ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ! 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ‘ਚ ਟੀਚਰ ਕਰਨਗੇ ਰੈਲੀ
ਡੀ ਟੀ ਐਫ਼ ਵੱਲੋਂ 23 ਅਗਸਤ ਦੀ ਸਤੌਜ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਡੀ ਟੀ ਐਫ਼ ਦੇ ਕਾਰਕੁਨ ਹਜ਼ਾਰਾਂ ਦੀ ਗਿਣਤੀ ਵਿੱਚ ਸਤੌਜ ਪਹੁੰਚਣਗੇ: ਨਮੋਲ/ਗੁਰਨੇ
ਸੰਗਰੂਰ, 21 ਅਗਸਤ 2026
ਪੁਰਾਣੀ ਪੈਨਸ਼ਨ ਬਹਾਲੀ ਦੀ ਮੁੱਖ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਹਜ਼ਾਰਾਂ ਕਾਰਕੁਨ ਪਹੁੰਚਣਗੇ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਕਿਹਾ ਕਿ ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਲੇਰਕੋਟਲਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਇਸ ਰੈਲੀ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਚੱਲ ਰਹੀਆਂ ਹਨ। ਇਹਨਾਂ ਜ਼ਿਲ੍ਹਿਆਂ ਵਿੱਚ ਆਗੂਆਂ ਦੀਆਂ ਟੀਮਾਂ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਇਸ ਰੈਲੀ ‘ਤੇ ਜਾਣ ਲਈ ਤਿਆਰ ਕਰ ਰਹੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੋਟਾਂ ਤੋਂ ਪਹਿਲਾ ਮੁਲਾਜ਼ਮਾਂ ਦੇ ਧਰਨਿਆਂ ਵਿੱਚ ਆ ਕੇ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕਰਦੇ ਸਨ ਪਰ ਹੁਣ ਸਾਢੇ ਚਾਰ ਬੀਤ ਜਾਣ ‘ਤੇ ਵੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨੀ, 18% ਪੈਂਡਿੰਗ ਡੀ ਏ ਜਾਰੀ ਕਰਨਾ, 17-07-2020 ਅਤੇ 15-01-2015 ਦੇ ਮੁਲਾਜ਼ਮ ਮਾਰੂ ਪੱਤਰ ਰੱਦ ਕਰਨੇ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨੇ, ਕੱਚੇ ਮੁਲਾਜ਼ਮ ਪੱਕੇ ਕਰਨੇ, ਪੇ ਕਮਿਸ਼ਨ ਦੇ ਬਕਾਏ ਜਾਰੀ ਕਰਨ ਵਰਗੀਆਂ ਮੰਗਾਂ ਜਿਉਂ ਦੀਆਂ ਤਿਉਂ ਲਮਕ ਰਹੀਆਂ ਹਨ।
ਆਗੂਆਂ ਨੇ ਕਿਹਾ ਕਿ 23 ਅਗਸਤ ਨੂੰ ਉਹ ਸਤੌਜ ਵਿਖੇ ਮੁੱਖ ਮੰਤਰੀ ਦੇ ਪਿੰਡ ਵਿੱਚ ਆਪਣੀਆਂ ਮੰਗਾਂ ਸੁਣਾਉਣਗੇ ਕਿਉਂਕਿ ਚੰਡੀਗੜ੍ਹ ਅਤੇ ਸੰਗਰੂਰ ਵਿਚਲੀ ਰਿਹਾਇਸ਼ ‘ਤੇ ਪੁਲਿਸ ਲਾ ਕੇ ਆਮ ਆਦਮੀ ਪਾਰਟੀ ਦੇ ਇਹ ਮੁੱਖ ਮੰਤਰੀ ਖਾਸ ਬਣ ਗਏ ਹਨ। ਆਗੂਆਂ ਨੇ ਕਿਹਾ ਕਿ ਸਤੌਜ ਦੀ ਇਹ ਰੈਲੀ ਲਾ-ਮਿਸਾਲ ਹੋਵੇਗੀ।
















