DA ਦੇਣ ਬਾਰੇ ਮੁਲਾਜ਼ਮਾਂ ਦੇ ਹੱਕ ‘ਚ ਹਾਈਕੋਰਟ ਦਾ ਫ਼ੈਸਲਾ! AAP ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ- ਢਿੱਲੋਂ
ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60% DA ਦੇ ਰਹੀ, ਜਦਕਿ ਪੰਜਾਬ ਸਰਕਾਰ 42% ਦੇਣ ਤੋਂ ਵੀ ਭੱਜ ਰਹੀ ਹੈ
ਚੰਡੀਗੜ੍ਹ, 3 ਅਗਸਤ 2026- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲਾ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਸ਼ਾਬਦਿਕ ਹਮਲਾ ਬੋਲਿਆ ਹੈ। ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਰੋਕਿਆ ਹੋਇਆ DA ਜਾਰੀ ਕਰਨ ਦੇ ਦਿੱਤੇ ਹੁਕਮ ‘ਆਪ’ ਸਰਕਾਰ ਦੇ ਮੂੰਹ ‘ਤੇ ਇੱਕ ਕਰਾਰਾ ਥੱਪੜ ਹਨ।
ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਬਣਦੇ ਹੱਕਾਂ ‘ਤੇ ਡਾਕਾ ਮਾਰਦੀ ਆ ਰਹੀ ਹੈ। ਜਿਨ੍ਹਾਂ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਭਗਵੰਤ ਮਾਨ ‘ਤੇ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਸੇ ਸਰਕਾਰ ਨੇ ਉਨ੍ਹਾਂ ਦੇ ਰਾਹਾਂ ਵਿੱਚ ਕੰਡੇ ਵਿਛਾ ਦਿੱਤੇ ਹਨ। ‘ਆਪ’ ਸਰਕਾਰ ਦੇ ਦੋਹਰੇ ਚਿਹਰੇ ‘ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਗਾਰੰਟੀਆਂ ਕੀਤੀਆਂ ਸਨ।
ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਪਹੁੰਚੇ ਤਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਸੀ। ਪਰ ਅੱਜ ਹਕੀਕਤ ਇਹ ਹੈ ਕਿ ਉਹੀ ਸਰਕਾਰ ਆਪਣੇ ਉਹਨਾਂ ਹੀ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਸਰਕਾਰ ਹੁਣ ਅਦਾਲਤਾਂ ਦੇ ਹੁਕਮਾਂ ਦੀ ਵੀ ਪਰਵਾਹ ਨਹੀਂ ਕਰ ਰਹੀ।
ਢਿੱਲੋਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਤੁਲਨਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਮੁਲਾਜ਼ਮ ਇਹ ਮੰਨ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਤੇ ਵੱਧ ਮੁਲਾਜ਼ਮ-ਪੱਖੀ ਹਨ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫੀਸਦੀ ਡੀਏ ਦੇ ਰਹੀ ਹੈ, ਜਦਕਿ ਪੰਜਾਬ ਦੀ ‘ਆਪ’ ਸਰਕਾਰ 42 ਫੀਸਦੀ ਡੀਏ ਦੇਣ ਤੋਂ ਵੀ ਭੱਜ ਰਹੀ ਹੈ। ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ।
ਸੂਬਾ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਪਹਿਰੇਦਾਰ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਹਮੇਸ਼ਾ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਠੋਥੀਆਂ ਅਤੇ ਖੋਖਲੀਆਂ ਗਾਰੰਟੀਆਂ ਦਾ ਸੱਚ ਪਛਾਣਨ ਅਤੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ, ਤਾਂ ਜੋ ਰਾਜ ਵਿੱਚ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਸਮੇਂ ਸਿਰ ਮਿਲ ਸਕਣ।
















