BREAKING: ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਅੰਮ੍ਰਿਤਪਾਲ ਦੇ ਧੜੇ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਬੈਰੀਕੇਡ ਤੋੜ ਕੇ CM ਰਿਹਾਇਸ਼ ਵੱਲ ਵਧੇ ਨਿਹੰਗ
ਬੰਦੀ ਸਿੰਘਾਂ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਪ੍ਰਦਰਸ਼ਨ: ਪੁਲਿਸ ਨੇ ਚਲਾਈਆਂ ਪਾਣੀ ਦੀਆਂ ਵਾਛੜਾਂ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ- ਹਲਕਾ ਲਾਠੀਚਾਰਜ
ਚੰਡੀਗੜ੍ਹ/ਮੋਹਾਲੀ, 29 ਜੁਲਾਈ 2026:
ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਅੱਜ ਉਸ ਵੇਲੇ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ‘ਅਕਾਲੀ ਦਲ ਵਾਰਸ ਪੰਜਾਬ ਦੇ’ ਜਥੇਬੰਦੀ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਬੰਦੀ ਸਿੰਘਾਂ ਦੀ ਰਿਹਾਈ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੈਂਕੜੇ ਦੀ ਗਿਣਤੀ ਵਿੱਚ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਜਦੋਂ ਪੁਲਿਸ ਨੇ ਸਰਹੱਦ ‘ਤੇ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਸਥਿਤੀ ਗੰਭੀਰ ਰੂਪ ਧਾਰਨ ਕਰ ਗਈ।
ਮਿਲੀ ਜਾਣਕਾਰੀ ਮੁਤਾਬਕ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ‘ਅਕਾਲੀ ਦਲ ਵਾਰਸ ਪੰਜਾਬ’ ਦੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਭਾਰੀ ਪੁਲਿਸ ਨਫਰੀ ਵਲੋਂ ਰੋਕ ਲਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਤਿੱਖੀ ਬਹਿਸਬਾਜ਼ੀ ਹੋਈ। ਪ੍ਰਦਰਸ਼ਨਕਾਰੀ ਹਰ ਹਾਲ ਵਿੱਚ ਚੰਡੀਗੜ੍ਹ ਵਿੱਚ ਦਾਖ਼ਲ ਹੋ ਕੇ ਸੀ.ਐੱਮ. ਰਿਹਾਇਸ਼ ਵੱਲ ਜਾਣ ਦੀ ਜ਼ਿੱਦ ‘ਤੇ ਅੜੇ ਹੋਏ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਿਆ ਤਾਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਵਲੋਂ ਲਗਾਏ ਗਏ ਬੈਰੀਕੇਡ ਤੋੜ ਦਿੱਤੇ।
ਸਥਿਤੀ ਨੂੰ ਕਾਬੂ ਹੇਠ ਕਰਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਇਸ ਦੇ ਨਾਲ ਹੀ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਪਾਣੀ ਦੀਆਂ ਵਾਛੜਾਂ ਅਤੇ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਦੇ ਹੌਸਲੇ ਪਸਤ ਨਹੀਂ ਹੋਏ। ਉਹ ਬੈਰੀਕੇਡਾਂ ਨੂੰ ਪਾਸੇ ਕਰਦੇ ਹੋਏ ਮੋਹਾਲੀ-ਚੰਡੀਗੜ੍ਹ ਬੋਰਡਰ ਕ੍ਰਾਸ ਕਰਕੇ ਚੰਡੀਗੜ੍ਹ ਦੀ ਸੀਮਾ ਵਿੱਚ ਦਾਖ਼ਲ ਹੋ ਗਏ ਅਤੇ ਮੁੱਖ ਮੰਤਰੀ ਰਿਹਾਇਸ਼ ਵੱਲ ਲਗਾਤਾਰ ਵਧਦੇ ਰਹੇ।
ਦੱਸਣਯੋਗ ਹੈ ਕਿ ‘ਅਕਾਲੀ ਦਲ ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਜਥੇਬੰਦੀ ਵੱਲੋਂ ਦਿੱਤੇ ਗਏ ਵਿਸ਼ੇਸ਼ ਸੱਦੇ ‘ਤੇ ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ, ਨੌਜਵਾਨ ਅਤੇ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੇ ਸਮਰਥਕ ਮੋਹਾਲੀ ਵਿਖੇ ਇਕੱਤਰ ਹੋਏ ਸਨ।
ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਲਗਾਈਆਂ ਗਈਆਂ ਗੰਭੀਰ ਧਾਰਾਵਾਂ ਹਟਾ ਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਘਟਨਾ ਤੋਂ ਬਾਅਦ ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਦੇ ਹੋਰ ਵੀ ਕਰੜੇ ਇੰਤਜ਼ਾਮ ਕੀਤੇ ਗਏ ਹਨ। ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਹੋਰ ਪੁਲਿਸ ਫੋਰਸ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਚੁੱਕੇ ਹਨ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
















