ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਅਧਿਆਪਕ ਨੂੰ ਮਿਲੇਗਾ ‘ਨੈਸ਼ਨਲ ਟੀਚਰਜ਼ ਐਵਾਰਡ’!
ਪਟਿਆਲਾ ਦੇ ਵਿਕਟੋਰੀਆ ਸਕੂਲ ਦੇ ਅਧਿਆਪਕ ਦਿਨੇਸ਼ ਕੁਮਾਰ ਨੇ ਜਿੱਤਿਆ ਨੈਸ਼ਨਲ ਟੀਚਰਜ਼ ਐਵਾਰਡ 2026
ਹਰਜੋਤ ਸਿੰਘ ਬੈਂਸ ਨੇ ਦਿਨੇਸ਼ ਕੁਮਾਰ ਨੂੰ ਦਿੱਤੀ ਵਧਾਈ; ਕਿਹਾ- ਇਹ ਪ੍ਰਾਪਤੀ ਪੂਰੇ ਪੰਜਾਬ ਦੇ ਅਧਿਆਪਕਾਂ ਲਈ ਪ੍ਰੇਰਨਾ ਸਰੋਤ
ਚੰਡੀਗੜ੍ਹ, 21 ਅਗਸਤ 2026- ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਅਤੇ ਉੱਚ ਮਿਆਰ ਨੂੰ ਹੋਰ ਮਜ਼ਬੂਤ ਕਰਦਿਆਂ ਪਟਿਆਲਾ ਦੇ ਇੱਕ ਮਿਹਨਤੀ ਅਧਿਆਪਕ ਨੇ ਸੂਬੇ ਦਾ ਨਾਂ ਪੂਰੇ ਦੇਸ਼ ਵਿੱਚ ਰੋਸ਼ਨ ਕੀਤਾ ਹੈ। ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਤਾਇਨਾਤ ਅਧਿਆਪਕ ਦਿਨੇਸ਼ ਕੁਮਾਰ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੇ ਵਿਲੱਖਣ ਅਤੇ ਮਿਸਾਲੀ ਯੋਗਦਾਨ ਲਈ ਵੱਕਾਰੀ ‘ਰਾਸ਼ਟਰੀ ਅਧਿਆਪਕ ਪੁਰਸਕਾਰ 2026′ (National Teachers’ Award 2026) ਆਪਣੇ ਨਾਮ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਰਾਸ਼ਟਰੀ ਅਧਿਆਪਕ ਪੁਰਸਕਾਰ ਦੇਸ਼ ਦੇ ਸਿੱਖਿਆ ਸ਼ਾਸਤਰੀਆਂ ਅਤੇ ਅਧਿਆਪਕਾਂ ਲਈ ਸਭ ਤੋਂ ਵੱਡੇ ਸਨਮਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਪੁਰਸਕਾਰ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ‘ਤੇ ਭਾਰਤ ਦੇ ਰਾਸ਼ਟਰਪਤੀ ਵਲੋਂ ਵਿਸ਼ੇਸ਼ ਯੋਗਦਾਨ, ਨਵੀਨਤਾਕਾਰੀ ਸਿੱਖਿਆ ਪ੍ਰਣਾਲੀ ਅਤੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਸਮਰਪਣ ਦਿਖਾਉਣ ਵਾਲੇ ਅਧਿਆਪਕਾਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ। ਦਿਨੇਸ਼ ਕੁਮਾਰ ਦੀ ਇਸ ਪ੍ਰਾਪਤੀ ਨੇ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜਾ ਦਿੱਤੀ ਹੈ।
ਇਸ ਸ਼ਾਨਦਾਰ ਪ੍ਰਾਪਤੀ ‘ਤੇ ਦਿਨੇਸ਼ ਕੁਮਾਰ ਨੂੰ ਦਿਲੀ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਦੀ ਪ੍ਰਸ਼ੰਸਾ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਅਧਿਆਪਕ ਦੀ ਨਹੀਂ, ਸਗੋਂ ਪੂਰੇ ਪੰਜਾਬ ਦੇ ਸਰਕਾਰੀ ਸਕੂਲ ਸਿਸਟਮ ਅਤੇ ਅਧਿਆਪਕ ਭਾਈਚਾਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਦਿਨੇਸ਼ ਕੁਮਾਰ ਨੂੰ ਸੂਬੇ ਦੇ ਸਮੁੱਚੇ ਅਧਿਆਪਕ ਵਰਗ ਲਈ ਇੱਕ ਵੱਡਾ ਪ੍ਰੇਰਨਾ ਸਰੋਤ ਕਰਾਰ ਦਿੱਤਾ।
ਹਰਜੋਤ ਸਿੰਘ ਬੈਂਸ ਨੇ ਆਪਣੇ ਬਿਆਨ ਵਿੱਚ ਕਿਹਾ, “ਰਾਸ਼ਟਰੀ ਪੱਧਰ ‘ਤੇ ਮਿਲੀ ਇਹ ਮਾਨਤਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਕਿੰਨਾ ਉੱਚਾ ਹੋ ਚੁੱਕਾ ਹੈ। ਇਹ ਸਾਡੇ ਅਧਿਆਪਕਾਂ ਦੀ ਅਣਥੱਕ ਮਿਹਨਤ ਅਤੇ ਸਮਰਪਣ ਭਾਵਨਾ ਦਾ ਨਤੀਜਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਅਧਿਆਪਕਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਸਿੱਖਿਆ ਮੰਤਰੀ ਨੇ ਅੱਗੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਵੱਡੀ ਰਾਸ਼ਟਰੀ ਪ੍ਰਾਪਤੀ ਨਾਲ ਸਮੁੱਚੇ ਅਧਿਆਪਕ ਭਾਈਚਾਰੇ ਦੇ ਹੌਸਲੇ ਬੁਲੰਦ ਹੋਣਗੇ। ਇਹ ਸਨਮਾਨ ਬਾਕੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਆਪਣੇ ਕੰਮ ਵਿੱਚ ਉੱਤਮਤਾ ਹਾਸਲ ਕਰਨ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਹੋਰ ਜ਼ਿਆਦਾ ਮਿਹਨਤ ਕਰਨ ਲਈ ਉਤਸ਼ਾਹਿਤ ਕਰੇਗਾ।
ਉਨ੍ਹਾਂ ਨੇ ਕਿਹਾ ਕਿ ਅਜਿਹੇ ਰਾਸ਼ਟਰੀ ਸਨਮਾਨ ਪੰਜਾਬ ਸਰਕਾਰ ਦੇ ਉਸ ਵਿਜ਼ਨ ਨੂੰ ਹੋਰ ਮਜ਼ਬੂਤੀ ਦਿੰਦੇ ਹਨ, ਜਿਸਦਾ ਮਨੋਰਥ ਹਰ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਅਧਿਆਪਕ ਹੀ ਇੱਕ ਪ੍ਰਗਤੀਸ਼ੀਲ ਅਤੇ ਸਮਰੱਥ ਸਮਾਜ ਦੇ ਅਸਲ ਨਿਰਮਾਤਾ ਹੁੰਦੇ ਹਨ, ਅਤੇ ਸਰਕਾਰ ਉਨ੍ਹਾਂ ਦੇ ਹਰ ਬਿਹਤਰ ਯਤਨ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ।
















