ਸਮਾਰਟ ਮੀਟਰਾਂ ਖ਼ਿਲਾਫ਼ ਹੱਲਾਬੋਲ! ਬਿਜਲੀ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਚਿੱਪ ਵਾਲੇ ਮੀਟਰ
“ਮੀਟਰਾਂ ‘ਚ ਪਹਿਲਾਂ ਪੈਸੇ ਪਾਉਣਾ ਆਮ ਲੋਕਾਂ ਵਾਸਤੇ ਅਸੰਭਵ”: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਬਿਜਲੀ 2 ਰੁਪਏ ਯੂਨਿਟ ਕਰਨ ਦੀ ਕੀਤੀ ਮੰਗ- ਚਿੱਪ ਵਾਲੇ ਸਮਾਰਟ ਮੀਟਰਾਂ ਵਿਰੁੱਧ ਵੱਡਾ ਧਰਨਾ
ਖਡੂਰ ਸਾਹਿਬ, 15 ਅਗਸਤ 2026-
ਕਾਰਪੋਰੇਟ ਘਰਾਣਿਆਂ ਦੀਆਂ ਕਥਿਤ ਲੋਕ-ਮਾਰੂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦੇ ਵਿਰੋਧ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਅਪਣਾ ਸੰਘਰਸ਼ ਹੋਰ ਤਿੱਖਾ ਕਰ ਦਿੱਤਾ ਹੈ। ਇਸੇ ਲੜੀ ਤਹਿਤ ਜਥੇਬੰਦੀ ਦੀ ਇਕਾਈ ‘ਚੱਕ ਕਰੇ ਖਾਂ’ ਵੱਲੋਂ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਬ-ਡਵੀਜ਼ਨ ਨਾਗੋਕੇ ਮੋੜ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਪਣੇ ਘਰਾਂ ਦੇ ਚਿੱਪ ਵਾਲੇ ਸਮਾਰਟ ਮੀਟਰ ਉਤਾਰ ਕੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਮ੍ਹਾਂ ਕਰਵਾ ਦਿੱਤੇ।
ਮੀਟਰ ਜਮ੍ਹਾਂ ਕਰਵਾਉਣ ਦੀ ਕਾਰਵਾਈ ਤੋਂ ਪਹਿਲਾਂ ਇਲਾਕੇ ਦੇ ਵੱਡੀ ਗਿਣਤੀ ਕਿਸਾਨ, ਮਜ਼ਦੂਰ ਅਤੇ ਬੀਬੀਆਂ ਬਿਜਲੀ ਘਰ ਨਾਗੋਕੇ ਮੋੜ ਵਿਖੇ ਇਕੱਠੇ ਹੋਏ। ਇਸ ਮੌਕੇ ਇਕਾਈ ਪ੍ਰਧਾਨ ਮਨਜੀਤ ਸਿੰਘ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਜਨਤਾ ਉੱਤੇ ਮਹਿੰਗਾਈ ਦਾ ਵਾਧੂ ਬੋਝ ਥੋਪ ਰਹੀਆਂ ਹਨ।
ਉਨ੍ਹਾਂ ਆਖਿਆ ਕਿ ਅੱਜ ਦੇ ਦੌਰ ਵਿੱਚ ਜਦੋਂ ਆਮ ਨਾਗਰਿਕ, ਗਰੀਬ ਕਿਸਾਨ ਅਤੇ ਮਜ਼ਦੂਰ ਪਹਿਲਾਂ ਹੀ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਬੇਰੋਜ਼ਗਾਰੀ ਕਾਰਨ ਗੰਭੀਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਅਜਿਹੇ ਸਮੇਂ ਚਿੱਪ ਵਾਲੇ ਪ੍ਰੀ-ਪੇਡ ਸਮਾਰਟ ਮੀਟਰ ਲਗਾਉਣਾ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਜਲੀ ਵਰਤਣ ਤੋਂ ਪਹਿਲਾਂ ਰੀਚਾਰਜ ਕਰਵਾਉਣਾ (ਪੈਸੇ ਪਾਉਣਾ) ਆਮ ਤੇ ਗਰੀਬ ਲੋਕਾਂ ਦੇ ਵੱਸ ਦੀ ਗੱਲ ਨਹੀਂ ਹੈ।
ਬਿਜਲੀ 2 ਰੁਪਏ ਪ੍ਰਤੀ ਯੂਨਿਟ ਕਰਨ ਦੀ ਮੰਗ
ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਮ ਲੋਕਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਨੂੰ ਆਰਥਿਕ ਰਾਹਤ ਦੇਣ ਲਈ ਬਿਜਲੀ ਦੀ ਦਰ ਤੁਰੰਤ 2 ਰੁਪਏ ਪ੍ਰਤੀ ਯੂਨਿਟ ਨਿਸ਼ਚਿਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਲੋਕ ਹਿੱਤ ਵਿੱਚ ਫੈਸਲੇ ਨਾ ਲਏ ਅਤੇ ਸਮਾਰਟ ਮੀਟਰ ਜ਼ਬਰਦਸਤੀ ਲਗਾਉਣ ਦੀ ਨੀਤੀ ਬੰਦ ਨਾ ਕੀਤੀ, ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਪੂਰੇ ਪੰਜਾਬ ਵਿੱਚ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਤੋਂ ਬਾਅਦ ਜਥੇਬੰਦੀ ਦੇ ਆਗੂਆਂ ਨੇ ਬਿਜਲੀ ਬੋਰਡ ਦੇ ਐੱਸ.ਡੀ.ਓ. (SDO) ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਚਿੱਪ ਵਾਲੇ ਸਮਾਰਟ ਮੀਟਰ ਵਿਭਾਗ ਨੂੰ ਸੌਂਪ ਦਿੱਤੇ। ਅਧਿਕਾਰੀਆਂ ਨੇ ਮੀਟਰ ਪ੍ਰਾਪਤ ਕਰਦਿਆਂ ਉੱਚ ਅਧਿਕਾਰੀਆਂ ਤੱਕ ਲੋਕਾਂ ਦੀਆਂ ਮੰਗਾਂ ਪਹੁੰਚਾਉਣ ਦਾ ਭਰੋਸਾ ਦਿੱਤਾ।
ਇਸ ਰੋਸ ਵਿਖਾਵੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ-ਨਾਲ ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਇਕਾਈ ਪ੍ਰਧਾਨ ਮਨਜੀਤ ਸਿੰਘ ਤੋਂ ਇਲਾਵਾ ਲਖਬੀਰ ਸਿੰਘ, ਪ੍ਰੈੱਸ ਸਕੱਤਰ ਵਿਸ਼ਾਲ ਸਿੰਘ, ਮੀਤ ਪ੍ਰਧਾਨ ਲਵਪ੍ਰੀਤ ਸਿੰਘ, ਸੁਖਚੈਨ ਸਿੰਘ, ਤਜਿੰਦਰ ਸਿੰਘ, ਬਲਜੀਤ ਸਿੰਘ, ਵਿਕਰਮਜੀਤ ਸਿੰਘ, ਰੇਸ਼ਮ ਸਿੰਘ, ਬੀਬੀ ਗੁਰਮੀਤ ਕੌਰ, ਮਨਜੀਤ ਕੌਰ, ਜਿੰਦਰ ਕੌਰ, ਬਲਵਿੰਦਰ ਕੌਰ ਸਮੇਤ ਜਥੇਬੰਦੀ ਦੇ ਹੋਰ ਕਈ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ।
















