Join WhatsApp

Join Now

ਚੰਡੀਗੜ੍ਹ ‘ਚ ਭਲਕੇ ਗਰਜਣਗੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਮਹਾਂਰੈਲੀ ਦਾ ਪੂਰਨ ਸਮਰਥਨ

On: ਅਗਸਤ 6, 2026 1:54 ਬਾਃ ਦੁਃ

 

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵੱਲੋਂ 7 ਅਗਸਤ ਦੀ ਚੰਡੀਗੜ੍ਹ ਮਹਾਰੈਲੀ ਦਾ ਪੂਰਨ ਸਮਰਥਨ, ਸਮੂਹ ਲੈਕਚਰਾਰਾਂ ਨੂੰ ਵੱਧ-ਚੜ੍ਹ ਕੇ ਪੁੱਜਣ ਦੀ ਅਪੀਲ

ਮੀਡੀਆ ਵਿੱਚ ਜਾਰੀ ਰਿਪੋਰਟਾਂ ਰਾਹੀਂ ਸਰਕਾਰ ਨੇ ਮੁਲਾਜ਼ਮ ਵਿਰੋਧੀ ਸਟੈਂਡ ਦਾ ਦਿੱਤਾ ਸਪੱਸ਼ਟ ਇਸ਼ਾਰਾ: ਸੰਜੀਵ ਕੁਮਾਰ

ਚੰਡੀਗੜ੍ਹ, 6 ਅਗਸਤ 2026- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਨੇ ਮੁਲਾਜ਼ਮ ਵਰਗ ਵੱਲੋਂ 7 ਅਗਸਤ ਨੂੰ ਦਾਣਾ ਮੰਡੀ, ਸੈਕਟਰ 39, ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਮਹਾਰੈਲੀ ਅਤੇ ਰੋਸ ਮਾਰਚ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ ਪੰਜਾਬ ਦੇ ਸਮੂਹ ਲੈਕਚਰਾਰ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਲਈ ਇਸ ਮਹਾਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ। ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਅਗਸਤ ਦੀ ਇਸ ਰੈਲੀ ਵਿੱਚ ਜਥੇਬੰਦੀ ਦੇ ਸਮੂਹ ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਵਿਸ਼ੇਸ਼ ਰੂਪ ਵਿੱਚ ਹਾਜ਼ਰੀ ਭਰਨਗੇ।

ਡੀ.ਏ. (DA) ਸੰਬੰਧੀ ਉੱਚ ਅਦਾਲਤ ਦੇ ਫੈਸਲੇ ਦਾ ਜ਼ਿਕਰ ਕਰਦਿਆਂ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਕਿਹਾ ਕਿ ਅਦਾਲਤੀ ਫੈਸਲੇ ਤੋਂ ਬਾਅਦ ਆਪਣੇ ਬੈਂਕ ਖ਼ਾਤਿਆਂ ਵਿੱਚ ਪੈਸੇ ਆਉਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਮੌਜੂਦਾ ਸਥਿਤੀ ਨੂੰ ਸਮਝਣਾ ਚਾਹੀਦਾ ਹੈ। ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਬਾਕੀਆਂ ਨਾਲੋਂ ਵੱਧ ਦੱਸ ਕੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਵਾਲੀ ਸੀਲਬੰਦ ਰਿਪੋਰਟ ਨੂੰ ਹਾਲਾਂਕਿ ਮਾਨਯੋਗ ਹਾਈ ਕੋਰਟ ਵੱਲੋਂ ਖਾਰਜ ਕੀਤਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਸ ਨੂੰ ਮੁੜ ਮੀਡੀਆ ਵਿੱਚ ਜਾਰੀ ਕਰਕੇ ਆਪਣੇ ਮੁਲਾਜ਼ਮ ਵਿਰੋਧੀ ਰੱਵਈਏ ਦਾ ਸਪੱਸ਼ਟ ਇਸ਼ਾਰਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਘਰਾਂ ਵਿੱਚ ਬੈਠ ਕੇ ਬੈਂਕ ਖ਼ਾਤਿਆਂ ਵਿੱਚ ਸੁਨੇਹੇ ਆਉਣ ਦੀ ਆਸ ਲਗਾਉਣ ਦੀ ਥਾਂ ਮੁਲਾਜ਼ਮਾਂ ਨੂੰ ਸੜਕਾਂ ‘ਤੇ ਉੱਤਰਨਾ ਪਵੇਗਾ। 18% ਬਕਾਇਆ ਮਹਿੰਗਾਈ ਭੱਤਾ (DA) ਤੁਰੰਤ ਜਾਰੀ ਕੀਤਾ ਜਾਵੇ। ਪੰਜਾਬ ਤਨਖਾਹ ਸਕੇਲ (Pay Scale) ਲਾਗੂ ਕੀਤਾ ਜਾਵੇ। ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕੀਤੀ ਜਾਵੇ। ਕੱਟੇ ਗਏ ਸਮੂਹ ਭੱਤਿਆਂ ਦੀ ਬਹਾਲੀ ਕੀਤੀ ਜਾਵੇ। ਕੱਚੇ ਅਤੇ ਮਾਣ-ਭੱਤਾ (Honorarium) ਮੁਲਾਜ਼ਮਾਂ ਦੀਆਂ ਮੰਗਾਂ ਦਾ ਪੱਕਾ ਹੱਲ ਕੀਤਾ ਜਾਵੇ।

ਯੂਨੀਅਨ ਆਗੂਆਂ ਨੇ ਸਾਂਝੇ ਤੌਰ ‘ਤੇ ਆਖਿਆ ਕਿ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਉਲੀਕੀ ਗਈ ਇਸ ਰੈਲੀ ਵਿੱਚ 7 ਅਗਸਤ ਨੂੰ ਵੱਡੀ ਗਿਣਤੀ ਵਿੱਚ ਸੈਕਟਰ 39, ਅਨਾਜ਼ ਮੰਡੀ ਚੰਡੀਗੜ੍ਹ ਪਹੁੰਚ ਕੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇ। ਇਸ ਮੌਕੇ ਜਥੇਬੰਦੀ ਦੇ ਮੁੱਖ ਸਲਾਹਕਾਰ ਸੁਖਦੇਵ ਸਿੰਘ ਰਾਣਾ ਤੋਂ ਇਲਾਵਾ ਜਸਪਾਲ ਸਿੰਘ ਵਾਲੀਆ, ਅਮਰਜੀਤ ਸਿੰਘ ਵਾਲੀਆ, ਅਵਤਾਰ ਸਿੰਘ ਧਨੋਆ, ਜਗਤਾਰ ਸਿੰਘ ਸੈਦੋਕੇ,ਬਲਦੀਸ਼ ਲਾਲ, ਰਵਿੰਦਰ ਪਾਲ ਸਿੰਘ,ਕੁਲਦੀਪ ਕੁਮਾਰ ਗਰੋਵਰ, ਬਲਰਾਜ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਬਠਿੰਡਾ ਸਮੇਤ ਹੋਰ ਮੁੱਖ ਆਗੂਆਂ ਨੇ ਵੀ ਮੁਲਾਜ਼ਮਾਂ ਨੂੰ ਚੰਡੀਗੜ੍ਹ ਮਹਾਰੈਲੀ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।

 

Leave a Comment