ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ! ਕਈ ਫੈਸਲਿਆਂ ‘ਤੇ ਲੱਗ ਸਕਦੀ ਮੋਹਰ
ਚੰਡੀਗੜ੍ਹ 4 ਅਗਸਤ 2026-.
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੇ ਵਿਚਾਲੇ ਸੂਬਾ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਕੰਮਕਾਜ ਅਤੇ ਵਿਕਾਸ ਯੋਜਨਾਵਾਂ ਨੂੰ ਲੈ ਕੇ ਇੱਕ ਅਹਿਮ ਮੰਤਰੀ ਮੰਡਲ (ਕੈਬਨਿਟ) ਮੀਟਿੰਗ ਬੁਲਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਮੀਟਿੰਗ ਬੁੱਧਵਾਰ, 5 ਅਗਸਤ, 2026 ਨੂੰ ਚੰਡੀਗੜ੍ਹ ਵਿਖੇ ਹੋਵੇਗੀ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਨੋਟਿਸ ਦੇ ਅਨੁਸਾਰ, ਇਹ ਉੱਚ-ਪੱਧਰੀ ਕੈਬਨਿਟ ਮੀਟਿੰਗ ਦੁਪਹਿਰ 1:00 ਵਜੇ ਸ਼ੁਰੂ ਹੋਵੇਗੀ। ਮੀਟਿੰਗ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਦੀ ਗਰਾਊਂਡ ਫਲੋਰ (Ground Floor) ‘ਤੇ ਸਥਿਤ ‘ਕਮੇਟੀ ਰੂਮ-ਏ’ ਨੂੰ ਸਥਾਨ ਵਜੋਂ ਨਿਰਧਾਰਿਤ ਕੀਤਾ ਗਿਆ ਹੈ। ਸਰਕਾਰ ਵੱਲੋਂ ਸਾਰੇ ਕੈਬਨਿਟ ਮੰਤਰੀਆਂ ਅਤੇ ਸਬੰਧਤ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਹਾਜ਼ਰ ਹੋਣ ਲਈ ਸੂਚਿਤ ਕਰ ਦਿੱਤਾ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਨਵੀਆਂ ਭਰਤੀਆਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਕਈ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦੇਣ ਵਾਸਤੇ ਕੈਬਨਿਟ ਵਿੱਚ ਫੈਸਲਾ ਸਰਕਾਰ ਲੈ ਸਕਦੀ ਹੈ। ਇਸ ਦੇ ਨਾਲ ਹੀ ਮੰਨਿਆ ਇਹ ਵੀ ਜਾ ਰਿਹਾ ਹੈ ਕਿ ਸਰਕਾਰ ਦੁਆਰਾ ਲੋਕ ਭਲਾਈ ਸਕੀਮਾਂ ਨੂੰ ਵੀ ਹਰੀ ਝੰਡੀ ਦਿੱਤੀ ਜਾ ਸਕਦੀ ਹੈ।
ਹਾਲਾਂਕਿ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੀਟਿੰਗ ਦਾ ਵਿਸਥਾਰਪੂਰਵਕ ਏਜੰਡਾ ਵੱਖਰੇ ਤੌਰ ‘ਤੇ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਹਾਲਾਂਕਿ, ਪ੍ਰਸ਼ਾਸਨਿਕ ਹਲਕਿਆਂ ਵਿੱਚ ਇਹ ਚਰਚਾ ਹੈ ਕਿ ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਕਈ ਮਹੱਤਵਪੂਰਨ ਨੀਤੀਗਤ ਫੈਸਲਿਆਂ ਅਤੇ ਲੋਕ ਹਿੱਤ ਨਾਲ ਜੁੜੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਜਿਸ ਵਿੱਚ, ਸੂਬੇ ਅੰਦਰ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਬੁਨਿਆਦੀ ਢਾਂਚੇ ਦੇ ਕਾਰਜਾਂ ਦੀ ਸਮੀਖਿਆ। ਸਰਕਾਰੀ ਵਿਭਾਗਾਂ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਨਵੇਂ ਨਿਯਮਾਂ ‘ਤੇ ਚਰਚਾ। ਵੱਖ-ਵੱਖ ਵਰਗਾਂ ਲਈ ਭਲਾਈ ਯੋਜਨਾਵਾਂ ਅਤੇ ਆਰਥਿਕ ਮਾਮਲਿਆਂ ‘ਤੇ ਵਿਚਾਰ ਵਟਾਂਦਰਾ ਆਦਿ।
ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਸਮੇਤ ਰਾਜ ਦੇ ਸਮੁੱਚੇ ਮੰਤਰੀ, ਮੁੱਖ ਸਕੱਤਰ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰ ਸ਼ਾਮਲ ਹੋਣਗੇ। ਏਜੰਡਾ ਜਾਰੀ ਹੋਣ ਤੋਂ ਬਾਅਦ ਇਹ ਸਪੱਸ਼ਟ ਹੋ ਜਾਵੇਗਾ ਕਿ ਕਿਹੜੇ-ਕਿਹੜੇ ਮੁੱਖ ਮੁੱਦਿਆਂ ‘ਤੇ ਸਰਕਾਰ ਵੱਲੋਂ ਆਖਰੀ ਮੁਹਰ ਲਗਾਈ ਜਾਣੀ ਹੈ।
















