ਪੰਜਾਬ ਦੇ ਹਜ਼ਾਰਾਂ ਅਧਿਆਪਕ CM ਮਾਨ ਦੇ ਪਿੰਡ ਸਤੌਜ ‘ਚ ਲਾਉਣਗੇ ਮੋਰਚਾ, DTF ਵੱਲੋਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਡੀ ਟੀ ਐਫ਼ ਵੱਲੋਂ 23 ਅਗਸਤ ਦੀ ਸਤੌਜ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ… ਕਾਰਕੁਨ ਹਜ਼ਾਰਾਂ ਦੀ ਗਿਣਤੀ ਵਿੱਚ ਸਤੌਜ ਪਹੁੰਚਣਗੇ
ਚੰਡੀਗੜ੍ਹ 21 ਅਗਸਤ 2026
ਪੁਰਾਣੀ ਪੈਨਸ਼ਨ ਬਾਹਲੀ ਦੀ ਮੁੱਖ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿੱਚ ਕੀਤੀ ਜਾ ਰਹੀ ਰੈਲੀ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਹਜ਼ਾਰਾਂ ਕਾਰਕੁਨ ਪਹੁੰਚਣਗੇ।
ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਫਤਹਿਗੜ ਸਾਹਿਬ, ਲੁਧਿਆਣਾ, ਮਲੇਰਕੋਟਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਅਤੇ ਪਠਾਨਕੋਟ ਜਿਲਿਆ ਵਿੱਚ ਇਸ ਰੈਲੀ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਚੱਲ ਰਹੀਆਂ ਹਨ। ਇਹਨਾਂ ਜ਼ਿਲ੍ਹਿਆਂ ਵਿੱਚ ਆਗੂਆਂ ਦੀਆਂ ਟੀਮਾਂ ਇੱਕ ਇੱਕ ਸਕੂਲ ਵਿੱਚ ਜਾ ਕੇ ਅਧਿਆਪਕਾਂ ਨੂੰ ਇਸ ਰੈਲੀ ‘ਤੇ ਜਾਣ ਲਈ ਤਿਆਰ ਕਰ ਰਹੀਆਂ ਹਨ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਤੋਂ ਪਹਿਲਾ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਆ ਕੇ ਮੁਲਾਜ਼ਮਾਂ ਦੀਆਂ ਸਾਰਿਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕਰਦੇ ਸਨ।
ਪਰ ਹੁਣ ਸਾਢੇ ਚਾਰ ਬੀਤ ਜਾਣ ‘ਤੇ ਵੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨੀ, 18% ਪੈਂਡਿੰਗ ਡੀ.ਏ ਜਾਰੀ ਕਰਨਾ, 17 ਜੁਲਾਈ 2020 ਅਤੇ 15 ਜਨਵਰੀ 2015 ਦੇ ਮੁਲਾਜ਼ਮ ਮਾਰੂ ਪੱਤਰ ਰੱਦ ਕਰਨੇ, ਪੇਂਡੂ ਭੱਤੇ ਸਮੇਤ 37 ਤਰਾਂ ਦੇ ਭੱਤੇ ਬਹਾਲ ਕਰਨੇ, ਕੱਚੇ ਮੁਲਾਜ਼ਮ ਪੱਕੇ ਕਰਨੇ, ਪੇ ਕਮਿਸ਼ਨ ਦੇ ਬਕਾਏ ਜਾਰੀ ਕਰਨ ਵਰਗੀਆਂ ਮੰਗਾਂ ਜਿਉਂ ਦੀਆਂ ਤਿਉ ਪਈਆਂ ਹਨ।
ਆਗੂਆਂ ਨੇ ਕਿਹਾ ਕਿ 23 ਅਗਸਤ ਨੂੰ ਉਹ ਸਤੌਜ ਵਿਖੇ ਮੁੱਖ ਮੰਤਰੀ ਦੇ ਪਿੰਡ ਵਿੱਚ ਆਪਣੀਆਂ ਮੰਗਾਂ ਸੁਣਾਉਣਗੇ, ਕਿਉਂਕਿ ਚੰਡੀਗੜ੍ਹ ਅਤੇ ਸੰਗਰੂਰ ਵਿਚਲੀ ਰਿਹਾਇਸ਼ ‘ਤੇ ਪੁਲਿਸ ਲਾ ਕੇ ਆਮ ਆਦਮੀ ਪਾਰਟੀ ਦੇ ਇਹ ਮੁੱਖ ਮੰਤਰੀ ਖਾਸ ਬਣ ਗਏ ਹਨ। ਆਗੂਆਂ ਨੇ ਕਿਹਾ ਕਿ ਸਤੌਜ ਦੀ ਇਹ ਰੈਲੀ ਲਾ-ਮਿਸਾਲ ਹੋਵੇਗੀ।
















