Join WhatsApp

Join Now

ਦੇਸ਼ ਦੇ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ…! ਭਾਜਪਾ ਆਵਾਜ਼ ਨੂੰ ਦਬਾਉਣ ‘ਚ ਲੱਗੀ

On: ਜੁਲਾਈ 21, 2026 7:35 ਬਾਃ ਦੁਃ

 

ਦੇਸ਼ ਦੇ ਨੌਜਵਾਨ ਅਤੇ ਕਿਸਾਨ ਸੜਕਾਂ ‘ਤੇ…! ਭਾਜਪਾ ਆਵਾਜ਼ ਨੂੰ ਦਬਾਉਣ ‘ਚ ਲੱਗੀ

ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ: ਬਲਤੇਜ ਪੰਨੂ

ਭਾਜਪਾ ਗਲਤ ਵਪਾਰਕ ਸਮਝੌਤਿਆਂ ਰਾਹੀਂ ਭਵਿੱਖ ਵੇਚ ਰਹੀ ਹੈ ਅਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਜਮਹੂਰੀ ਹੱਕ ਨੂੰ ਕੁਚਲ ਰਹੀ ਹੈ: ਬਲਤੇਜ ਪੰਨੂ

ਅਮਰੀਕੀ ਵਪਾਰਕ ਸਮਝੌਤਿਆਂ ਰਾਹੀਂ ਕਿਸਾਨਾਂ ਨਾਲ ਧੋਖਾ ਕਰਨ ਤੋਂ ਬਾਅਦ, ਭਾਜਪਾ ਹੁਣ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਬੈਰੀਕੇਡਾਂ ਦੀ ਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਨਾਇਬ ਸੈਣੀ ਜੋ ਅਕਸਰ ਪੰਜਾਬ ਆਉਂਦੇ ਹਨ ਅਤੇ ਕਿਸਾਨਾਂ ਦਾ ਸਮਰਥਨ ਕਰਨ ਦਾ ਦਾਵਾ ਕਰਦੇ ਹਨ, ਉਹ ਹੀ ਦਿੱਲੀ ਵੱਲ ਜਾਣ ਵਾਲੇ ਕਿਸਾਨਾਂ ਦਾ ਰਸਤਾ ਰੋਕ ਰਹੇ ਹਨ: ਬਲਤੇਜ ਪੰਨੂ

ਸਸਤੇ ਵਿਦੇਸ਼ੀ ਦਰਾਮਦ ਭਾਰਤ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ, ਫਿਰ ਵੀ ਭਾਜਪਾ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਵੀ ਇਨਕਾਰ ਕਰ ਰਹੀ ਹੈ: ਬਲਤੇਜ ਪੰਨੂ

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 21 ਜੁਲਾਈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਦੇਸ਼ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ ਅਤੇ ਗੱਲਬਾਤ ਦੀ ਬਜਾਏ ਜ਼ੁਲਮ ਦਾ ਸਹਾਰਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ ਕਿ ਅੱਜ ਦੇਸ਼ ਦਾ ਜਵਾਨ ਅਤੇ ਕਿਸਾਨ ਦੋਵੇਂ ਸੜਕਾਂ ‘ਤੇ ਹਨ, ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡੋਲ ਕਰ ਦਿੱਤਾ ਹੈ।

ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਪਿਛਲੇ ਕਈ ਹਫ਼ਤਿਆਂ ਤੋਂ ਵਿਦਿਆਰਥੀ ਜੰਤਰ-ਮੰਤਰ ‘ਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਕੋਈ ਹਿੰਸਾ ਨਹੀਂ ਕੀਤੀ, ਸੜਕਾਂ ਨਹੀਂ ਰੋਕੀਆਂ ਅਤੇ ਨਾ ਹੀ ਜਨਤਾ ਨੂੰ ਕੋਈ ਮੁਸ਼ਕਲ ਪੈਦਾ ਕੀਤੀ ਹੈ। ਉਨ੍ਹਾਂ ਦੀ ਸਿਰਫ਼ ਇਹੀ ਮੰਗ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ, ਭਾਜਪਾ ਸਰਕਾਰ ਨੇ ਮਾਸੂਮ ਵਿਦਿਆਰਥੀਆਂ ‘ਤੇ ਦਿੱਲੀ ਪੁਲਿਸ ਨੂੰ ਛੱਡ ਦਿੱਤਾ।

ਪੁਲਿਸ ਦੀ ਕਾਰਵਾਈ ਦੀ ਨਿੰਦਾ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ 13 ਅਤੇ 14 ਸਾਲ ਦੀਆਂ ਛੋਟੀਆਂ ਬੱਚੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ। ਉਨ੍ਹਾਂ ਕਿਹਾ ਕਿ ਕਈ ਵਿਦਿਆਰਥੀ ਜ਼ਖਮੀ ਹੋਏ ਹਨ ਅਤੇ ਕਈ ਅਜੇ ਵੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਇਹ ਬੇਰਹਿਮ ਪ੍ਰਤੀਕਿਰਿਆ ਭਾਜਪਾ ਸਰਕਾਰ ਦੀ ਵਿਦਿਆਰਥੀ ਵਿਰੋਧੀ ਸੋਚ ਨੂੰ ਉਜਾਗਰ ਕਰਦੀ ਹੈ।

ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਵਰੀਵਾਲ ਪਹਿਲਾਂ ਹੀ ਪ੍ਰਭਾਵਿਤ ਵਿਦਿਆਰਥੀਆਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰ ਚੁੱਕੇ ਹਨ ਅਤੇ ਹਸਪਤਾਲਾਂ ਵਿੱਚ ਜਾ ਕੇ ਜ਼ਖਮੀਆਂ ਨੂੰ ਨਿੱਜੀ ਤੌਰ ‘ਤੇ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪ ਹਰ ਵਿਦਿਆਰਥੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਲੋੜ ਪੈਣ ‘ਤੇ ਹਰ ਸੰਭਵ ਕਾਨੂੰਨੀ ਅਤੇ ਮੈਡੀਕਲ ਸਹਾਇਤਾ ਪ੍ਰਦਾਨ ਕਰੇਗੀ।

ਕਿਸਾਨ ਅੰਦੋਲਨ ਵੱਲ ਪਰਤਦਿਆਂ, ਬਲਤੇਜ ਪੰਨੂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਵਪਾਰਕ ਨੀਤੀਆਂ ਰਾਹੀਂ ਭਾਰਤੀ ਕਿਸਾਨਾਂ ਦੇ ਹਿਤਾਂ ਦੀ ਕੁਰਬਾਨੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਵਪਾਰਕ ਸਮਝੌਤਾ ਭਾਰਤੀ ਖੇਤੀਬਾੜੀ ਨੂੰ, ਖਾਸ ਕਰਕੇ ਪੰਜਾਬ ਦੇ ਨਰਮਾ ਉਤਪਾਦਕਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਏਗਾ।

ਬਲਤੇਜ ਪੰਨੂ ਨੇ ਕਿਹਾ ਕਿ ਅਮਰੀਕਾ ਤੋਂ ਦਰਾਮਦ ਕੀਤਾ ਜਾਣ ਵਾਲਾ ਨਰਮਾ ਭਾਰਤੀ ਕਿਸਾਨਾਂ ਨੂੰ ਮਿਲਣ ਵਾਲੇ ਘੱਟੋ-ਘੱਟ ਸਮਰਥਨ ਮੁੱਲ ਨਾਲੋਂ ਸਸਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਸਤਾ ਵਿਦੇਸ਼ੀ ਖੇਤੀ ਉਤਪਾਦ ਭਾਰਤੀ ਬਾਜ਼ਾਰ ਵਿੱਚ ਆਵੇਗਾ, ਤਾਂ ਸਾਡੇ ਕਿਸਾਨ ਆਰਥਿਕ ਤਬਾਹੀ ਵੱਲ ਧੱਕੇ ਜਾਣਗੇ। ਭਾਜਪਾ ਸਰਕਾਰ ਪੰਜਾਬ ਦੇ ਕਿਸਾਨਾਂ ਅਤੇ ਦੇਸ਼ ਦੀ ਖੇਤੀਬਾੜੀ ਨੂੰ ਬਰਬਾਦੀ ਵੱਲ ਲੈ ਕੇ ਜਾ ਰਹੀ ਹੈ।

ਉਨ੍ਹਾਂ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਦੀ ਇਸ ਗੱਲੋਂ ਵੀ ਸਖ਼ਤ ਆਲੋਚਨਾ ਕੀਤੀ ਕਿ ਉਹ ਕਿਸਾਨਾਂ ਨੂੰ ਆਪਣੀਆਂ ਮੰਗਾਂ ਸ਼ਾਂਤਮਈ ਢੰਗ ਨਾਲ ਪੇਸ਼ ਕਰਨ ਲਈ ਦਿੱਲੀ ਜਾਣ ਤੋਂ ਰੋਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕਿਆ ਗਿਆ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਲਗਾਤਾਰ ਪੰਜਾਬ ਆਉਂਦੇ ਹਨ ਅਤੇ ਕਿਸਾਨਾਂ ਨਾਲ ਖੜ੍ਹਨ ਦਾ ਦਾਵਾ ਕਰਦੇ ਹਨ, ਪਰ ਉਹੀ ਡਬਲ ਇੰਜਣ ਸਰਕਾਰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਜਮਹੂਰੀ ਹੱਕ ਨੂੰ ਰੋਕ ਰਹੀ ਹੈ।

ਬਲਤੇਜ ਪੰਨੂ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਤੁਰੰਤ ਸ਼ੰਭੂ ਬਾਰਡਰ ਖੋਲ੍ਹੇ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਵੱਲ ਜਾਣ ਦੇਵੇ। ਉਨ੍ਹਾਂ ਕਿਹਾ ਕਿ ਇਹ ਕਿਸਾਨ ਕੋਈ ਹਥਿਆਰ ਨਹੀਂ ਚੁੱਕੀ ਫਿਰਦੇ ਅਤੇ ਨਾ ਹੀ ਦੇਸ਼ ਦੀ ਰਾਜਧਾਨੀ ਲਈ ਕੋਈ ਖਤਰਾ ਪੈਦਾ ਕਰ ਰਹੇ ਹਨ। ਉਹ ਸਿਰਫ਼ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣਾ ਚਾਹੁੰਦੇ ਹਨ। ਹਰ ਨਾਗਰਿਕ ਨੂੰ ਸ਼ਾਂਤਮਈ ਧਰਨਾ ਦੇਣ ਦਾ ਸੰਵਿਧਾਨਕ ਅਧਿਕਾਰ ਹੈ।

ਪਿਛਲੇ ਕਿਸਾਨ ਅੰਦੋਲਨ ਨੂੰ ਯਾਦ ਕਰਦਿਆਂ, ਬਲਤੇਜ ਪੰਨੂ ਨੇ ਕਿਹਾ ਕਿ ਦੇਸ਼ ਪਹਿਲਾਂ ਹੀ 750 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਦੇਖ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਉਹੀ ਗਲਤੀਆਂ ਦੁਹਰਾਉਣ ਦੀ ਬਜਾਏ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ। ਜਮਹੂਰੀ ਆਵਾਜ਼ਾਂ ਨੂੰ ਦਬਾਉਣ ਨਾਲ ਕਦੇ ਵੀ ਸੰਕਟ ਹੱਲ ਨਹੀਂ ਹੋਵੇਗਾ। ਸਰਕਾਰ ਨੂੰ ਆਪਣੇ ਹੀ ਨਾਗਰਿਕਾਂ ਦੇ ਰਾਹ ਵਿੱਚ ਬੈਰੀਕੇਡ ਲਗਾਉਣ ਦੀ ਬਜਾਏ ਸੜਕਾਂ ਖੋਲ੍ਹਣੀਆਂ ਚਾਹੀਦੀਆਂ ਹਨ, ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।

 

Leave a Comment