ਸਿਮਰਨਜੀਤ ਮਾਨ ਜ਼ਖ਼ਮੀ ਹਾਲਤ ‘ਚ ਗਵਰਨਰ ਹਾਊਸ ਵੱਲ ਕੂਚ ਕਰਨ ਪਹੁੰਚੇ, ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 15 ਅਗਸਤ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਉਸ ਸਮੇਂ ਹਿਰਾਸਤ ਵਿੱਚ ਲੈ ਲਿਆ, ਜਦੋਂ ਉਹ ਗਵਰਨਰ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਮਾਨ ਦੇ ਸਰੀਰ ’ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸਨ ਅਤੇ ਉਹ ਜ਼ਖ਼ਮੀ ਹਾਲਤ ਵਿੱਚ ਨਜ਼ਰ ਆ ਰਹੇ ਸਨ।
ਮਿਲੀ ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਮਾਨ ਗੁਪਤ ਤਰੀਕੇ ਨਾਲ ਗਵਰਨਰ ਹਾਊਸ ਵੱਲ ਜਾਣ ਲਈ ਪਹੁੰਚੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ, ਇੱਕ ਨਿੱਜੀ ਮੀਡੀਆ ਕੋਲ ਮੌਜੂਦ ਜਾਣਕਾਰੀ ਅਨੁਸਾਰ, ਮਾਨ ਨੂੰ ਹਸਪਤਾਲ ਵਿੱਚ ਦਾਖ਼ਲ ਨਹੀਂ ਕਰਵਾਇਆ ਗਿਆ ਸੀ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸੱਟ ਲੱਗਣ ਦੀ ਪੁਸ਼ਟੀ ਹੋਈ ਸੀ। ਸੂਤਰਾਂ ਮੁਤਾਬਕ ਉਹ ਗਵਰਨਰ ਹਾਊਸ ਦੇ ਨੇੜੇ ਸਥਿਤ ਇੱਕ ਘਰ ਵਿੱਚ ਠਹਿਰੇ ਹੋਏ ਸਨ ਅਤੇ ਉੱਥੇ ਹੀ ਉਨ੍ਹਾਂ ਨੇ ਆਪਣੇ ਸਰੀਰ ’ਤੇ ਪੱਟੀਆਂ ਬੰਨ੍ਹੀਆਂ ਸਨ।
ਮਾਨ ਵੱਲੋਂ ਗਵਰਨਰ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਦੇ ਮੱਦੇਨਜ਼ਰ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਸਨ। ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਦਿਆਂ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ, ਮਾਨ ਦੀ ਸਿਹਤ ਅਤੇ ਉਨ੍ਹਾਂ ਨੂੰ ਲੱਗੀਆਂ ਸੱਟਾਂ ਸਬੰਧੀ ਅਧਿਕਾਰਤ ਤੌਰ ’ਤੇ ਪੁਲਿਸ ਜਾਂ ਹਸਪਤਾਲ ਵੱਲੋਂ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
















