Punjab Breaking – ਦਫ਼ਤਰੀ ਮੁਲਾਜ਼ਮਾਂ ’ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਖ਼ਤ ਨਿਖੇਧੀ
ਚੰਡੀਗੜ੍ਹ, 15 ਜੁਲਾਈ 2026
ਆਪਣੀਆਂ ਨੌਕਰੀਆਂ ਪੱਕੀਆਂ ਕਰਵਾਉਣ ਅਤੇ ਪਿਛਲੇ ਅੱਠ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਚਾਇਤ ਮੰਤਰੀ ਦੀ ਰਿਹਾਇਸ਼ ਵੱਲ ਸ਼ਾਂਤਮਈ ਮਾਰਚ ਕਰ ਰਹੇ ਮਨਰੇਗਾ ਦਫ਼ਤਰੀ ਮੁਲਾਜ਼ਮਾਂ ਉੱਤੇ ਅੱਜ ਖੰਨਾ ਵਿਖੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਵਾਟਰ ਕੈਨਨ ਦੀ ਵਰਤੋਂ ਦੀ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।
ਯੂਨੀਅਨ ਆਗੂ ਕੁਲਦੀਪ ਸਿੰਘ, ਗੁਰਮੀਤ ਸਿੰਘ ਭੂੰਦੜ, ਰਾਜਿੰਦਰ ਸਿੰਘ ਸੰਧਾ, ਜਗਮੋਹਨ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਮਨਰੇਗਾ ਦਫ਼ਤਰੀ ਮੁਲਾਜ਼ਮ ਪਿਛਲੇ ਅੱਠ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ ਹਨ ਅਤੇ ਆਪਣੀਆਂ ਜਾਇਜ਼ ਮੰਗਾਂ, ਬਕਾਇਆ ਤਨਖ਼ਾਹਾਂ ਜਾਰੀ ਕਰਵਾਉਣ ਅਤੇ ਨੌਕਰੀਆਂ ਪੱਕੀਆਂ ਕਰਵਾਉਣ ਲਈ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਅਜਿਹੇ ਹਾਲਾਤਾਂ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਬਲ ਪ੍ਰਯੋਗ ਕਰਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਸੰਵਿਧਾਨਕ ਅਧਿਕਾਰਾਂ ਦੇ ਖ਼ਿਲਾਫ਼ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ। ਲਾਠੀਚਾਰਜ, ਅੱਥਰੂ ਗੈਸ ਅਤੇ ਵਾਟਰ ਕੈਨਨ ਰਾਹੀਂ ਮੁਲਾਜ਼ਮਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਿਸੇ ਵੀ ਸੂਰਤ ਵਿੱਚ ਜਾਇਜ਼ ਨਹੀਂ ਠਹਿਰਾਈ ਜਾ ਸਕਦੀ।
ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਪੰਜਾਬ ਮਨਰੇਗਾ ਦਫ਼ਤਰੀ ਮੁਲਾਜ਼ਮਾਂ ਦੇ ਸੰਘਰਸ਼ ਨਾਲ ਪੂਰੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੀ ਹੈ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਮਨਰੇਗਾ ਦਫ਼ਤਰੀ ਮੁਲਾਜ਼ਮਾਂ ਦੀਆਂ ਅੱਠ ਮਹੀਨਿਆਂ ਤੋਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਉਨ੍ਹਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਸਬੰਧੀ ਬਿਨਾਂ ਕਿਸੇ ਹੋਰ ਦੇਰੀ ਦੇ ਫ਼ੈਸਲਾ ਲਿਆ ਜਾਵੇ।
















