ਵਿਆਹੁਤਾ ਦੀ ਭੇਦਭਰੇ ਹਾਲਾਤ ‘ਚ ਮੌਤ! ਸਹੁਰਾ ਪਰਿਵਾਰ ‘ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼
ਜਲੰਧਰ: ਮਾਡਲ ਟਾਊਨ ‘ਚ 35 ਸਾਲਾ ਸਰਬਜੀਤ ਕੌਰ ਦੀ ਲਾਸ਼ ਫੰਦੇ ਨਾਲ ਲਟਕਦੀ ਮਿਲੀ, ਮਾਪਿਆਂ ਨੇ ਲਾਏ ਗੰਭੀਰ ਇਲਜ਼ਾਮ
ਜਲੰਧਰ / ਨੂਰਮਹਿਲ, 23 ਜੁਲਾਈ 2026- ਨੂਰਮਹਿਲ ਦੇ ਮਾਡਲ ਟਾਊਨ ਇਲਾਕੇ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 35 ਸਾਲਾ ਵਿਆਹੁਤਾ ਔਰਤ ਸਰਬਜੀਤ ਕੌਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਘਰ ਦੇ ਅੰਦਰ ਫੰਦੇ ਨਾਲ ਲਟਕਦੀ ਹੋਈ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਧੀ ਦੇ ਪਤੀ ਅਤੇ ਸਹੁਰੇ ਪਰਿਵਾਰ ‘ਤੇ ਮਾਨਸਿਕ ਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕਰਨ ਦੇ ਬਹੁੱਤ ਹੀ ਗੰਭੀਰ ਦੋਸ਼ ਲਗਾਏ ਹਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦਿਆਂ ਥਾਣਾ ਨੂਰਮਹਿਲ ਵਿਖੇ ਕੇਸ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਮ੍ਰਿਤਕਾ ਦੇ ਭਰਾ ਜੈ ਚੰਦ ਨੇ ਪੁਲਿਸ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਸਭ ਤੋਂ ਛੋਟੀ ਭੈਣ ਸਰਬਜੀਤ ਕੌਰ ਦਾ ਵਿਆਹ ਸਾਲ 2012 ਵਿੱਚ ਮਾਡਲ ਟਾਊਨ, ਨੂਰਮਹਿਲ ਦੇ ਰਹਿਣ ਵਾਲੇ ਬਲਵਿੰਦਰ ਕੁਮਾਰ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਵਿਆਹ ਦੇ ਇੰਨੇ ਸਾਲਾਂ ਬਾਅਦ ਇਸ ਸੁਖਾਵੇਂ ਜੋੜੇ ਦੇ ਦੋ ਬੱਚੇ ਵੀ ਹਨ।
ਪਰ ਪੇਕੇ ਪਰਿਵਾਰ ਦਾ ਦੋਸ਼ ਹੈ ਕਿ ਸਰਬਜੀਤ ਕੌਰ ਕਾਫ਼ੀ ਲੰਮੇ ਸਮੇਂ ਤੋਂ ਘਰੇਲੂ ਕਲੇਸ਼ ਅਤੇ ਸਹੁਰੇ ਪਰਿਵਾਰ ਵੱਲੋਂ ਦਿੱਤੀ ਜਾ ਰਹੀ ਮਾਨਸਿਕ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰ ਰਹੀ ਸੀ। ਭਰਾ ਜੈ ਚੰਦ ਨੇ ਦੋਸ਼ ਲਾਇਆ ਕਿ ਮ੍ਰਿਤਕਾ ਦਾ ਪਤੀ ਬਲਵਿੰਦਰ ਕੁਮਾਰ, ਸਹੁਰਾ ਅਮਰਜੀਤ, ਸੱਸ ਜਗੀਰੋ ਅਤੇ ਨਣਦ ਨੀਲੋ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਅਤੇ ਪ੍ਰਤਾੜਿਤ ਕਰਦੇ ਆ ਰਹੇ ਸਨ, ਜਿਸ ਕਰਕੇ ਉਹ ਅਕਸਰ ਮਾਨਸਿਕ ਖ਼ਿਚਾਅ ਅਤੇ ਤਣਾਅ ਵਿੱਚ ਰਹਿੰਦੀ ਸੀ।
ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲਗਾਤਾਰ ਮਿਲ ਰਹੀ ਮਾਨਸਿਕ ਪ੍ਰੇਸ਼ਾਨੀ ਅਤੇ ਜ਼ੁਲਮਾਂ ਤੋਂ ਅੱਕ ਕੇ ਹੀ ਸਰਬਜੀਤ ਕੌਰ ਨੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਨੂਰਮਹਿਲ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੀ ਪ੍ਰਕਿਰਿਆ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਘਟਨਾ ਬਾਰੇ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਬ-ਡਿਵੀਜ਼ਨ ਨਕੋਦਰ ਐੱਸ. ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਭਾਰਤੀ ਨਿਆਇ ਸੰਹਿਤਾ (BNS) ਦੀਆਂ ਧਾਰਾਵਾਂ 108 (ਖ਼ੁਦਕੁਸ਼ੀ ਲਈ ਉਕਸਾਉਣਾ), 238 ਅਤੇ 61(2) ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਫ਼ੁਰਤੀ ਦਿਖਾਉਂਦਿਆਂ ਮਾਮਲੇ ਦੇ ਤਿੰਨ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਜਾਂਚ ਦੌਰਾਨ ਜੋ ਵੀ ਹੋਰ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਬਣਦੀ ਹੋਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
















