ਕੀ ਪੰਜਾਬ ਦੇ ਸਕੂਲਾਂ ‘ਚ ਭਲਕੇ ਰਹੇਗੀ ਛੁੱਟੀ? ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤਾ ਵੱਡਾ ਸਪਸ਼ਟੀਕਰਨ
ਚੰਡੀਗੜ੍ਹ, 20 ਅਗਸਤ 2026
ਕੌਮੀ ਇਨਸਾਫ਼ ਮੋਰਚੇ ਵੱਲੋਂ ਕੱਲ੍ਹ 21 ਅਗਸਤ ਨੂੰ ਦਿੱਤੀ ਗਈ ‘ਪੰਜਾਬ ਬੰਦ’ ਦੀ ਕਾਲ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀ ਹੋਣ ਜਾਂ ਨਾ ਹੋਣ ਨੂੰ ਲੈ ਕੇ ਬਣੇ ਭਰਮ-ਭੁਲੇਖੇ ‘ਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਥਿਤੀ ਪੂਰੀ ਤਰ੍ਹਾਂ ਸਾਫ਼ ਕਰ ਦਿੱਤੀ ਹੈ। ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਭਲਕੇ ਸੂਬੇ ਦੇ ਸਾਰੇ ਸਰਕਾਰੀ ਸਕੂਲ ਆਮ ਦਿਨਾਂ ਵਾਂਗ ਹੀ ਖੁੱਲ੍ਹੇ ਰਹਿਣਗੇ ਅਤੇ ਸਰਕਾਰੀ ਪੱਧਰ ‘ਤੇ ਕਿਸੇ ਵੀ ਤਰ੍ਹਾਂ ਦੀ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੱਲਬਾਤ ਕਰਦਿਆਂ ਆਖਿਆ ਕਿ ਬੰਦ ਦੀ ਕਾਲ ਦੇ ਬਾਵਜੂਦ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੜ੍ਹਾਈ ਦਾ ਕੰਮਕਾਜ ਨਿਰਵਿਘਨ ਜਾਰੀ ਰਹੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮੇਂ ਸਿਰ ਸਕੂਲ ਪਹੁੰਚਣ ਦੀ ਅਪੀਲ ਕੀਤੀ ਗਈ ਹੈ।
ਹਾਲਾਂਕਿ, ਗੈਰ-ਸਰਕਾਰੀ ਯਾਨੀ ਪ੍ਰਾਈਵੇਟ ਸਕੂਲਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਕੋਲ ਆਪਣੀਆਂ ਸਥਾਨਕ ਪਰਿਸਥਿਤੀਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਆਪੋ-ਆਪਣੇ ਪੱਧਰ ‘ਤੇ ਫੈਸਲਾ ਲੈਣ ਦਾ ਅਧਿਕਾਰ ਹੈ।
ਜ਼ਿਕਰਯੋਗ ਹੈ ਕਿ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਤੋਂ ਬਾਅਦ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਸਕੂਲ ਖੁੱਲ੍ਹਣ ਨੂੰ ਲੈ ਕੇ ਕਾਫ਼ੀ ਅਸਮੰਜਸ ਦੀ ਸਥਿਤੀ ਬਣੀ ਹੋਈ ਸੀ। ਸੋਸ਼ਲ ਮੀਡੀਆ ‘ਤੇ ਵੀ ਛੁੱਟੀ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਫੈਲ ਰਹੀਆਂ ਸਨ, ਜਿਸ ਤੋਂ ਬਾਅਦ ਸਿੱਖਿਆ ਮੰਤਰੀ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਮੰਤਰੀ ਦੇ ਇਸ ਸਪਸ਼ਟੀਕਰਨ ਨਾਲ ਹੁਣ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਗਈ ਹੈ। ਸਾਰੇ ਸਰਕਾਰੀ ਸਕੂਲ ਨਿਰਧਾਰਿਤ ਸਮੇਂ ਅਨੁਸਾਰ ਆਮ ਵਾਂਗ ਖੁੱਲ੍ਹਣਗੇ। ਪ੍ਰਾਈਵੇਟ ਸਕੂਲ ਪ੍ਰਬੰਧਕ ਸਥਾਨਕ ਹਾਲਾਤਾਂ ਮੁਤਾਬਕ ਛੁੱਟੀ ਜਾਂ ਸਕੂਲ ਖੋਲ੍ਹਣ ਬਾਰੇ ਆਪ ਫੈਸਲਾ ਲੈ ਸਕਦੇ ਹਨ।
ਦੂਜੇ ਪਾਸੇ ਪ੍ਰਸ਼ਾਸਨ ਨੇ ਆਮ ਲੋਕਾਂ ਅਤੇ ਮਾਪਿਆਂ ਨੂੰ ਸੋਸ਼ਲ ਮੀਡੀਆ ‘ਤੇ ਫੈਲਣ ਵਾਲੀਆਂ ਗਲਤ ਖ਼ਬਰਾਂ ‘ਤੇ ਯਕੀਨ ਨਾ ਕਰਨ ਦੀ ਸਲਾਹ ਦਿੱਤੀ ਹੈ। ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਆਮ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
















