Join WhatsApp

Join Now

1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ 4 ਅਗਸਤ ਨੂੰ ਵਿਧਾਨ ਸਭਾ ਵੱਲ ਮਾਰਚ ਦਾ ਐਲਾਨ

On: ਅਗਸਤ 1, 2026 1:58 ਬਾਃ ਦੁਃ

 

1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਵੱਲੋਂ 4 ਅਗਸਤ ਨੂੰ ਵਿਧਾਨ ਸਭਾ ਵੱਲ ਮਾਰਚ ਦਾ ਐਲਾਨ

ਉੱਚੇਰੀ ਸਿੱਖਿਆ ਅਤੇ ਰੁਜ਼ਗਾਰ ਬਚਾਉਣ ਲਈ ਮੈਦਾਨ ‘ਚ ਆਏ 1158 ਪ੍ਰੋਫੈਸਰ: ਸਰਕਾਰ ਤੋਂ ਵਿਸ਼ੇਸ਼ ਐਕਟ ਬਣਾਉਣ ਦੀ ਮੰਗ

ਰੂਪਨਗਰ ਸਰਕਾਰੀ ਕਾਲਜ ਦੇ ਗੇਟ ਅੱਗੇ ਗਰਜੇ 1158 ਪ੍ਰੋਫੈਸਰ, ਸਿੱਖਿਆ ਮੰਤਰੀ ਨੂੰ ਵਾਅਦਾ ਯਾਦ ਕਰਵਾਉਂਦਿਆਂ ਦਿੱਤੀ ਅੰਦੋਲਨ ਦੀ ਚੇਤਾਵਨੀ

ਚੰਡੀਗੜ੍ਹ, 1 ਅਗਸਤ 2026- 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਫਰੰਟ ਦੀ ਰੂਪਨਗਰ ਇਕਾਈ ਵੱਲੋਂ ਅੱਜ ਸਰਕਾਰੀ ਕਾਲਜ ਰੂਪਨਗਰ ਦੇ ਮੁੱਖ ਗੇਟ ਅੱਗੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਉਮੀਦਵਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਮੰਗ ਕੀਤੀ।

ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਆਗੂਆਂ ਅਤੇ ਬੁਲਾਰਿਆਂ ਨੇ ਸਾਫ਼ ਕੀਤਾ ਕਿ ਉਹ ਇਹ ਲੜਾਈ ਸਿਰਫ਼ ਆਪਣੇ ਰੁਜ਼ਗਾਰ ਲਈ ਹੀ ਨਹੀਂ, ਸਗੋਂ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਰਾਜ ਦੀ ਉੱਚੇਰੀ ਸਿੱਖਿਆ ਪ੍ਰਣਾਲੀ ਨੂੰ ਬਚਾਉਣ ਲਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਸਰਕਾਰ ਨੂੰ ਵਿਸ਼ੇਸ਼ ਐਕਟ ਲਿਆ ਕੇ ਇਸ ਭਰਤੀ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨੀ ਚਾਹੀਦੀ ਹੈ, ਤਾਂ ਜੋ ਸੈਂਕੜੇ ਨੌਜਵਾਨਾਂ ਦਾ ਭਵਿੱਖ ਤਬਾਹ ਹੋਣ ਤੋਂ ਬਚ ਸਕੇ।

ਜਥੇਬੰਦੀ ਦੇ ਪ੍ਰਮੁੱਖ ਆਗੂ ਪ੍ਰੋ. ਸੁਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਵੇਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਤਕਨੀਕੀ ਕਾਰਨਾਂ ਕਰਕੇ 1158 ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਹੈ, ਪਰ ਪੰਜਾਬ ਸਰਕਾਰ ਕੋਲ ਅਜੇ ਵੀ ਪੂਰਾ ਅਧਿਕਾਰ ਹੈ ਕਿ ਉਹ ਵਿਧਾਨ ਸਭਾ ਵਿੱਚ ਇੱਕ ਵਿਸ਼ੇਸ਼ ਐਕਟ ਪਾਸ ਕਰਕੇ ਇਸ ਭਰਤੀ ਨੂੰ ਮੁੜ ਬਹਾਲ ਕਰੇ। ਉਨ੍ਹਾਂ ਯਾਦ ਕਰਵਾਇਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪ ਫਰੰਟ ਨੂੰ ਭਰੋਸਾ ਦਵਾਇਆ ਸੀ ਕਿ ਸਰਕਾਰ ਵਿਧਾਨ ਸਭਾ ਵਿੱਚ ਐਕਟ ਬਣਾ ਕੇ ਇਸ ਭਰਤੀ ਨੂੰ ਹਰ ਹਾਲਤ ਵਿੱਚ ਬਚਾਏਗੀ।

ਪ੍ਰੋ. ਸੁਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਸਿੱਖਿਆ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਫਰੰਟ ਵੱਲੋਂ ਸਪੈਸ਼ਲ ਵਕੀਲਾਂ ਰਾਹੀਂ ਐਕਟ ਦਾ ਪੂਰਾ ਖਰੜਾ (Draft) ਤਿਆਰ ਕਰਵਾ ਕੇ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਾ ਹੈ। ਹੁਣ ਗੇਂਦ ਸਰਕਾਰ ਦੇ ਪਾਲੇ ਵਿੱਚ ਹੈ ਅਤੇ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਦਿਆਂ ਆਉਂਦੇ ਸੈਸ਼ਨ ਵਿੱਚ ਇਹ ਬਿੱਲ ਪਾਸ ਕਰਨਾ ਚਾਹੀਦਾ ਹੈ।

ਆਗੂਆਂ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਜਾ ਕੇ ਕੇਵਲ ਬੇਸਿਕ ਤਨਖ਼ਾਹ ਉੱਪਰ ਦਿਨ-ਰਾਤ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇੰਨੀ ਘੱਟ ਤਨਖ਼ਾਹ ਅਤੇ ਅਨਿਸ਼ਚਿਤਤਾ ਦੇ ਬਾਵਜੂਦ ਉਹ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਯਤਨਸ਼ੀਲ ਹਨ। ਪ੍ਰੰਤੂ ਸਰਕਾਰ ਦੀ ਸੁਸਤ ਚਾਲ ਕਾਰਨ ਉਨ੍ਹਾਂ ਦਾ ਭਵਿੱਖ ਅਧਰੰਗ ਵਿੱਚ ਲਟਕ ਰਿਹਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਵਿੱਚ ਵੀ ਭਾਰੀ ਨਿਰਾਸ਼ਾ ਅਤੇ ਮਾਨਸਿਕ ਤਣਾਅ ਪਾਇਆ ਜਾ ਰਿਹਾ ਹੈ।

ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਏਜੰਡਾ ਸਪੱਸ਼ਟ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸੇ ਲੜੀ ਦੇ ਤਹਿਤ 4 ਅਗਸਤ ਨੂੰ ਸਮੂਹ 1158 ਫਰੰਟ ਦੇ ਉਮੀਦਵਾਰ ਆਪਣੀਆਂ ਸਹਿਯੋਗੀ ਅਤੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਵਿਧਾਨ ਸਭਾ ਵੱਲ ਇੱਕ ਬਹੁਤ ਵੱਡਾ ਰੋਸ ਮਾਰਚ ਕੱਢਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਦੀ ਹੈ ਤਾਂ ਉਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

 

Leave a Comment