ਸਾਵਧਾਨ! ਅੱਜ ਪੰਜਾਬ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਖ਼ਬਰ
ਚੰਡੀਗੜ੍ਹ, 21 ਅਗਸਤ 2026: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਵੱਲੋਂ ਦਿੱਤੇ ਸੱਦੇ ਅਨੁਸਾਰ ਸੂਬੇ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗਾ। ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਸਮੇਤ ਕਈ ਸੰਗਠਨਾਂ ਵੱਲੋਂ ਇਸ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਬਾਜ਼ਾਰਾਂ, ਹਾਈਵੇਅ ਅਤੇ ਜਨਤਕ ਆਵਾਜਾਈ ’ਤੇ ਅਸਰ ਪੈਣ ਦੀ ਸੰਭਾਵਨਾ ਹੈ।
ਕੌਮੀ ਇਨਸਾਫ਼ ਮੋਰਚੇ ਦਾ ਕਹਿਣਾ ਹੈ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਹ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਮੋਰਚੇ ਨੇ ਇਸ ਨੂੰ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਕਰਾਰ ਦਿੰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਮੋਰਚੇ ਦੇ ਕਨਵੀਨਰ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਬੰਦ ਦੌਰਾਨ ਸੂਬੇ ਦੇ ਵੱਖ-ਵੱਖ ਹਾਈਵੇਅ ’ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਟਰਾਂਸਪੋਰਟ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੁਪਹਿਰ 2 ਵਜੇ ਤੱਕ ਬੱਸਾਂ ਅਤੇ ਟਰੱਕਾਂ ਨੂੰ ਸੜਕਾਂ ’ਤੇ ਨਾ ਚਲਾਉਣ। ਹਾਲਾਂਕਿ ਐਂਬੂਲੈਂਸਾਂ ਅਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ ਹੈ। ਵਿਆਹ ਸਮਾਗਮਾਂ ਜਾਂ ਅੰਤਿਮ ਸੰਸਕਾਰ ਲਈ ਜਾਣ ਵਾਲੇ ਲੋਕਾਂ ਦੀ ਆਵਾਜਾਈ ਨੂੰ ਵੀ ਇਜਾਜ਼ਤ ਰਹੇਗੀ।
ਮੋਰਚੇ ਵੱਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਤੋਂ ਇਲਾਵਾ ਸਕੂਲਾਂ ਤੇ ਕਾਲਜਾਂ ਨੂੰ ਵੀ ਬੰਦ ਦੇ ਸਮਰਥਨ ਦੀ ਅਪੀਲ ਕੀਤੀ ਗਈ ਹੈ। ਇਸੇ ਤਰ੍ਹਾਂ ਉਦਯੋਗਿਕ ਖੇਤਰਾਂ ਵਿੱਚ ਵੀ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਬੰਦ ਦਾ ਮੁੱਖ ਉਦੇਸ਼ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਮੁੜ ਉਭਾਰਨਾ ਅਤੇ ਸਰਕਾਰਾਂ ’ਤੇ ਇਸ ਸਬੰਧੀ ਫੈਸਲਾ ਲੈਣ ਲਈ ਦਬਾਅ ਬਣਾਉਣਾ ਹੈ। ਸੂਬੇ ਵਿੱਚ ਬੰਦ ਦੇ ਪ੍ਰਭਾਵ ਕਾਰਨ ਲੋਕਾਂ ਨੂੰ ਦੁਪਹਿਰ 2 ਵਜੇ ਤੱਕ ਯਾਤਰਾ ਅਤੇ ਜ਼ਰੂਰੀ ਕੰਮਾਂ ਲਈ ਪਹਿਲਾਂ ਤੋਂ ਯੋਜਨਾ ਬਣਾਉਣੀ ਪੈ ਸਕਦੀ ਹੈ।
















