Punjab News! ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; ਵਿਭਾਗ ‘ਚ ਮਰਜ਼ ਕਰਨ ਦੀ ਮੰਗ
ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰੇ ਮੈਨੇਜ਼ਮੈਂਟ :-ਕਮੇਟੀ ਆਗੂ
ਲਹਿਰਾ ਮੁਹੱਬਤ, 13 ਅਗਸਤ 2026-
ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਵੀਹਵੇਂ ਦਿਨ ਵੀ ਜਾਰੀ ਹੈ।
ਇਸ ਮੌਕੇ ਲਛਮਣ ਰਾਮਪੁਰਾ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ, ਲਖਰਾਜ ਸਿੰਘ, ਦੌਲਤ ਰਾਮ, ਜਗਮੀਤ ਲਹਿਰਾ, ਜਗਸੀਰ ਧੂਰਕੋਟ, ਗੁਰਜੰਟ ਬਾਲਿਆਂਵਾਲੀ, ਗੁਰਸ਼ਰਨ ਕੋਟੜਾ ਅਤੇ ਪ੍ਰਮਜੀਤ ਮਹਿਰਾਜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਨਹੀਂ ਕੀਤਾ ਗਿਆ।
ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਵੀਹਵੇਂ ਦਿਨ ਵੀ ਜਾਰੀ ਹੈ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਅੱਜ ਦੇ ਧਰਨੇ ਵਿੱਚ ਸਟੇਜ ਸਕੱਤਰ ਦੀ ਭੂਮਿਕਾ ਜਗਤਾਰ ਸੰਧੂ ਨੇ ਨਿਭਾਈ। ਅੱਜ ਦੀ ਇਕੱਤਰਤਾ ਨੂੰ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।















