੇਬੰਦੀਆਂ ਵੱਲੋਂ ਤਿੱਖਾ ਰੋਸ
ਗੁਰਦਾਸਪੁਰ, 10 ਜੁਲਾਈ 2026- ਐਸ.ਆਈ.ਆਰ. (SIR) ਦੇ ਕਥਿਤ ਬੋਝ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਨਹਿਰ ਵਿੱਚ ਛਲਾਂਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੇ ਅਧਿਆਪਕ ਗੁਰਪ੍ਰੀਤ ਸਿੰਘ ਦਾ ਉਨ੍ਹਾਂ ਦੇ ਪੇਡੂ ਪਿੰਡ ਸੱਲੋਪੁਰ ਵਿਖੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਦੁਖਦਾਈ ਮੌਕੇ ‘ਤੇ ਪੂਰੇ ਇਲਾਕੇ ਵਿੱਚ ਭਾਰੀ ਗਮ ਅਤੇ ਸੋਗ ਦੀ ਲਹਿਰ ਦੌੜ ਗਈ।
ਦੱਸਣਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਲੋਪੁਰ ਦੇ ਨਿਵਾਸੀ ਮਾਸਟਰ ਗੁਰਪ੍ਰੀਤ ਸਿੰਘ ਨੇ ਅਪਰਬਾਰੀ ਦੁਆਬ ਨਹਿਰ ਦੇ ਭੱਟੀਆਂ ਪੁੱਲ ਤੋਂ ਛਾਲ ਮਾਰ ਦਿੱਤੀ ਸੀ। ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਪਿੰਡ ਤੁਗਲਵਾਲ ਦੀ ਠੋਕਰ ਨੇੜਿਓਂ ਨਹਿਰ ਵਿੱਚੋਂ ਬਰਾਮਦ ਹੋਈ।
ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਜਿਵੇਂ ਹੀ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੀ, ਤਾਂ ਪਰਿਵਾਰ ਅਤੇ ਸਾਕ-ਸੰਬੰਧੀਆਂ ਵਿੱਚ ਚੀਕ-ਚਿਹਾਰਾ ਮਚ ਗਿਆ ਅਤੇ ਮਾਹੌਲ ਬੇਹੱਦ ਗਮਗੀਨ ਹੋ ਗਿਆ।
ਇਸ ਉਪਰੰਤ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਮ੍ਰਿਤਕ ਅਧਿਆਪਕ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨ ਭੇਂਟ ਉਨ੍ਹਾਂ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਅਤੇ ਸਪੁੱਤਰਾਂ ਸ਼ਿਵਜੀਤ ਸਿੰਘ ਤੇ ਅਵੇਜੀਤ ਸਿੰਘ ਵੱਲੋਂ ਦਿੱਤੀ ਗਈ।
ਇਸ ਦੁੱਖ ਦੀ ਘੜੀ ਵਿੱਚ ਸ਼ਾਮਲ ਹੋਣ ਲਈ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਅਤੇ ਐਸ.ਡੀ.ਐਮ. ਗੁਰਦਾਸਪੁਰ ਅਸ਼ੋਕ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਦੂਸਰੇ ਪਾਸੇ, ਇਸ ਘਟਨਾ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਅਧਿਆਪਕ ਆਗੂ ਕੁਲਦੀਪ ਪੂਰੋਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮਾਸਟਰ ਗੁਰਪ੍ਰੀਤ ਸਿੰਘ ਦੀ ਮੌਤ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਬੇਲੋੜੇ ਦਬਾਅ ਕਾਰਨ ਹੋਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਮੌਤ ਦੇ ਅਸਲ ਕਾਰਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਧਿਆਪਕ ਆਗੂਆਂ ਨੇ ਪੁਰਜ਼ੋਰ ਮੰਗ ਕੀਤੀ ਕਿ ਮ੍ਰਿਤਕ ਅਧਿਆਪਕ ਦੇ ਪੀੜਤ ਪਰਿਵਾਰ ਨੂੰ ਤੁਰੰਤ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾਵੇ।


















