Join WhatsApp

Join Now

ਮੋਦੀ ਸਰਕਾਰ ਵਿਰੁੱਧ ਦਿੱਲੀ ‘ਚ ਗਰਜਣਗੇ ਕਾਮਰੇਡ!

On: ਅਗਸਤ 14, 2026 9:31 ਬਾਃ ਦੁਃ

 

ਮੋਦੀ ਸਰਕਾਰ ਵਿਰੁੱਧ ਦਿੱਲੀ ‘ਚ ਗਰਜਣਗੇ ਕਾਮਰੇਡ!

ਮੋਗਾ, 14 ਅਗਸਤ 2026 : ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਲਈ 6 ਅਗਸਤ ਤੋਂ 15 ਅਗਸਤ ਤੱਕ ਕੀਤੀ ਜਾ ਰਹੀ ਪਦ ਯਾਤਰਾ ਤਹਿਤ ਬਲਾਕ ਮੋਗਾ-2 ਵੱਲੋਂ ਵੱਖ ਵੱਖ ਪਿੰਡਾਂ ਵਿਚ ਜਨ ਸੰਪਰਕ ਮੁਹਿੰਮ ਚਲਾਈ ਗਈ।

ਇਸ ਦੌਰਾਨ ਪਾਰਟੀ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਮਜ਼ਦੂਰਾਂ, ਕਿਸਾਨਾਂ, ਖੇਤ ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਨੂੰ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਕੁਲਦੀਪ ਸਿੰਘ ਭੋਲਾ, ਬਲਾਕ ਸਕੱਤਰ ਕਾਮਰੇਡ ਸ਼ੇਰ ਸਿੰਘ ਦੌਲਤਪੁਰਾ ਅਤੇ ਬਲਾਕ ਸਹਾਇਕ ਸਕੱਤਰ ਕਾਮਰੇਡ ਜਗਸੀਰ ਸਿੰਘ ਖੋਸਾ ਨੇ ਸੰਬੋਧਨ ਕੀਤਾ।

ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਸਭ ਤੋਂ ਵੱਧ ਪ੍ਰਭਾਵ ਦੇਸ਼ ਦੇ ਮਿਹਨਤਕਸ਼ ਲੋਕਾਂ ’ਤੇ ਪੈ ਰਿਹਾ ਹੈ। ਮਹਿੰਗਾਈ ਕਾਰਨ ਆਮ ਪਰਿਵਾਰਾਂ ਦਾ ਘਰੇਲੂ ਬਜਟ ਵਿਗੜ ਰਿਹਾ ਹੈ, ਜਦਕਿ ਰੁਜ਼ਗਾਰ ਦੇ ਮੌਕੇ ਘਟਣ ਕਾਰਨ ਨੌਜਵਾਨਾਂ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਗੰਭੀਰ ਬਣਦੀ ਜਾ ਰਹੀ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰੀ ਅਤੇ ਜਨਤਕ ਖ਼ੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਨਾਲ ਲੋਕਾਂ ਦੀ ਮਿਹਨਤ ਨਾਲ ਖੜ੍ਹੇ ਕੀਤੇ ਜਨਤਕ ਸਰੋਤ ਕੁੱਝ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਕੇਂਦਰਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨ ਵਾਲੇ ਕਾਨੂੰਨਾਂ ਨੂੰ ਕਮਜ਼ੋਰ ਕਰਨ ਅਤੇ ਠੇਕਾ ਪ੍ਰਣਾਲੀ ਨੂੰ ਵਧਾਉਣ ਨਾਲ ਮਜ਼ਦੂਰ ਵਰਗ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਹੋਇਆ ਹੈ।

ਕਾਮਰੇਡ ਕੁਲਦੀਪ ਸਿੰਘ ਭੋਲਾ ਨੇ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਆਰਥਿਕ ਹਾਲਤ ਵੀ ਚਿੰਤਾਜਨਕ ਹੈ। ਖੇਤੀਬਾੜੀ ਦੀ ਲਗਾਤਾਰ ਵਧ ਰਹੀ ਲਾਗਤ, ਕਰਜ਼ੇ ਅਤੇ ਆਮਦਨ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਪੇਂਡੂ ਅਰਥਚਾਰਾ ਦਬਾਅ ਹੇਠ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਵਰਗੀਆਂ ਰੁਜ਼ਗਾਰ ਯੋਜਨਾਵਾਂ ਵਿਚ ਲੋੜ ਅਨੁਸਾਰ ਕੰਮ, ਸਮੇਂ ਸਿਰ ਮਜ਼ਦੂਰੀ ਅਤੇ ਵਾਜਬ ਦਿਹਾੜੀ ਯਕੀਨੀ ਬਣਾਉਣ ਦੀ ਲੋੜ ਹੈ ਤਾਂ ਜੋ ਪੇਂਡੂ ਮਜ਼ਦੂਰਾਂ ਨੂੰ ਆਰਥਿਕ ਸਹਾਰਾ ਮਿਲ ਸਕੇ।

ਉਨ੍ਹਾਂ ਕਿਹਾ ਕਿ ਦੇਸ਼ ਦੀ ਜਮਹੂਰੀ ਅਤੇ ਧਰਮ ਨਿਰਪੱਖ ਵਿਵਸਥਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਲੋਕਾਂ ਨੂੰ ਧਰਮ, ਜਾਤ ਅਤੇ ਹੋਰ ਭਾਵਨਾਤਮਕ ਮੁੱਦਿਆਂ ’ਤੇ ਵੰਡਣ ਦੀ ਬਜਾਏ ਸਰਕਾਰ ਨੂੰ ਰੁਜ਼ਗਾਰ, ਮਹਿੰਗਾਈ, ਸਿੱਖਿਆ, ਸਿਹਤ, ਕਿਸਾਨੀ ਅਤੇ ਮਜ਼ਦੂਰਾਂ ਦੇ ਹੱਕਾਂ ਵਰਗੇ ਬੁਨਿਆਦੀ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਕਾਮਰੇਡ ਜਗਸੀਰ ਸਿੰਘ ਖੋਸਾ ਨੇ ਕਿਹਾ ਕਿ ਨੌਜਵਾਨਾਂ ਲਈ ਪੱਕੇ ਰੁਜ਼ਗਾਰ, ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ, ਕਿਸਾਨਾਂ ਲਈ ਲਾਹੇਵੰਦ ਭਾਅ ਅਤੇ ਆਮ ਲੋਕਾਂ ਲਈ ਸਸਤੀ ਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਹੱਕਾਂ ਅਤੇ ਮੰਗਾਂ ਲਈ ਜਥੇਬੰਦ ਹੋ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀ.ਪੀ.ਆਈ. ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ 1 ਸਤੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਹੋਣ ਵਾਲੇ ਇਕੱਠ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ।

 

Leave a Comment