ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ, ਮੈਂ ਕਿਉਂ ਅਸਤੀਫ਼ਾ ਦੇਵਾਂ?- ਹਰਜੋਤ ਬੈਂਸ
ਚੰਡੀਗੜ੍ਹ, 27 ਜੁਲਾਈ 2026:
ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇੱਕ ਵੱਡਾ ਦਾਅਵਾ ਕੀਤਾ ਕਿ, ਮੌਜੂਦਾ AAP ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਭਰਤੀਆਂ ਜਾਂ ਪ੍ਰੀਖਿਆਵਾਂ ਨਾਲ ਸਬੰਧਤ ਇੱਕ ਵੀ ਪੇਪਰ ਲੀਕ (Paper Leak) ਨਹੀਂ ਹੋਇਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਪ੍ਰੀਖਿਆਵਾਂ ਕਰਵਾ ਕੇ ਨੌਜਵਾਨਾਂ ਦਾ ਭਰੋਸਾ ਬਹਾਲ ਕੀਤਾ ਹੈ। ਬਿਨਾਂ ਕਿਸੇ ਧਾਂਦਲੀ ਦੇ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ, ਪੰਜਾਬ ਵਿੱਚ ਜਦੋਂ ਪੇਪਰ ਲੀਕ ਨਹੀਂ ਹੋਇਆ ਤਾਂ ਅਸਤੀਫ਼ਾ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਨਾਲੇ ਇਹ ਮਾਮਲਾ ਸਿਹਤ ਮਹਿਕਮੇ ਨਾਲ ਜੁੜਿਆ ਹੋਇਆ ਹੈ, ਮੇਰਾ ਮਹਿਕਮਾ ਸਿੱਖਿਆ ਹੈ। ਉਨ੍ਹਾਂ ਕਿਹਾ, ਬਾਬਾ ਫਰੀਦ ਯੂਨੀਵਰਸਿਟੀ ਵਲੋਂ ਲਏ ਗਏ ਫਾਰਮੇਸੀ ਪੇਪਰ ਦੌਰਾਨ ਚੱਲੀ ਨਕਲ, ਫੜੇ ਗਏ ਦੋਸ਼ੀਆਂ ਤੋਂ ਇਲਾਵਾ ਸਾਡੀ ਸਰਕਾਰ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਵਿੱਚ ਜੁਟੀ ਹੋਈ ਹੈ ਕਿ, ਇਸ ਨਕਲ ਕਾਂਡ ਦਾ ਅਸਲ ਮਾਸਟਰਮਾਈਂਡ ਕੌਣ ਸੀ?
ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਦਾ ਕਰਾਰਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਉਨ੍ਹਾਂ ਦੇ ਵਿਭਾਗ ਅਧੀਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ ਹੈ। ਉਹ 100 ਫੀਸਦੀ ਜ਼ਿੰਮੇਵਾਰੀ ਨਾਲ ਇਹ ਗੱਲ ਕਹਿ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੇਪਰ ਲੀਕ ਦਾ ਸਬੂਤ ਦੇ ਦੇਵੇ ਤਾਂ ਉਹ ਜਵਾਬਦੇਹ ਹਨ।
ਉਨ੍ਹਾਂ ਦੁੱਖ ਪ੍ਰਗਟਾਇਆ ਕਿ ਵਿਰੋਧੀ ਧਿਰਾਂ ਹਮੇਸ਼ਾ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਸਰਕਾਰ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਕੰਮ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਸਕਦਾ ਹੈ ਜੋ ਆਪਣੇ ਸਿੱਖਿਆ ਬੋਰਡ ਨੂੰ ‘ਬਲਾਕਚੇਨ ਤਕਨਾਲੋਜੀ’ (Blockchain Technology) ਨਾਲ ਜੋੜੇਗਾ।
ਇਸ ਮੌਕੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਅਤੇ ਪੰਜਾਬ ਦੇ ਸਿੱਖਿਆ ਮਾਡਲ ਲਈ ਇੱਕ ਬਹੁਤ ਵੱਡੀ ਮੱਲ ਹੈ।
ਨਾਲ ਹੀ, ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਅਤੇ ਫੀਸਾਂ ‘ਤੇ ਲਗਾਮ ਲਗਾਉਣ ਲਈ ਲਿਆਂਦੇ ਗਏ ਆਰਡੀਨੈਂਸ ਨੂੰ ਵੀ ਇਸੇ ਵਿਧਾਨ ਸਭਾ ਸੈਸ਼ਨ ਦੌਰਾਨ ਪੂਰਨ ਐਕਟ ਦਾ ਰੂਪ ਦਿੱਤਾ ਜਾਵੇਗਾ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀਆਂ ਚਰਚਾਵਾਂ ‘ਤੇ ਬੋਲਦਿਆਂ ਬੈਂਸ ਨੇ ਕਿਹਾ ਕਿ ਇਹ ਦੇਸ਼ ਦੇ ਪ੍ਰੀਖਿਆਰਥੀਆਂ ਦੀ ਜਿੱਤ ਹੈ।
ਸਿੱਖਿਆ ਮੰਤਰੀ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਦੇ ਸਿੱਖਿਆ ਮਾਡਲ ਵਿੱਚ ਹੋ ਰਹੇ ਸੁਧਾਰਾਂ ਦਾ ਅਸਰ ਹੁਣ ਸਾਫ਼ ਨਜ਼ਰ ਆ ਰਿਹਾ ਹੈ। ਅੱਜ ਸਥਿਤੀ ਇਹ ਹੈ ਕਿ ਦੂਜੇ ਸੂਬਿਆਂ (ਬਾਹਰੋਂ) ਤੋਂ ਵੀ ਬੱਚੇ ਪੰਜਾਬ ਦੇ ਸਰਕਾਰੀ ਅਤੇ ਉੱਚ ਸਿੱਖਿਆ ਸੰਸਥਾਵਾਂ ਵਿੱਚ ਪੜ੍ਹਨ ਲਈ ਆ ਰਹੇ ਹਨ। ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਦਾ ਬੁਨਿਆਦੀ ਢਾਂਚਾ ਬਦਲ ਰਿਹਾ ਹੈ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ।
















