Join WhatsApp

Join Now

ਹਾਲ-ਏ-ਬਦਲਾਅ! ਪਹਿਲਾਂ ਲਾਠੀਚਾਰਜ ਕਰਵਾਇਆ… ਬਾਅਦ ‘ਚ ਮੰਤਰੀ ਸਾਬ੍ਹ ਨੇ ਜ਼ਖ਼ਮੀ ਮੁਲਾਜ਼ਮਾਂ ਦਾ ਪੁੱਛਿਆ ਹਾਲ!

On: ਜੁਲਾਈ 16, 2026 7:23 ਬਾਃ ਦੁਃ

 

ਪਹਿਲਾਂ ਲਾਠੀਚਾਰਜ ਕਰਵਾਇਆ… ਬਾਅਦ ‘ਚ ਪੰਜਾਬ ਸਰਕਾਰ ਦੇ ਮੰਤਰੀ ਜ਼ਖ਼ਮੀ ਮੁਲਾਜ਼ਮਾਂ ਦਾ ਪੁੱਛਿਆ ਹਾਲ!

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਕਰਾਂਗੇ ਹੱਲ- ਕੈਬਨਿਟ ਮੰਤਰੀ ਸੌਂਦ ਨੇ ਜ਼ਖ਼ਮੀ ਮਨਰੇਗਾ ਕਰਮਚਾਰੀ ਦਾ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਪੁੱਛਿਆ ਹਾਲ

ਚੰਡੀਗੜ੍ਹ/ਖੰਨਾ, ਲੁਧਿਆਣਾ, 16 ਜੁਲਾਈ 2026- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਿੰਦਰ ਸਿੰਘ ਭਸੀਨ ਨੂੰ ਹਦਾਇਤ ਕੀਤੀ ਕਿ ਇਹਨਾਂ ਦਾ ਇਲਾਜ ਮੁਫ਼ਤ ਅਤੇ ਬਿਹਤਰ ਢੰਗ ਨਾਲ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਉਨ੍ਹਾਂ ਨਾਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਮਨਰੇਗਾ ਕਰਮਚਾਰੀਆਂ ਦੇ ਸਰਪ੍ਰਸਤ ਵਰਿੰਦਰ ਸਿੰਘ, ਪ੍ਰਧਾਨ ਗੁਰਸੇਵਕ ਸਿੰਘ ਅਤੇ ਹੋਰ ਨੁਮਾਇੰਦੇ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਨਾਲ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਗੱਲਬਾਤ ਅਤੇ ਮੀਟਿੰਗਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਕਰਮਚਾਰੀਆਂ ਦੀ ਮੌਜੂਦਾ ਸਥਿਤੀ ਦਾ ਮੁੱਖ ਕਾਰਨ ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਨੂੰ ਬੰਦ ਕਰਕੇ ਨਵੀਂ ਸਕੀਮ ਲਾਗੂ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕਈ ਸਾਲ ਮਨਰੇਗਾ ਸਕੀਮ ਲਈ ਸਮਰਪਿਤ ਕੀਤੇ ਹਨ ਅਤੇ ਉਨ੍ਹਾਂ ਨੂੰ ਨਵੀਂ ਵਿਵਸਥਾ ਵਿੱਚ ਢੁੱਕਵਾਂ ਮੌਕਾ ਮਿਲਣਾ ਚਾਹੀਦਾ ਹੈ। ਮਨਰੇਗਾ ਕਰਮਚਾਰੀਆਂ ਨੇ ਨਵੀਂ ਸਕੀਮ ਵਿੱਚ ਕੰਮ ਕਰਨ ਦੀ ਇੱਛਾ ਜਤਾਈ ਹੈ, ਬਸ਼ਰਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕੀਤਾ ਜਾਵੇ। ਸੌਂਦ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਅਤੇ ਮਨਰੇਗਾ ਕਰਮਚਾਰੀਆਂ ਵਿਚਕਾਰ ਕੋਈ ਆਪਸੀ ਮਤਭੇਦ ਨਹੀਂ ਹੈ ਅਤੇ ਪੰਜਾਬ ਸਰਕਾਰ ਸੰਵਾਦ ਰਾਹੀਂ ਹਰ ਮਸਲੇ ਦਾ ਹੱਲ ਚਾਹੁੰਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮਨਰੇਗਾ ਕਰਮਚਾਰੀਆਂ ਦੀ ਗੱਲ ਪੂਰੀ ਹਮਦਰਦੀ ਨਾਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰਕੇ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਉਹ ਅੱਜ ਚੰਡੀਗੜ੍ਹ ਤੋਂ ਆਪਣੀਆਂ ਮੀਟਿੰਗਾਂ ਸਮਾਪਤ ਕਰਕੇ ਤੁਰੰਤ ਖੰਨਾ ਪਹੁੰਚੇ ਅਤੇ ਮਨਰੇਗਾ ਕਰਮਚਾਰੀਆਂ ਨਾਲ ਇੱਕ ਘੰਟੇ ਤੋਂ ਵੱਧ ਸਮਾਂ ਬੈਠਕ ਕੀਤੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨਾਲ ਫੋਨ ‘ਤੇ ਗੱਲ ਕਰਕੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਲਿਖਤੀ ਭਰੋਸਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ।

ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਹਨਾਂ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਮੌਕੇ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸਰਪਰਸਤ ਵਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ 18 ਸਾਲਾਂ ਤੋਂ ਮਨਰੇਗਾ ਸਕੀਮ ਅਧੀਨ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਦੀ ਮੁੱਖ ਮੰਗ ਸਰਕਾਰ ਵੱਲੋਂ ਰੁਜ਼ਗਾਰ ਦਿੱਤਾ ਜਾਣਾ ਹੈ।

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਖੁਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚੇ ਹਨ ਅਤੇ ਜ਼ਖ਼ਮੀ ਮੁਲਾਜ਼ਮਾਂ ਦਾ ਡਾਕਟਰਾਂ ਨੂੰ ਮੁਫ਼ਤ ਤੇ ਵਧੀਆ ਇਲਾਜ ਕਰਨ ਦੇ ਆਦੇਸ਼ ਦਿੱਤੇ ਹਨ। ਵਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ‘ਤੇ ਮੰਗਾਂ ਸਬੰਧੀ ਲਗਭਗ ਇੱਕ ਘੰਟੇ ਤੱਕ ਵਿਸਥਾਰਪੂਰਵਕ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਗੱਲ ਕਰਕੇ ਜਾਇਜ਼ ਮੰਗਾਂ ਨੂੰ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਗੱਲਬਾਤ ਰਾਹੀਂ ਹੱਲ ਹੋਣਗੀਆਂ ਅਤੇ ਯੂਨੀਅਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਭਰੋਸੇ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੈ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ, ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ. ਮਨਿੰਦਰ ਸਿੰਘ ਭਸੀਨ ਤੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

 

Leave a Comment