ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਹਾਲਾਤ ਬੇਹੱਦ ਤਣਾਅਪੂਰਨ: ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਨੂੰ ਰੋਕਣ ਲਈ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਛੱਡੇ ਅੱਥਰੂ ਗੈਸ ਦੇ ਗੋਲੇ
ਚੰਡੀਗੜ੍ਹ/ਮੋਹਾਲੀ, 15 ਅਗਸਤ 2026-
ਚੰਡੀਗੜ੍ਹ ਅਤੇ ਮੋਹਾਲੀ ਦੀ ਸਾਂਝੀ ਸਰਹੱਦ ‘ਤੇ ਉਸ ਸਮੇਂ ਹਾਲਾਤ ਬੇਹੱਦ ਤਣਾਅਪੂਰਨ ਹੋ ਗਏ, ਜਦੋਂ ਕੌਮੀ ਇਨਸਾਫ਼ ਮੋਰਚੇ ਦੇ ਵੱਲੋਂ ਚੰਡੀਗੜ੍ਹ ਵੱਲ ਵਿਸ਼ਾਲ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਦੁਆਰਾ ਲਗਾਏ ਗਏ ਸੁਰੱਖਿਆ ਬੈਰੀਕੇਡਾਂ ਨੂੰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੂੰ ਭਾਰੀ ਬਲ ਪ੍ਰਯੋਗ ਕਰਨਾ ਪਿਆ। ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਪੁਲਿਸ ਦੁਆਰਾ ਜਲ ਤੋਪਾਂ (ਪਾਣੀ ਦੀਆਂ ਬੁਛਾੜਾਂ) ਦੀ ਵਰਤੋਂ ਕੀਤੀ ਗਈ ਅਤੇ ਲਗਾਤਾਰ ਅੱਥਰੂ ਗੈਸ ਦੇ ਗੋਲੇ ਦਾਗੇ ਗਏ।
ਮਿਲੀ ਜਾਣਕਾਰੀ ਮੁਤਾਬਕ, ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋਣਾ ਚਾਹੁੰਦੇ ਸਨ। ਜਿਵੇਂ ਹੀ ਮੋਰਚੇ ਦਾ ਕਾਫ਼ਲਾ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਪੁੱਜਿਆ, ਉੱਥੇ ਪਹਿਲਾਂ ਤੋਂ ਹੀ ਵੱਡੀ ਗਿਣਤੀ ਵਿੱਚ ਤਾਇਨਾਤ ਪੁਲਿਸ ਬਲ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਟਰੈਕਟਰਾਂ ਦੀ ਮਦਦ ਨਾਲ ਪੁਲਿਸ ਦੁਆਰਾ ਲਗਾਏ ਗਏ ਭਾਰੀ ਬੈਰੀਕੇਡਾਂ ਨੂੰ ਹਟਾਉਣ ਅਤੇ ਤੋੜਨ ਦੀ ਕੋਸ਼ਿਸ਼ ਕੀਤੀ। ਟਰੈਕਟਰਾਂ ਦੇ ਪਿੱਛੇ ਬੈਰੀਕੇਡ ਬਾਨ੍ਹ ਕੇ ਉਨ੍ਹਾਂ ਨੂੰ ਖਿੱਚਦਿਆਂ ਅਤੇ ਹਟਾਉਂਦਿਆਂ ਮੋਰਚੇ ਦੇ ਸਮਰਥਕ ਸਾਫ਼ ਨਜ਼ਰ ਆਏ।
ਮੌਕੇ ‘ਤੇ ਮੌਜੂਦ ਪ੍ਰਤੱਖਦਰਸ਼ੀਆਂ ਅਨੁਸਾਰ, ਇਸ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੇ ਪੱਧਰ ‘ਤੇ ਨੌਜਵਾਨਾਂ ਦੇ ਹੱਥਾਂ ਵਿੱਚ ਮਾਰੂ ਹਥਿਆਰ ਅਤੇ ਹੋਰ ਵਸਤੂਆਂ ਵੀ ਨਜ਼ਰ ਆਈਆਂ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਮਾਈਕ ਰਾਹੀਂ ਪ੍ਰਦਰਸ਼ਨਕਾਰੀਆਂ ਨੂੰ ਵਾਰ-ਵਾਰ ਸ਼ਾਂਤੀ ਬਣਾਏ ਰੱਖਣ ਅਤੇ ਪਿੱਛੇ ਹਟਣ ਦੀ ਅਪੀਲ ਕੀਤੀ, ਪਰ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵਧਣ ‘ਤੇ ਅੜੇ ਰਹੇ। ਜਦੋਂ ਕੋਈ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹੋਇਆ, ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ।
ਹਾਲਾਤ ‘ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪੁਲਿਸ ਨੇ ਪਹਿਲਾਂ ਪਾਣੀ ਦੀਆਂ ਤੇਜ਼ ਬੁਛਾੜਾਂ ਛੱਡੀਆਂ ਅਤੇ ਇਸ ਤੋਂ ਬਾਅਦ ਅੱਥਰੂ ਗੈਸ ਦੇ ਗੋਲੇ ਦਾਗੇ। ਇਸ ਕਾਰਵਾਈ ਨਾਲ ਇੱਕ ਵਾਰ ਤਾਂ ਪ੍ਰਦਰਸ਼ਨਕਾਰੀਆਂ ਵਿੱਚ ਭਾਜੜ ਮਚ ਗਈ ਅਤੇ ਵੱਡੇ ਪੱਧਰ ‘ਤੇ ਲੋਕਾਂ ਨੂੰ ਪਿੱਛੇ ਵੱਲ ਧਕੇਲ ਦਿੱਤਾ ਗਿਆ। ਇੱਥੇ ਇੱਕ ਹੋਰ ਅਹਿਮ ਅਤੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਪੁਲਿਸ ਦੁਆਰਾ ਭੀੜ ਨੂੰ ਨਿਯੰਤਰਿਤ ਕਰਨ ਅਤੇ ਅੱਥਰੂ ਗੈਸ ਛੱਡਣ ਲਈ ਆਧੁਨਿਕ ਤਕਨਾਲੋਜੀ ਯਾਨੀ ਡਰੋਨਾਂ ਦੀ ਵਰਤੋਂ ਵੀ ਕੀਤੀ ਗਈ। ਡਰੋਨਾਂ ਰਾਹੀਂ ਉੱਪਰੋਂ ਅੱਥਰੂ ਗੈਸ ਦੇ ਗੋਲੇ ਪ੍ਰਦਰਸ਼ਨਕਾਰੀਆਂ ‘ਤੇ ਸੁੱਟੇ ਗਏ, ਤਾਂ ਜੋ ਭੀੜ ਨੂੰ ਖਿੰਡਾਇਆ ਜਾ ਸਕੇ।
ਬਾਰਡਰ ‘ਤੇ ਇਸ ਵੇਲੇ ਭਾਰੀ ਪੁਲਿਸ ਬਲ, ਸੀ.ਆਰ.ਪੀ.ਐੱਫ. ਅਤੇ ਹੋਰ ਸੁਰੱਖਿਆ ਏਜੰਸੀਆਂ ਦੀਆਂ ਟੁਕੜੀਆਂ ਤਾਇਨਾਤ ਹਨ। ਪੁਲਿਸ ਵੱਲੋਂ ਰੋਡ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਲਗਾਤਾਰ ਪਾਣੀ ਦੀਆਂ ਬੁਛਾੜਾਂ ਛੱਡੀਆਂ ਜਾ ਰਹੀਆਂ ਹਨ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ ਤਾਂ ਜੋ ਪ੍ਰਦਰਸ਼ਨਕਾਰੀ ਮੁੜ ਇੱਕਠੇ ਹੋ ਕੇ ਚੰਡੀਗੜ੍ਹ ਵੱਲ ਕੂਚ ਨਾ ਕਰ ਸਕਣ। ਬਾਰਡਰ ‘ਤੇ ਮੌਜੂਦ ਸਥਿਤੀ ਹਾਲੇ ਵੀ ਬੇਹੱਦ ਨਾਜ਼ੁਕ ਅਤੇ ਤਣਾਅਪੂਰਨ ਬਣੀ ਹੋਈ ਹੈ।
















