IMD Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਦਾ ਅਲਰਟ!
ਚੰਡੀਗੜ੍ਹ, 26 ਅਗਸਤ 2026:
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਬਦਲਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਪੈ ਸਕਦਾ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਕਾਰਨ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਮੌਸਮ ਵਿੱਚ ਅਚਾਨਕ ਤਬਦੀਲੀ ਲਈ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਕੇਂਦਰ, ਚੰਡੀਗੜ੍ਹ ਅਨੁਸਾਰ ਮੰਗਲਵਾਰ ਦੇ ਮੁਕਾਬਲੇ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ। ਹਾਲਾਂਕਿ, ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਰੀਬ 1.6 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਬਠਿੰਡਾ 38 ਡਿਗਰੀ ਸੈਲਸੀਅਸ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸਥਾਨ ਰਿਹਾ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਭ ਤੋਂ ਵੱਧ 58.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਸੰਗਰੂਰ ਵਿੱਚ 12.5 ਮਿਲੀਮੀਟਰ ਅਤੇ ਲੁਧਿਆਣਾ ਵਿੱਚ 8.9 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਮੋਹਾਲੀ, ਬਠਿੰਡਾ, ਗੁਰਦਾਸਪੁਰ, ਪਠਾਨਕੋਟ ਅਤੇ ਫਰੀਦਕੋਟ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪਿਆ, ਪਰ ਇਨ੍ਹਾਂ ਥਾਵਾਂ ਦੇ ਮੀਂਹ ਦੇ ਅੰਕੜੇ ਦਰਜ ਨਹੀਂ ਹੋ ਸਕੇ।
ਮੌਸਮ ਵਿੱਚ ਇਸ ਤਬਦੀਲੀ ਨਾਲ ਤਾਪਮਾਨ ਵਿੱਚ ਕੁਝ ਰਾਹਤ ਮਿਲਣ ਦੀ ਉਮੀਦ ਹੈ, ਜਦਕਿ ਮੀਂਹ ਕਾਰਨ ਕਈ ਸ਼ਹਿਰੀ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋਣ ਦੀ ਸਥਿਤੀ ਵੀ ਬਣ ਸਕਦੀ ਹੈ।
















