Join WhatsApp

Join Now

AAP ਦੇ ਬਾਗੀ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੀਡਰ ਅਕਾਲੀ ਦਲ ‘ਵਾਰਿਸ ਪੰਜਾਬ’ ਵਿੱਚ ਸ਼ਾਮਲ

On: ਅਗਸਤ 26, 2026 12:04 ਬਾਃ ਦੁਃ

 

AAP ਦੇ ਬਾਗੀ ਅਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਲੀਡਰ ਅਕਾਲੀ ਦਲ ‘ਵਾਰਿਸ ਪੰਜਾਬ’ ਵਿੱਚ ਸ਼ਾਮਲ

ਬਰਨਾਲਾ ਤੋਂ ਆਜ਼ਾਦ ਜ਼ਿਮਨੀ ਚੋਣ ਲੜ ਚੁੱਕੇ ਗੁਰਦੀਪ ਬਾਠ ਤੇ ਸਾਹਿਤਕਾਰ ਬਾਬਾ ਬੇਲੀ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ

ਚੰਡੀਗੜ੍ਹ, 26 ਅਗਸਤ 2026: ਪੰਜਾਬ ਦੀ ਸਿਆਸਤ ਵਿੱਚ ਆਪਣਾ ਆਧਾਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਬਰਨਾਲਾ ਤੋਂ ਆਜ਼ਾਦ ਜ਼ਿਮਨੀ ਚੋਣ ਲੜ ਚੁੱਕੇ ਗੁਰਦੀਪ ਸਿੰਘ ਬਾਠ ਅਤੇ ਸਾਹਿਤਕ ਖੇਤਰ ਦੀ ਜਾਣੀ-ਪਛਾਣੀ ਸ਼ਖ਼ਸੀਅਤ ਹਰਪ੍ਰੀਤ ਸਿੰਘ ‘ਬਾਬਾ ਬੇਲੀ’ ਨੇ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ। ਦੋਵਾਂ ਸ਼ਖ਼ਸੀਅਤਾਂ ਨੂੰ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਸਿਰੋਪਾਓ ਦੇ ਕੇ ਪਾਰਟੀ ਵਿੱਚ ਜੀ ਆਇਆਂ ਆਖਿਆ।

ਪਾਰਟੀ ਆਗੂਆਂ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ‘ਵਾਰਿਸ ਪੰਜਾਬ ਦੇ’ ਦਾ ਸਿਆਸੀ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਪਾਰਟੀ ਨਾਲ ਜੁੜ ਰਹੀਆਂ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੁਰਦੀਪ ਸਿੰਘ ਬਾਠ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦੀ ਲੀਡਰਸ਼ਿਪ ਹੇਠ ਪੰਜਾਬ ਦੇ ਹੱਕਾਂ ਦੀ ਪੂਰੀ ਤਰ੍ਹਾਂ ਰਾਖੀ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕਰਨ ਵਾਲੀ ਸੋਚ ਕਾਰਨ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ।

ਉਨ੍ਹਾਂ ਅਨੁਸਾਰ ਪੰਜਾਬ ਨੂੰ ਅਜਿਹੀ ਮਜ਼ਬੂਤ ਸਿਆਸੀ ਧਿਰ ਅਤੇ ਅਗਵਾਈ ਦੀ ਲੋੜ ਹੈ, ਜੋ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇ। ‘ਬਾਬਾ ਬੇਲੀ’ ਨੇ ਕਿਹਾ ਕਿ ਪੰਜਾਬ ਅਜਿਹੀ ਲੀਡਰਸ਼ਿਪ ਦੀ ਭਾਲ ਕਰ ਰਿਹਾ ਹੈ, ਜੋ ਸੂਬੇ ਨੂੰ ਕਰਜ਼ੇ, ਨਸ਼ਿਆਂ ਅਤੇ ਸਿਆਸੀ ਸਵਾਰਥਾਂ ਵਿੱਚੋਂ ਬਾਹਰ ਕੱਢਣ ਲਈ ਦੂਰਅੰਦੇਸ਼ੀ ਰੱਖਦੀ ਹੋਵੇ। ਉਨ੍ਹਾਂ ਕਿਹਾ ਕਿ ‘ਵਾਰਿਸ ਪੰਜਾਬ ਦੇ’ ਮੌਜੂਦਾ ਸਮੇਂ ਵਿੱਚ ਪੰਜਾਬ ਅਤੇ ਪੰਥ ਨਾਲ ਜੁੜੇ ਮੁੱਦਿਆਂ ’ਤੇ ਪਹਿਰਾ ਦੇਣ ਵਾਲੀ ਸਿਆਸੀ ਧਿਰ ਵਜੋਂ ਕੰਮ ਕਰ ਰਹੀ ਹੈ।

ਬਾਪੂ ਤਰਸੇਮ ਸਿੰਘ ਨੇ ਦੋਵਾਂ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਤਜਰਬੇ ਅਤੇ ਕੰਮ ਕਰਨ ਦੇ ਜਜ਼ਬੇ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਮਨਪ੍ਰੀਤ ਸਿੰਘ ਇਯਾਲੀ ਨੇ ਦਾਅਵਾ ਕੀਤਾ ਕਿ ‘ਵਾਰਿਸ ਪੰਜਾਬ ਦੇ’ ਨੂੰ ਪੰਜਾਬੀਆਂ ਅਤੇ ਖਾਸ ਕਰਕੇ ਨੌਜਵਾਨਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਪੰਜਾਬ ਅਜਿਹੀ ਸਿਆਸੀ ਅਗਵਾਈ ਚਾਹੁੰਦਾ ਹੈ, ਜੋ ਸੂਬੇ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਨੂੰ ਤਰਜੀਹ ਦੇਵੇ।

ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਪੰਜਾਬ ਵਿੱਚ ਇੱਕ ਵੱਡੇ ਸਿਆਸੀ ਵਿਕਲਪ ਵਜੋਂ ਉੱਭਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਪੰਥਕ ਇਕੱਠ ਪੰਜਾਬ ਦੀ ਸਿਆਸੀ ਤਸਵੀਰ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ।

 

Leave a Comment